ਦਿੱਲੀ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਕਾਰ ਇਕ ਵਾਰ ਫਿਰ ਮਾਸਕ ਦੀ ਵਾਪਸੀ ਹੋ ਗਈ ਹੈ। ਬੁੱਧਵਾਰ ਨੂੰ ਹੋਈ ਡੀ.ਡੀ.ਐੱਮ. ਦੀ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਦਿੱਲੀ ਵਿੱਚ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ। ਹੁਣ ਦਿੱਲੀ ‘ਚ ਮਾਸਕ ਨਾ ਪਾਉਣ ‘ਤੇ 500 ਰੁਪਏ ਦਾ ਜੁਰਮਾਨਾ ਲੱਗੇਗਾ।
ਪਿਛਲੇ ਕੁਝ ਦਿਨਾਂ ਤੋਂ ਕੌਮੀ ਰਾਜਧਾਨੀ ‘ਚ ਕੋਰੋਨਾ ਦੇ ਮਾਮਲਿਆਂ ‘ਚ ਵਾਧਾ ਹੋਇਆ ਹੈ। ਸ਼ਹਿਰ ਵਿੱਚ ਕੋਵਿਡ-19 ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਦਿੱਲੀ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (ਡੀਡੀਐਮਏ) ਐਕਟਿਵ ਹੋ ਗਈ ਅਤੇ ਬੁੱਧਵਾਰ ਸਵੇਰੇ ਇੱਕ ਮੀਟਿੰਗ ਬੁਲਾਈ ਗਈ।
ਇਸ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਦਿੱਲੀ ਵਿੱਚ ਇੱਕ ਵਾਰ ਫਿਰ ਮਾਸਕ ਲਗਾਉਣਾ ਲਾਜ਼ਮੀ ਹੋਵੇਗਾ ਤੇ ਜੇ ਕੋਈ ਮਾਸਕ ਪਹਿਨਣ ਦੇ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਨੂੰ 500 ਰੁਪਏ ਜੁਰਮਾਨਾ ਕੀਤਾ ਜਾਵੇਗਾ।
ਡੀ.ਡੀ.ਐੱਮ.ਏ. ਦੀ ਮੀਟਿੰਗ ਵਿੱਚ ਸਕੂਲ ਬੰਦ ਨਾ ਕਰਨ ’ਤੇ ਵੀ ਸਹਿਮਤੀ ਬਣੀ ਹੈ। ਵਧਦੇ ਮਾਮਲਿਆਂ ਦੇ ਮੱਦੇਨਜ਼ਰ ਇੱਕ ਨਵਾਂ ਐੱਸ.ਓ.ਪੀ. ਯਾਨੀ ਮੈਨੂਅਲ ਜਾਰੀ ਕੀਤਾ ਜਾਵੇਗਾ। ਦਿੱਲੀ ‘ਚ ਪਿਛਲੇ ਕੁਝ ਦਿਨਾਂ ‘ਚ ਜਿਸ ਤਰ੍ਹਾਂ ਮਾਮਲੇ ਲਗਾਤਾਰ ਵਧ ਰਹੇ ਹਨ, ਉਸ ਨੂੰ ਵੇਖਦੇ ਹੋਏ ਹੁਣ ਸ਼ਹਿਰ ‘ਚ ਕੋਵਿਡ-19 ਦੀ ਟੈਸਟਿੰਗ ਵਧਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਥਿਤੀ ‘ਤੇ ਨਜ਼ਰ ਰੱਖ ਰਹੇ ਹਨ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ ਜਾ ਰਹੇ ਹਨ। ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਸਕੂਲਾਂ ਲਈ ਨਵੇਂ ਨਿਯਮ ਜਾਰੀ ਕੀਤੇ ਹਨ।