Ludhiana Police cracks down : ਲੁਧਿਆਣਾ ਵਿੱਚ ਅੱਜਕਲ੍ਹ ਲੋਕਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਬਾਹਰ ਭੇਜਣ ਦੇ ਨਾਂ ’ਤੇ ਪੈਸੇ ਠੱਗਣ ਦਾ ਕੰਮ ਜ਼ੋਰਾਂ ’ਤੇ ਚੱਲ ਰਿਹਾ ਹੈ, ਜਿਸ ਦੀਆਂ ਲਗਾਤਾਰ ਪੁਲਿਸ ਕੋਲ ਸ਼ਿਕਾਇਤਾਂ ਵੀ ਪਹੁੰਚ ਰਹੀਆਂ ਸਨ। ਨਵੇਂ ਸਾਲ ਦੇ ਪਹਿਲੇ ਹੀ ਦਿਨ ਵੱਡੀ ਕਾਰਵਾਈ ਕਰਦੇ ਹੋਏ ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ਾਂ ਵਿੱਚ ਭੇਜਣ ਵਾਲਿਆਂ ਖਿਲਾਫ ਸ਼ਿਕੰਜਾ ਕੱਸਦੇ ਹੋਏ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ 83 ਕੇਸ ਦਰਜ ਕੀਤੇ ਹਨ, ਜਿਨ੍ਹਾਂ ਵਿੱਚ 184 ਅਪਰਾਧੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਇਕੋ ਹੀ ਦਿਨ ਵਿੱਚ ਲੁਧਿਆਣਾ ਕਮਿਸ਼ਨਰੇਟ ਪੁਲਿਸ ਵੱਲੋਂ ਗੈਰਕਨੂੰਨੀ ਤਰੀਕੇ ਨਾਲ ਭੇਜਣ ਦੇ ਨਾਮ ‘ਤੇ ਧੋਖਾਧੜੀ ਕਰਨ ਵਾਲਿਆਂ ਵਿਰੁੱਧ ਜ਼ਬਰਦਸਤ ਕਾਰਵਾਈ ਕੀਤੀ ਗਈ ਹੈ। ਇਸ ਕਾਰਵਾਈ ਨੂੰ ਪੁਲਿਸ ਦੀਆਂ 45 ਟੀਮਾਂ ਨੇ ਅੰਜਾਮ ਦਿੱਤਾ ਹੈ।
ਉਨ੍ਹਾਂ ਦੱਸਿਆ ਕਿ ਵਿਦੇਸ਼ ਭੇਜਣ ਦੇ ਨਾਂ ’ਤੇ ਭੋਲੇ-ਭਾਲੇ ਲੋਕਾਂ ਨਾਲ ਠਗੀ ਕੀਤੀ ਜਾ ਰਹੀ ਹੈ ਉਸੇ ਨੂੰ ਧਿਆਨ ਵਿੱਚ ਰਖਦੇ ਹੋਏ ਪੁਲਿਸ ਨੇ ਇੰਨੀ ਵੱਡੀ ਕਾਰਵਾਈ ਨੂੰ ਇੱਕ ਹੀ ਦਿਨ ਵਿੱਚ ਅੰਜਾਮ ਦਿੱਤਾ। ਇਸ ਦੇ ਨਾਲ ਹੀ ਲੁਧਿਆਣਾ ਪੁਲਿਸ ਕਮਿਸ਼ਨਰ ਨੇ ਲੋਕਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਇਨ੍ਹਾਂ ਧੋਖੇਬਾਜ਼ਾਂ ਦੇ ਜਾਲ ਵਿੱਚ ਫਸਣ ਤੋਂ ਬਚਣ ਅਤੇ ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ਾਂ ਵਿੱਚ ਜਾਣ ਦੀ ਕੋਸ਼ਿਸ਼ ਨਾ ਕਰਨ ਨਹੀਂ ਤਾਂ ਉਹ ਬਹੁਤ ਵੱਡੀ ਮੁਸੀਬਤ ਵਿੱਚ ਫਸ ਸਕਦੇ ਹਨ। ਇਸ ਨਾਲ ਉਨ੍ਹਾਂ ਦੀ ਖੂਨ-ਪਸੀਨੇ ਦੀ ਕਮਾਈ ਨਾਲ ਵੀ ਹੱਥ ਧੋ ਬੈਠਣਗੇ।
ਦੱਸਣਯੋਗ ਹੈ ਕਿ ਹਾਲ ਹੀ ਵਿੱਚ ਲੁਧਿਆਣਾ ਵਿੱਚ ਇੱਕ ਮਾਮਲਾ ਸਾਹਮਣਾ ਆਇਆ ਜਿਥੇ ਟ੍ਰੈਵਲ ਏਜੰਟਾਂ ਨੇ ਸਿੰਘਾਪੁਰ ’ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਵੱਖ-ਵੱਖ ਸਮੇਂ ’ਚ 17 ਲੱਖ 42 ਹਜ਼ਾਰ 650 ਰੁਪਏ ਲੈ ਲਏ। ਮਹੀਨੇ ਬੀਤ ਜਾਣ ਤੋਂ ਬਾਅਦ ਇਹ ਟਾਲ-ਮਟੋਲ ਕਰਦੇ ਰਹੇ। ਨਾ ਇਨ੍ਹਾਂ ਨੇ ਸਿੰਘਾਪੁਰ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਪੁਲਸ ਨੇ ਜਾਂਚ ਤੋਂ ਬਾਅਦ ਇਨ੍ਹਾਂ ਟਰੈਵਲ ਏਜੰਟਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।