JE arrested by : ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਜੂਨੀਅਰ ਇੰਜੀਨੀਅਰ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਦੇ ਸਬ-ਡਵੀਜ਼ਨ ਪੀਐਸਪੀਸੀਐਲ ਮੌੜ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਮਨਮੋਹਨ ਸਿੰਘ ਨੂੰ ਵਿਜੀਲੈਂਸ ਟੀਮ ਵੱਲੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸ਼ਿਕਾਇਤ ਬਠਿੰਡਾ ਜ਼ਿਲ੍ਹੇ ਦੇ ਪਿੰਡ ਜੋਧਪੁਰ ਪਾਕਰ ਨਿਵਾਸੀ ਦਲਜੀਤ ਸਿੰਘ ਵੱਲੋਂ ਕੀਤੀ ਗਈ ਹੈ।
ਸ਼ਿਕਾਇਤਕਰਤਾ ਨੇ ਦੱਸਿਆ ਕਿ ਜੂਨੀਅਰ ਇੰਜੀਨੀਅਰ ਵੱਲੋਂ ਉਸ ਦੇ ਟਿਊਬਵੈਲ ਵਿਖੇ ਨਵਾਂ ਟਰਾਂਸਫਾਰਮਰ ਸਥਾਪਤ ਕਰਨ ਲਈ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ। ਉਸ ਨੇ ਵੀਬੀ ਤੱਕ ਪਹੁੰਚ ਕੀਤੀ ਹੈ ਅਤੇ ਦੋਸ਼ ਲਾਇਆ ਹੈ ਕਿ ਉਪਰੋਕਤ ਦੱਸਿਆ ਗਿਆ ਜੂਨੀਅਰ ਇੰਜੀਨੀਅਰ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤ ਦੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਦੋਸ਼ੀ ਜੂਨੀਅਰ ਇੰਜੀਨੀਅਰ ਨੂੰ ਮੌਕੇ ‘ਤੇ ਹੀ ਗ੍ਰਿਫਤਾਰ ਕਰ ਲਿਆ ਗਿਆ ਜਦੋਂਕਿ ਉਸ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਪੜਤਾਲ ਜਾਰੀ ਹੈ।