ਲੁਧਿਆਣਾ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੁੱਧਵਾਰ ਨੂੰ ਬੁੱਢੇ ਨਾਲੇ ਦੇ ਪੁਨਰ-ਸੁਰਜੀਤੀ ਪ੍ਰਾਜੈਕਟ ਨੂੰ ਮਿਸ਼ਨ ਮੋਡ ‘ਤੇ ਪੂਰਾ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਬੁੱਢੇ ਨਾਲੇ ਨੂੰ ਬੁੱਢੇ ਦਰਿਆ ਵਿੱਚ ਤਬਦੀਲ ਕਰਨ ਲਈ ਵਿਧਾਨ ਸਭਾ ਦੀ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਜਲਘਰ ਵਿੱਚ ਪ੍ਰਦੂਸ਼ਣ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਏਗੀ।
ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਦੀ ਅਗਵਾਈ ਹੇਠ ਬਣੀ 7 ਮੈਂਬਰੀ ਕਮੇਟੀ ਨੂੰ ਘੱਗਰ ਦਰਿਆ ਦੀ ਸਫ਼ਾਈ ਯਕੀਨੀ ਬਣਾਉਣ ਦਾ ਹੁਕਮ ਵੀ ਹੋਵੇਗਾ। ਵਿਧਾਇਕ ਮਦਨ ਲਾਲ ਬੱਗਾ, ਗੁਰਪ੍ਰੀਤ ਸਿੰਘ ਬਣਾਂਵਾਲੀ, ਬੀਰਇੰਦਰ ਗੋਇਲ, ਕੁਲਵੰਤ ਸਿੰਘ ਸਿੱਧੂ, ਮਨਪ੍ਰੀਤ ਸਿੰਘ ਇਆਲੀ ਅਤੇ ਸੰਦੀਪ ਜਾਖੜ ਕਮੇਟੀ ਦੇ ਮੈਂਬਰ ਹੋਣਗੇ।
ਵਲੀਪੁਰ, ਗੌਂਸਪੁਰ ਅਤੇ ਹੋਰ ਪਿੰਡਾਂ ਵਿੱਚ ਬੁੱਢੇ ਨਾਲੇ ਦੇ ਨਾਲ-ਨਾਲ ਵੱਖ-ਵੱਖ ਪੁਆਇੰਟਾਂ ਦਾ ਨਿਰੀਖਣ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕਿਹਾ ਕਿ ਪ੍ਰਦੂਸ਼ਣ ਫੈਲਾਉਣਾ ਕਿਸੇ ਵੀ ਰੂਪ ਵਿੱਚ ਮਨੁੱਖਤਾ ਵਿਰੁੱਧ ਅਪਰਾਧ ਹੈ ਅਤੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਮੁੱਖ ਤਰਜੀਹਾਂ ‘ਚੋਂ ਵਾਤਾਵਰਨ ਦੀ ਸੰਭਾਲ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਦੇ ਜਲ ਸਰੋਤਾਂ ਨੂੰ ਸਾਫ਼ ਕਰਨ ਦੇ ਨਾਲ-ਨਾਲ ਕੀਮਤੀ ਕੁਦਰਤੀ ਸਰੋਤਾਂ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ।
ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਮਦਨ ਲਾਲ ਬੱਗਾ, ਜੀਵਨ ਸਿੰਘ ਸੰਗੋਵਾਲ, ਹਰਦੀਪ ਸਿੰਘ ਮੁੰਡੀਆ ਦੇ ਨਾਲ ਸਪੀਕਰ ਨੇ ਕਿਹਾ ਕਿ ਵਿਧਾਨ ਸਭਾ ਦੀ ਕਮੇਟੀ ਬੁੱਢੇ ਨਾਲੇ ਅਤੇ ਘੱਗਰ ਦਰਿਆ ਦੀ ਸਥਿਤੀ ਦਾ ਬਾਰੀਕੀ ਨਾਲ ਮੁਆਇਨਾ ਕਰੇਗੀ, ਕੰਮਕਾਜ ਅਤੇ ਐਸਟੀਪੀਜ਼ ਦੀ ਸਥਾਪਨਾ ਅਤੇ ਹੋਰ ਪ੍ਰੋਜੈਕਟਾਂ ਦੀ ਸਮੀਖਿਆ ਕਰੇਗੀ। ਦੋਵਾਂ ਜਲ ਧਾਰਾਵਾਂ ਨੂੰ ਮੁੜ ਸੁਰਜੀਤ ਕਰਨ ਲਈ ਆਪਣੀਆਂ ਸਿਫ਼ਾਰਸ਼ਾਂ ਸਮੇਤ ਵਿਸਤ੍ਰਿਤ ਰਿਪੋਰਟ ਸਰਕਾਰ ਨੂੰ ਸੌਂਪੇਗੀ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਗੰਧਲਾ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਮਿਸਾਲੀ ਸਜ਼ਾ ਵੀ ਯਕੀਨੀ ਬਣਾਈ ਜਾਵੇਗੀ।
ਸੰਧਵਾਂ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਨੂੰ ਬੁੱਢਾ ਦਰਿਆ ਵਿੱਚ ਭਾਰੀ ਧਾਤਾਂ ਛੱਡਣ ਵਾਲੇ ਉਦਯੋਗਾਂ ਦੀ ਸ਼ਨਾਖਤ ਕਰਕੇ ਇੱਕ ਮਹੀਨੇ ਵਿੱਚ ਰਿਪੋਰਟ ਸੌਂਪਣ ਦੇ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ, ਉਨ੍ਹਾਂ ਨੇ ਗੌਂਸਪੁਰ ਪਿੰਡ ਵਿੱਚ ਪੀਜੀਆਈ ਦੁਆਰਾ ਲੋਕਾਂ, ਖੇਤੀਬਾੜੀ, ਪਸ਼ੂਆਂ ਅਤੇ ਹੋਰਾਂ ਦੀ ਸਿਹਤ ‘ਤੇ ਪਲੀਤ ਪਾਣੀ ਦੇ ਪ੍ਰਭਾਵਾਂ ਬਾਰੇ ਵਾਤਾਵਰਣ ਅਧਿਐਨ ਕਰਨ ਦਾ ਵੀ ਐਲਾਨ ਕੀਤਾ।
ਸਪੀਕਰ ਨੇ ਬੁੱਢਾ ਦਰਿਆ ਅਤੇ ਘੱਗਰ ਦਰਿਆ ਦੇ ਪੁਨਰ-ਸੁਰਜੀਤੀ ਨੂੰ ਇੱਕ ਲੋਕ ਲਹਿਰ ਬਣਾਉਣ ਦਾ ਵੀ ਸੱਦਾ ਦਿੱਤਾ ਅਤੇ ਕਿਹਾ ਕਿ ਦੋਵੇਂ ਜਲ ਧਾਰਾਵਾਂ ਦੀ ਸਫਾਈ ਲਈ ਸਮਾਜ ਦੇ ਵੱਖ-ਵੱਖ ਵਰਗਾਂ ਤੋਂ ਮਿਲ ਰਹੇ ਸੁਝਾਵਾਂ ਦਾ ਧਿਆਨ ਨਾਲ ਅਧਿਐਨ ਕੀਤਾ ਜਾਵੇਗਾ। ਬਾਅਦ ਵਿੱਚ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ 650 ਕਰੋੜ ਰੁਪਏ ਦੇ ਬੁੱਢੇ ਨਾਲੇ ਦੇ ਪੁਨਰ-ਸੁਰਜੀਤੀ ਪ੍ਰੋਜੈਕਟ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਇਸ ਮੌਕੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਡਾ: ਕੌਸਤਭ ਸ਼ਰਮਾ, ਨਗਰ ਨਿਗਮ ਕਮਿਸ਼ਨਰ ਡਾ: ਸ਼ੇਨਾ ਅਗਰਵਾਲ, ਐਸ.ਐਸ.ਪੀ ਲੁਧਿਆਣਾ ਦਿਹਾਤੀ ਦੀਪਕ ਹਿਲੋਰੀ, ਏ.ਡੀ.ਸੀ (ਪੇਂਡੂ ਵਿਕਾਸ) ਅਮਿਤ ਕੁਮਾਰ ਪੰਚਾਲ, ਵਧੀਕ ਨਗਰ ਨਿਗਮ ਕਮਿਸ਼ਨਰ ਆਦਿਤਿਆ ਡਚਲਵਾਲ, ਨਰੋਆ ਪੰਜਾਬ ਦੇ ਮੁਖੀ ਗੁਰਪ੍ਰੀਤ ਸਿੰਘ , ਐਰ. ਜਸਕੀਰਤ ਸਿੰਘ, ਕਪਿਲ ਅਰੋੜਾ ਤੇ ਹੋਰ ਹਾਜ਼ਰ ਸਨ ।