ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਰਿਹਾਈ ਤੋਂ ਬਾਅਦ ਪਾਕਿਸਤਾਨ ਦੀ ਫੌਜ ‘ਤੇ ਜ਼ੋਰਦਾਰ ਹਮਲਾ ਕੀਤਾ ਹੈ। ਵੀਰਵਾਰ ਨੂੰ ਸੁਪਰੀਮ ਕੋਰਟ ਨੇ ਉਸ ਦੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦਿੰਦੇ ਹੋਏ ਰਿਹਾਅ ਕਰ ਦਿੱਤਾ ਸੀ। ਰਿਹਾਈ ਤੋਂ ਬਾਅਦ ਦੇਸ਼ ਦੇ ਨਾਮ ਆਪਣੇ ਸੰਬੋਧਨ ਵਿਚ ਉਨ੍ਹਾਂ ਨੇ ਫੌਜ ‘ਤੇ ਤਿੱਖਾ ਨਿਸ਼ਾਨਾ ਵਿੰਨ੍ਹਿਆ ਅਤੇ ਆਪਣੀ ਸਿਆਸੀ ਪਾਰਟੀ ਬਣਾਉਣ ਦੀ ਸਲਾਹ ਦਿੱਤੀ।
ਉਨ੍ਹਾਂ ਫੌਜ ਨੂੰ ਸਲਾਹ ਦਿੱਤੀ ਕਿ ਜੇ ਉਸ ਨੂੰ ਦੇਸ਼ ਦੀ ਸਿਆਸਤ ਵਿੱਚ ਕੁੱਦਣ ਦਾ ਇੰਨਾ ਹੀ ਸ਼ੌਕੀਨ ਹੈ ਤਾਂ ਆਪਣੀ ਵੱਖਰੀ ਸਿਆਸੀ ਪਾਰਟੀ ਬਣਾ ਕੇ ਦੇਸ਼ ਨੂੰ ਪੂਰੀ ਤਰ੍ਹਾਂ ਅਰਾਜਕਤਾ ਵਿੱਚ ਪੈਣ ਤੋਂ ਬਚਾਉਣ ਲਈ ਵੱਡਾ ਸੋਚੇ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਫੌਜੀ ਲੀਡਰਸ਼ਿਪ ਨੂੰ ਅਪੀਲ ਕੀਤੀ ਹੈ ਕਿ ਫੌਜ ਵੱਲੋਂ ਉਨ੍ਹਾਂ ਦੀ ਪਾਰਟੀ ਨੂੰ ਕੁਚਲਣ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਜਾਂਚ ਕੀਤੀ ਜਾਵੇ।
ਉਨ੍ਹਾਂ ਦਾ ਕਹਿਣਾ ਹੈ ਕਿ ਫੌਜ ਦੇ ਅਜਿਹੇ ਕਦਮਾਂ ਨੇ ਦੇਸ਼ ਨੂੰ ਪਹਿਲਾਂ ਹੀ ਤਬਾਹੀ ਦੇ ਕੰਢੇ ਪਹੁੰਚਾ ਦਿੱਤਾ ਹੈ। ਇਸ ਤੋਂ ਇਲਾਵਾ ਇਕ ਇੰਟਰਵਿਊ ‘ਚ ਇਮਰਾਨ ਖਾਨ ਨੇ ਦਾਅਵਾ ਕੀਤਾ ਕਿ ਪਾਕਿਸਤਾਨ ‘ਚ ਲੋਕਤੰਤਰ ਆਪਣੇ ਸਭ ਤੋਂ ਹੇਠਲੇ ਪੱਧਰ ‘ਤੇ ਪਹੁੰਚ ਗਿਆ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੀ ਸਰਕਾਰ ਨੂੰ ਚੋਣਾਂ ਤੋਂ ਡਰੀ ਹੋਈ ਦੱਸਦਿਆਂ ਕਿਹਾ ਕਿ ਉਨ੍ਹਾਂ ਨੂੰ ਡਰ ਹੈ ਕਿ ਪੀਟੀਆਈ ਚੋਣਾਂ ਵਿੱਚ ਉਨ੍ਹਾਂ ਦਾ ਸਫਾਇਆ ਕਰ ਦੇਵੇਗੀ।
ਇਸ ਦੌਰਾਨ ਇਮਰਾਨ ਖਾਨ ਨੇ ਫੌਜ ‘ਤੇ ਕਈ ਗੰਭੀਰ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਉਨ੍ਹਾਂ ਨੇ ਮੈਨੂੰ ਜੇਲ੍ਹ ਦੇ ਅੰਦਰ ਹੀ ਗ੍ਰਿਫ਼ਤਾਰੀ ਵਾਰੰਟ ਵਿਖਾਏ ਸਨ। ਮੈਨੂੰ ਅਗਵਾ ਕਰ ਲਿਆ ਗਿਆ ਸੀ। ਇਹ ਕਾਨੂੰਨ ਦੇ ਜੰਗਲ ਵਿੱਚ ਹੋਇਆ। ਉਨ੍ਹਾਂ ਪੁੱਛਿਆ ਕਿ ਉਸ ਵੇਲੇ ਪੁਲਿਸ ਕਿੱਥੇ ਸੀ? ਕਾਨੂੰਨ ਕਿੱਥੇ ਸੀ? ਇੰਝ ਲੱਗਦਾ ਹੈ ਜਿਵੇਂ ਇੱਥੇ ਮਾਰਸ਼ਲ ਲਾਅ ਲਾਗੂ ਕਰ ਦਿੱਤਾ ਗਿਆ ਹੋਵੇ।
ਇਹ ਵੀ ਪੜ੍ਹੋ : PM ਮੋਦੀ ਵੱਲੋਂ ਕੀਤੇ ਕੰਮਾਂ ਨੂੰ ਜਿਊਂਦਾ ਰੱਖਣ ਲਈ MP ‘ਚ ਬਣਾਇਆ ਜਾਵੇਗਾ ਪ੍ਰਧਾਨ ਮੰਤਰੀ ਦਾ ਮੰਦਰ
ਦੱਸ ਦਈਏ ਕਿ ਇਮਰਾਨ ਖਾਨ ਨੂੰ ਇਸਲਾਮਾਬਾਦ ਹਾਈ ਕੋਰਟ ਦੇ ਬਾਹਰੋਂ ਗ੍ਰਿਫਤਾਰ ਕੀਤਾ ਗਿਆ ਸੀ। ਉਦੋਂ ਤੋਂ ਹੀ ਪਾਕਿਸਤਾਨ ਹਿੰਸਾ ਦੀ ਅੱਗ ਵਿੱਚ ਸੁਲਗਣ ਲੱਗਾ। ਇਮਰਾਨ ਖਾਨ ਦੇ ਸਮਰਥਕਾਂ ਨੇ ਕਈ ਥਾਵਾਂ ‘ਤੇ ਭੰਨਤੋੜ ਤੋਂ ਲੈ ਕੇ ਅੱਗਜ਼ਨੀ ਤੱਕ ਹਿੰਸਾ ਫੈਲਾਈ। ਲੁੱਟਮਾਰ ਵੀ ਕੀਤੀ ਗਈ। ਹਾਲਾਂਕਿ ਹੁਣ ਇਮਰਾਨ ਖਾਨ ਦੀ ਰਿਹਾਈ ਤੋਂ ਬਾਅਦ ਸਥਿਤੀ ਕੁਝ ਆਮ ਹੁੰਦੀ ਨਜ਼ਰ ਆ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: