ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ ’ਤੇ ਆਨਲਾਈਨ ਕੈਸੀਨੋ ਚਲਾਉਣ ਦਾ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅਧਿਕਾਰੀਆਂ ਨੂੰ ਕਾਨੂੰਨੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਅਭਿਨੇਤਰੀ ਉਰਫੀ ਜਾਵੇਦ ਅਤੇ ਹਿੰਦੁਸਤਾਨੀ ਭਾਊ ਵੀ ਵਿਵਾਦਾਂ ਵਿੱਚ ਘਿਰ ਗਏ ਹਨ। ਦਰਅਸਲ, ਇਹ ਦੋਵੇਂ ਇਸ ਕੈਸੀਨੋ ਨੂੰ ਪ੍ਰਮੋਟ ਕਰ ਰਹੇ ਹਨ। ਹੁਣ ਉਨ੍ਹਾਂ ਨੂੰ ਕਾਨੂੰਨੀ ਨੋਟਿਸ ਵੀ ਭੇਜਿਆ ਜਾ ਰਿਹਾ ਹੈ।
ਇਸ ਨੂੰ ਚਲਾਉਣ ਵਾਲੇ ਪ੍ਰਬੰਧਕਾਂ ਖਿਲਾਫ ਸੋਮਵਾਰ ਨੂੰ ਕਾਨੂੰਨੀ ਨੋਟਿਸ ਜਾਰੀ ਕੀਤਾ ਜਾਵੇਗਾ। ਜਾਣਕਾਰੀ ਮੁਤਾਬਕ ਸੋਸ਼ਲ ਮੀਡੀਆ ‘ਤੇ ਇਕ ਕੈਸੀਨੋ ਦਾ ਇਸ਼ਤਿਹਾਰ ਚੱਲ ਰਿਹਾ ਹੈ। ਇਸ ਦਾ ਨਾਂ ਗੁਰੂ ਨਾਨਕ ਆਨਲਾਈਨ ਬੁੱਕ ਹੈ।
ਇਸ ‘ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਵੀ ਲਗਾਈ ਗਈ ਹੈ। ਇਸ ‘ਤੇ ਇਕ ਓਂਕਾਰ ਧਾਰਮਿਕ ਚਿੰਨ੍ਹ ਵੀ ਲਗਾਇਆ ਗਿਆ ਹੈ। ਅਭਿਨੇਤਰੀ ਉਰਫੀ ਜਾਵੇਦ ਅਤੇ ਹਿੰਦੁਸਤਾਨੀ ਭਾਊ ਇਸ ਨੂੰ ਪ੍ਰਮੋਟ ਕਰ ਰਹੇ ਹਨ। ਵੱਖ-ਵੱਖ ਸੰਗਠਨਾਂ ਦੇ ਵਿਰੋਧ ‘ਤੇ ਇੰਸਟਾਗ੍ਰਾਮ ਨੇ ਵਿਗਿਆਪਨ ਨੂੰ ਹਟਾ ਦਿੱਤਾ। ਸੰਗਤ ਨੇ ਸ਼੍ਰੋਮਣੀ ਕਮੇਟੀ ਨੂੰ ਸ਼ਿਕਾਇਤ ਕੀਤੀ।
ਇਹ ਵੀ ਪੜ੍ਹੋ : ‘ਨੌਜਵਾਨਾਂ ਨੂੰ ਰੁਜ਼ਗਾਰ ਦੇ ਕਾਬਲ ਬਣਾਉਣ ਲਈ ਉਚੇਰੀ ਸਿੱਖਿਆ ‘ਚ ਵੱਡੇ ਸੁਧਾਰਾਂ ਦੀ ਸ਼ੁਰੂਆਤ’- ਮੀਤ ਹੇਅਰ
ਹੁਣ ਸ਼੍ਰੋਮਣੀ ਕਮੇਟੀ ਨੇ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ, ਕਿਉਂਕਿ ਇਸ ਰਾਹੀਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਸ਼੍ਰੋਮਣੀ ਕਮੇਟੀ ਦੇ ਉਪ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਸੋਸ਼ਲ ਮੀਡੀਆ ’ਤੇ ਕੈਸੀਨੋ ਦੀ ਇਸ਼ਤਿਹਾਰਬਾਜ਼ੀ ਸਬੰਧੀ ਸ਼੍ਰੋਮਣੀ ਕਮੇਟੀ ਕੋਲ ਸ਼ਿਕਾਇਤਾਂ ਪੁੱਜੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: