ਚੰਡੀਗੜ੍ਹ : ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਉਂਦੇ ਹੋਏ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਫਸਲਾਂ ਦੀ ਰਹਿੰਦ ਖੂੰਦ ਦੀ ਸਾਂਭ ਸੰਭਾਲ ਲਈ ਵੰਡੀਆਂ ਮਸ਼ੀਨਾ ਵਿਚ 150 ਕੋਰੜ ਰੁਪਏ ਦੇ ਘਪਲੇ ਸਬੰਧੀ ਵਿਜੀਲੈਂਸ ਜਾਂਚ ਦੇ ਹੁਕਮ ਦਿੱਤੇ। ਵਿਭਾਗੀ ਜਾਂਚ ਦੌਰਾਨ ਵੰਡੀਆਂ ਗਈਆਂ 90422 ਮਸ਼ੀਨਾਂ ਵਿਚੋਂ 13 ਫੀਸਦੀ ਤੋਂ ਵੱਧ ਲਾਭਪਾਤਰੀਆਂ ਕੋਲ ਮਸ਼ੀਨਾਂ ਨਹੀਂ ਪਹੁੰਚੀਆਂ।
ਇਸ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ ਅਤੇ ਇਸ ਸਬੰਧੀ ਫਾਈਲ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤੀ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਲ 2018-19 ਤੋਂ ਸਾਲ 2021-22 ਤੱਕ ਸੈਂਟਰਲ ਸੈਕਟਰ ਸਕੀਮ ਪ੍ਰਮੋਸ਼ਨ ਆਫ ਐਗਰੀਕਲਚਰ ਮੈਕੇਨਾਈਜੇਸ਼ਨ ਫਾਰ ਇੰਸੀਟੂ ਮੈਨੇਜਮੈਂਟ ਆਫ ਕਰੌਪ ਰੈਜ਼ੀਡਿਊ (ਸੀ.ਆਰ.ਐਮ.) ਨੂੰ ਲਾਗੂ ਕੀਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਸਾਲ 2018-19 ਤੋਂ ਸਾਲ 2021-22 ਤੱਕ ਲਾਭਪਾਤਰੀ ਕਿਸਾਨਾਂ/ਰਜਿਸਟਰਡ ਕਿਸਾਨ ਗਰੁੱਪਾਂ/ਸਹਿਕਾਰੀ ਸਭਾਵਾਂ/ਐੱਫ.ਪੀ.ਓਜ਼ ਅਤੇ ਪੰਚਾਇਤਾਂ ਨੂੰ ਕੁੱਲ 90422 ਵੱਖ-ਵੱਖ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਨ੍ਹਾਂ ਮਸ਼ੀਨਾਂ ਵਿੱਚੋਂ 83986 ਮਸ਼ੀਨਾਂ ਖੇਤੀਬਾੜੀ ਵਿਭਾਗ ਵੱਲੋਂ ਅਤੇ ਬਾਕੀ ਮਸ਼ੀਨਾਂ ਰਜਿਸਟਰਡ ਸਹਿਕਾਰੀ ਸਭਾਵਾਂ ਵੱਲੋਂ ਮੁਹੱਈਆ ਕਰਵਾਈਆਂ ਗਈਆਂ ਹਨ।
ਇਹ ਵੀ ਪੜ੍ਹੋ : ਕੇਂਦਰ ਨੇ ਉਦਯੋਗਪਤੀ ਗੌਤਮ ਅਡਾਨੀ ਨੂੰ ‘ਜ਼ੈੱਡ’ ਸ਼੍ਰੇਣੀ ਦੀ ਸੁਰੱਖਿਆ ਦਿੱਤੀ
ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਸਕੀਮ ਬਾਰੇ ਕਈ ਪਾਸਿਆਂ ਤੋਂ ਪ੍ਰਾਪਤ ਰਿਪੋਰਟਾਂ ਕਿ ਸਕੀਮ ਅਧੀਨ ਸਬਸਿਡੀ ‘ਤੇ ਮੁਹੱਈਆ ਕਰਵਾਈਆਂ ਗਈਆਂ ਮਸ਼ੀਨਾਂ ਯੋਗ ਕਿਸਾਨਾਂ ਨੂੰ ਉਪਲਬਧ ਨਹੀਂ ਕਰਵਾਈਆਂ ਗਈਆਂ। ਉਨ੍ਹਾਂ ਨੇ ਖੇਤੀਬਾੜੀ ਵਿਭਾਗ ਨੂੰ ਹਦਾਇਤ ਕੀਤੀ ਕਿ ਸਾਲ 2018-19 ਤੋਂ ਸਾਲ 2021-22 ਤੱਕ ਸਕੀਮ ਅਧੀਨ ਮੁਹੱਈਆ ਕਰਵਾਈਆਂ ਗਈਆਂ ਮਸ਼ੀਨਾਂ ਦੇ ਕਬਜ਼ੇ ਦੀ ਭੌਤਿਕ ਪੜਤਾਲ ਕਰਵਾਈ ਜਾਵੇ।
ਵੀਡੀਓ ਲਈ ਕਲਿੱਕ ਕਰੋ -:
“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “
ਖੇਤੀਬਾੜੀ ਮੰਤਰੀ ਨੇ ਖੁਲਾਸਾ ਕੀਤਾ ਕਿ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਗਈਆਂ 83,986 ਮਸ਼ੀਨਾਂ ਵਿੱਚੋਂ 79,295 ਮਸ਼ੀਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ 16 ਅਗਸਤ, 2022 ਤੱਕ ਕੀਤੀ ਜਾ ਚੁੱਕੀ ਹੈ, ਜੋ ਕਿ ਕੁੱਲ ਮਸ਼ੀਨਾਂ ਦਾ 94.4 ਫੀਸਦੀ ਹੈ। ਇਨ੍ਹਾਂ ਤਸਦੀਕਸ਼ੁਦਾ ਮਸ਼ੀਨਾਂ ਵਿੱਚੋਂ ਕੁੱਲ 11275 ਮਸ਼ੀਨਾਂ (13%) ਲਾਭਪਾਤਰੀਆਂ ਨੂੰ ਉਪਲਬਧ ਨਹੀਂ ਹਨ। ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਵਿਭਾਗ ਵੱਲੋਂ ਕੀਤੀ ਮੁਢਲੀ ਜਾਂਚ ਦੌਰਾਨ 125 ਤੋਂ 150 ਕਰੋੜ ਰੁਪਏ ਦੀ ਦੁਰਵਰਤੋਂ ਹੋਈ ਜਾਪਦੀ ਹੈ। ਉਨ੍ਹਾਂ ਨੇ ਦੋਸ਼ੀਆਂ ਖਿਲਾਫ ਕਾਰਵਾਈ ਸ਼ੁਰੂ ਕਰਨ ਲਈ ਬਾਰੀਕੀ ਨਾਲ ਜਾਂਚ ਦੇ ਹੁਕਮ ਦਿੱਤੇ ਹਨ। ਮਾਨ ਸਰਕਾਰ ਨੇ ਪਿਛਲੀਆਂ ਸਰਕਾਰਾਂ ਵਿੱਚ ਕੀਤੇ ਘਪਲਿਆਂ ਦਾ ਪਰਦਾਫਾਸ਼ ਕਰਨ ਲਈ ਚਾਰਜ ਸੰਭਾਲਦਿਆਂ ਹੀ ਪਹਿਲੇ ਦਿਨ ਤੋਂ ਸ਼ਿਕੰਜਾ ਕੱਸਣ ਦੇ ਹੁਕਮ ਦਿੱਤੇ ਹਨ।