ਮਨੀਸ਼ ਤਿਵਾੜੀ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲਕਾਂਡ ਮਾਮਲੇ ਵਿੱਚ ਜੇਲ੍ਹ ‘ਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦੀ ਕੀਤੀ ਮੰਗ ਕੀਤੀ ਹੈ, ਜਦਕਿ ਬੇਅੰਤ ਸਿੰਘ ਦੇ ਪੋਤੇ ਤੇ ਲੁਧਿਆਣਾ ਤੋਂ ਕਾਂਗਰਸੀ ਸਾਂਸਦ ਰਵਨੀਤ ਬਿੱਟੂ ਇਸ ਰਿਹਾਈ ਦੀ ਮੰਗ ਦਾ ਵਿਰੋਧ ਕਰ ਰਹੇ ਹਨ ਤੇ ਉਨ੍ਹਾਂ ਨੇ ਇਸ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਵੀ ਲਿਖੀ ਹੈ।
ਤਿਵਾੜੀ ਨੇ ਟਵੀਟ ਕਰਕੇ ਲਿਖਿਆ ਕਿ ਮੈਂ ਆਪਣੇ ਸਾਥੀ ਰਵਨੀਤ ਬਿੱਟੂ ਦੇ ਦੁੱਖ ਨੂੰ ਸਮਝਦਾ ਹਾਂ, ਪਰ ਇੱਕ ਵਕੀਲ ਤੇ ਸੰਸਦ ਮੈਂਬਰ ਹੋਣ ਦੇ ਨਾਤੇ ਮੇਰਾ ਵਿਚਾਰ ਹੈ ਕਿ ਬਲਵੰਤ ਸਿੰਘ ਰਾਜੋਆਣਾ ਨੇ 26 ਸਾਲ ਜੇਲ੍ਹ ਦੀ ਸਜ਼ਾ ਕੱਟ ਲਈ ਹੈ। ਉਨ੍ਹਾਂ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ‘ਚ ਤਬਦੀਲ ਕਰ ਕੇ ਧਾਰਾ 432 CRPC ਤਹਿਤ ਹੁਕਮ ਪਾਸ ਕਰਕੇ ਰਿਹਾਅ ਕੀਤਾ ਜਾਵੇ।
ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਬੀਤੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਦਖਲ ਦੇ ਕੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਛੇਤੀ ਰਿਹਾਈ ਯਕੀਨੀ ਬਣਾਉਣ ਤਾਂ ਜੋ 2019 ਵਿਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਅੱਠ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਸਰਕਾਰ ਦਾ ਸਿੱਖ ਕੌਮ ਨਾਲ ਕੀਤਾ ਵਾਅਦਾ ਪੂਰਾ ਹੋ ਸਕੇ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਬਾਦਲ ਨੇ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ‘ਚ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਪ੍ਰਧਾਨ ਮੰਤਰੀ ਖੁਦ ਇਹ ਗੱਲ ਸਮਝ ਸਕਦੇ ਹਨ ਕਿ ਜਦੋਂ ਕੇਂਦਰ ਸਰਕਾਰ ਨੇ ਫਾਂਸੀ ਦੀ ਸਜ਼ਾ ਮੁਆਫ ਕਰ ਦਿੱਤੀ ਤਾਂ ਫਿਰ ਭਾਈ ਰਾਜੋਆਣਾ ਨੂੰ ਸਲਾਖ਼ਾਂ ਪਿੱਛੇ ਰੱਖਣ ਦੀ ਕੋਈ ਤੁਕ ਨਹੀਂ ਰਹਿ ਜਾਂਦੀ। ਉਨ੍ਹਾਂ ਕਿਹਾ ਕਿ ਸਿੱਖ ਕੈਦੀ ਪਹਿਲਾਂ ਹੀ 26 ਸਾਲਾਂ ਦੀ ਸਜ਼ਾ ਭੁਗਤ ਚੁੱਕਾ ਹੈ, ਜੋ ਕਿ ਉਮਰ ਕੈਦ ਨਾਲੋਂ ਵੀ ਜ਼ਿਆਦਾ ਹੈ।