ਚੰਡੀਗੜ੍ਹ : ਪੰਜਾਬ ਵਾਸੀਆਂ ਨੂੰ ਸਸਤੀਆਂ ਕੀਮਤਾਂ ‘ਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣ ਅਤੇ ਗੈਰ ਕਾਨੂੰਨੀ ਖਣਨ ਗਤੀਵਿਧੀਆਂ ਮੁਕੰਮਲ ਖਤਮ ਕਰਨ ਦੇ ਦਿੱਤੇ ਨਿਰਦੇਸ਼ਾਂ ‘ਤੇ ਚੱਲਦਿਆਂ ਖਣਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵਿਭਾਗ ਨੂੰ ਜਨਤਕ ਖੱਡਾਂ ਲਈ ਹੋਰ ਨਵੀਆਂ ਥਾਵਾਂ ਤਲਾਸ਼ਣ ਅਤੇ 20 ਸਤੰਬਰ ਤੱਕ ਕਮਰਸ਼ੀਅਲ ਖੱਡਾਂ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ।
ਪੰਜਾਬ ਭਵਨ ਵਿਖੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਮੰਤਰੀ ਹੇਅਰ ਨੇ ਕਿਹਾ ਕਿ ਲੋਕਾਂ ਨੂੰ ਸਸਤੀਆਂ ਕੀਮਤਾਂ ‘ਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ। 67 ਕਮਰਸ਼ੀਅਲ ਖੱਡਾਂ ਵਾਲੇ 40 ਕਲੱਸਟਰਾਂ ਨੂੰ ਸ਼ੁਰੂ ਕਰਨ ਦੀਆਂ ਪ੍ਰਵਾਨਗੀਆਂ ਲਈ ਸਾਰੀਆਂ ਲੋੜੀਂਦੀਆਂ ਕਾਰਵਾਈਆਂ ਮਾਨਸੂਨ ਸੀਜ਼ਨ ਤੱਕ ਮੁਕੰਮਲ ਕਰ ਲਈਆਂ ਜਾਣ ਤਾਂ ਜੋ 20 ਸਤੰਬਰ ਤੋਂ ਇਨ੍ਹਾਂ ਨੂੰ ਸ਼ੁਰੂ ਕੀਤਾ ਜਾ ਸਕੇ। 40 ਕਲੱਸਟਰਾਂ ਦੀ ਨਿਲਾਮੀ ਵਿੱਚੋਂ ਹੁਣ ਤੱਕ 32 ਕਲੱਸਟਰਾਂ ਲਈ ਟੈਕਨੀਕਲ ਬੋਲੀ ਹੋ ਚੁੱਕੀ ਹੈ ਅਤੇ ਵਿੱਤੀ ਬੋਲੀ ਹਾਲੇ ਰਹਿੰਦੀ ਹੈ। ਸਰਕਾਰ ਵੱਲੋਂ ਜਨਤਕ ਤੇ ਕਮਰਸ਼ੀਅਲ ਦੋਵੇਂ ਖੱਡਾਂ ਤੋਂ ਲੋਕਾਂ ਨੂੰ 5.50 ਰੁਪਏ ਪ੍ਰਤੀ ਕਿਊਬਕ ਫੁੱਟ ਦੀ ਕੀਮਤ ਅਨੁਸਾਰ ਰੇਤਾ ਦਿੱਤਾ ਜਾ ਰਿਹਾ ਹੈ।
ਮੁੱਖ ਮੰਤਰੀ ਵੱਲੋਂ ਹੁਣ ਤੱਕ 60 ਜਨਤਕ ਖੱਡਾਂ ਸੂਬਾ ਵਾਸੀਆਂ ਨੂੰ ਸਮਰਪਿਤ ਕੀਤੀਆਂ ਗਈਆਂ ਹਨ ਅਤੇ 13 ਹੋਰ ਨਵੀਆਂ ਜਨਤਕ ਖੱਡਾਂ ਜਲਦ ਸ਼ੁਰੂ ਕਰਨ ਦੀ ਤਿਆਰੀ ਹੈ। ਉਨ੍ਹਾਂ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਹੋਰ ਜਨਤਕ ਖੱਡਾਂ ਖੋਲ੍ਹਣ ਲਈ ਨਵੀਆਂ ਥਾਵਾਂ ਤਲਾਸ਼ਣ ਲਈ ਆਖਿਆ ਤਾਂ ਜੋ ਲੋਕਾਂ ਦੀਆਂ ਲੋੜਾਂ ਨੂੰ ਪੂਰਾ ਕੀਤਾ ਜਾ ਸਕੇ। ਇਸ ਸਬੰਧੀ ਪ੍ਰਵਾਨਗੀਆਂ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ।
ਇਹ ਵੀ ਪੜ੍ਹੋ : ਵਿਜੀਲੈਂਸ ਦੀ ਟੀਮ ਦੇਖ ਫਰਾਰ ਹੋਇਆ ASI, ਕਾਰ ਦੀ ਚੈਕਿੰਗ ਦੌਰਾਨ ਰਿਸ਼ਵਤ ਦੇ 10,000 ਰੁਪਏ ਤੇ ਨਸ਼ੀਲਾ ਪਦਾਰਥ ਬਰਾਮਦ
ਮੀਤ ਹੇਅਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਗੈਰ-ਕਾਨੂੰਨੀ ਖਣਨ ਗਤੀਵਿਧੀਆਂ ਨੂੰ ਮੁਕੰਮਲ ਰੋਕਣ ਲਈ ਮੁਹਿੰਮ ਹੋਰ ਤੇਜ਼ ਕੀਤੀਆਂ ਜਾਣ। ਇਸ ਮਾਮਲੇ ‘ਚ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੈਕਿੰਗ ਦੇ ਕੰਮ ਨੂੰ ਹੋਰ ਕਾਰਗਾਰ ਬਣਾਉਣ ਲਈ ਡਰੋਨ ਸੇਵਾਵਾਂ ਲਈਆਂ ਜਾਣ ਅਤੇ ਪਾਇਲਟ ਪ੍ਰਾਜੈਕਟ ਵਜੋਂ ਰੂਪਨਗਰ ਜ਼ਿਲੇ ਤੋਂ ਸ਼ੁਰੂਆਤ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ 15 ਅਪ੍ਰੈਲ 2022 ਤੋਂ 4 ਅਗਸਤ 2023 ਤੱਕ ਗੈਰ ਕਾਨੂੰਨੀ ਖਣਨ ਸਬੰਧੀ 716 ਕੇਸ ਦਰਜ ਕੀਤੇ ਗਏ ਹਨ। ਖਣਨ ਮੰਤਰੀ ਨੇ ਅੱਗੇ ਦੱਸਿਆ ਕਿ ਐਚ.ਡੀ.ਐਫ.ਸੀ. ਬੈਂਕ ਦੇ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ.) ਫੰਡਾਂ ਵਿੱਚੋਂ ਚੈਕ ਪੋਸਟਾਂ ‘ਤੇ ਹਾਈਟੈਕ ਕੈਮਰੇ ਲਗਾਏ ਜਾ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: