ਪੰਜਾਬ ਵਿਚ ਗੈਰ-ਕਾਨੂੰਨੀ ਰੇਤ ਮਾਈਨਿੰਗ ਮਾਮਲੇ ਵਿਚ ਈ.ਡੀ. ਵਲੋਂ ਬੀਤੇ ਦਿਨ ਛਾਪਿਆਂ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਦੇ ਘਰੋਂ ਕਰੀਬ 8 ਕਰੋੜ ਰੁਪਏ ਸਣੇ ਕੁੱਲ 10 ਕਰੋੜ ਦੀ ਨਕਦੀ ਜ਼ਬਤ ਕਰਨ ਦਾ ਦਾਅਵਾ ਕੀਤਾ ਗਿਆ ਹੈ ਤੇ ਵੱਖ-ਵੱਖ ਵਿਰੋਧੀ ਪਾਰਟੀਆਂ ਵਲੋਂ ਮੁੱਖ ਮੰਤਰੀ ਤੋਂ ਅਸਤੀਫ਼ੇ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਹੁਣ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਇਕ ਟਵੀਟ ਕੀਤਾ ਹੈ। ਇਸ ਵਿਚ ਉਨ੍ਹਾਂ ਕਿਹਾ ਹੈ ਕਿ ‘ਚੰਨੀ ਆਮ ਆਦਮੀ ਨਹੀਂ, ਬੇਈਮਾਨ ਆਦਮੀ ਹੈ।’
ਦੂਜੇ ਪਾਸੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਾਅਵਾ ਕੀਤਾ ਹੈ ਕਿ ਈ. ਡੀ. ਵੱਲੋਂ ਕੀਤੀ ਗਈ ਇਹ ਕਾਰਵਾਈ ਬਦਲੇ ਤਹਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਫੇਰੀ ਦਾ ਬਦਲਾ ਲਿਆ ਜਾ ਰਿਹਾ ਹੈ। ਚੰਨੀ ਨੇ ਕਿਹਾ ਕਿ ਬੰਗਾਲ ਚੋਣਾਂ ਤੋਂ ਪਹਿਲਾਂ ਮਮਤਾ ਬੈਨਰਜੀ ਦੇ ਰਿਸ਼ਤੇਦਾਰਾਂ ਦੇ ਟਿਕਾਣਿਆਂ ’ਤੇ ਵੀ ਈਡੀ ਦੇ ਛਾਪੇ ਪਏ ਸਨ। ਇਹ ਕਾਰਵਾਈ ਵੀ ਉਸੇ ਤਰ੍ਹਾਂ ਦੀ ਹੈ ਪਰ ਅਸੀਂ ਇਸ ਤੋਂ ਘਬਰਾਉਣ ਵਾਲੇ ਨਹੀਂ ਹਾਂ। ਨਾਜਾਇਜ਼ ਮਾਈਨਿੰਗ ਦੇ ਦੋਸ਼ ਬੇਬੁਨਿਆਦ ਹਨ। ਈਡੀ ਨੂੰ ਜਾਂਚ ’ਚ ਕੁਝ ਵੀ ਹਾਸਲ ਨਹੀਂ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਗੌਰਤਲਬ ਹੈ ਕਿ ਪੰਜਾਬ ’ਚ ਨਾਜਾਇਜ਼ ਮਾਈਨਿੰਗ ਹਮੇਸ਼ਾ ਤੋਂ ਹੀ ਵੱਡਾ ਮੁੱਦਾ ਰਿਹਾ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਕਾਰਜਕਾਲ ’ਚ ਹੈਲੀਕਾਪਟਰ ਰਾਹੀਂ ਦੌਰਾ ਕਰ ਕੇ ਇਸ ਮੁੱਦੇ ਨੂੰ ਹੋਰ ਹਵਾ ਦਿੱਤੀ ਸੀ। ਇਸ ਪਿੱਛੋਂ ਪ੍ਰਸ਼ਾਸਨ ਨੇ ਕਈ ਲੋਕਾਂ ’ਤੇ ਕਾਰਵਾਈ ਕੀਤੀ ਸੀ। ਉਸ ਵੇਲੇ ਚੰਨੀ ਤਕਨੀਕੀ ਸਿੱਖਿਆ ਮੰਤਰੀ ਸਨ। ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵੀ ਇਹ ਮਾਮਲਾ ਉਠਾਇਆ ਸੀ। ਪੰਜਾਬ ’ਚ ਆਮ ਆਦਮੀ ਪਾਰਟੀ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਸੀਐੱਮ ਚੰਨੀ ਦੇ ਵਿਧਾਨ ਸਭਾ ਹਲਕੇ ਚਮਕੌਰ ਸਾਹਿਬ ’ਚ ਨਾਜਾਇਜ਼ ਰੇਤ ਮਾਈਨਿੰਗ ਦੇ ਦੋਸ਼ ਲਾਏ ਸਨ।