ਪੰਜਾਬ ਦੇ ਸਾਇੰਸ, ਟੈਕਨਾਲੋਜੀ ਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਹਿਦਾਇਤ ਕੀਤੀ ਕਿ ਸੂਬੇ ਅੰਦਰ ਸਨਅਤਾਂ ਅਤੇ ਹੋਰ ਪ੍ਰਾਜੈਕਟਾਂ ਲਈ ਵਾਤਾਵਰਣ ਪ੍ਰਵਾਨਗੀਆਂ ਅਤੇ ਐਨ.ਓ.ਸੀਜ਼ ਮਾਮਲਿਆਂ ਦਾ ਸਮਾਂਬੱਧ ਨਿਪਟਾਰਾ ਕਰਨਾ ਯਕੀਨੀ ਬਣਾਉਣ।
ਗੁਰਮੀਤ ਸਿੰਘ ਮੀਤ ਹੇਅਰ, ਜ਼ਿਨ੍ਹਾਂ ਕੋਲ ਉਚੇਰੀ ਸਿੱਖਿਆ ਤੇ ਭਾਸ਼ਾਵਾਂ, ਖੇਡਾਂ ਤੇ ਯੁਵਕ ਸੇਵਾਵਾਂ, ਪ੍ਰਸ਼ਾਸਕੀ ਸੁਧਾਰ ਅਤੇ ਪ੍ਰਿਟਿੰਗ ਤੇ ਸਟੇਸ਼ਨਰੀ ਵਿਭਾਗ ਵੀ ਹਨ, ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਪੂਰੀ ਗੰਭੀਰਤਾ ਨਾਲ ਵਾਤਾਵਰਣ ਸੰਭਾਲ ਪ੍ਰਤੀ ਆਪਣੀ ਜਿੰਮੇਵਾਰੀ ਨਿਭਾਉਣ ਲਈ ਵਚਨਬੱਧ ਹੈ।
ਮੀਤ ਹੇਅਰ ਨੇ ਕਿਹਾ ਕਿ ਭਾਵੇਂ ਕਿ ਸਨਅਤੀਕਰਨ ਤੇ ਉਦਯੋਗਿਕ ਤਰੱਕੀ ਸਾਡੇ ਸੂਬੇ ਦੀ ਪ੍ਰਮੁੱਖ ਲੋੜ ਹੈ ਪਰੰਤੂ ਅਸੀਂ ਵਾਤਾਵਰਣ ਨੂੰ ਕਿਸੇ ਵੀ ਕੀਮਤ ਉਤੇ ਪਲੀਤ ਨਹੀਂ ਹੋਣ ਦੇ ਸਕਦੇ, ਇਸ ਲਈ ਸੂਬੇ ਦੇ ਸਨਅਤਕਾਰਾਂ ਅਤੇ ਪ੍ਰਾਜੈਕਟ ਦੇ ਮਾਲਕਾਂ ਵੱਲੋਂ ਵੀ ਆਪਣੇ ਅਦਾਰਿਆਂ ਤੇ ਸਨਅਤਾਂ ਵਿੱਚ ਟ੍ਰੀਟਮੈਂਟ ਪਲਾਂਟ ਸਣੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਣ ਦੇ ਸਾਰੇ ਉਪਾਅ ਅਤੇ ਮਸ਼ੀਨਰੀ ਨੂੰ ਸਹੀ ਢੰਗ ਨਾਲ ਚਾਲੂ ਰੱਖਿਆ ਜਾਵੇ।
ਮੀਟਿੰਗ ਦੌਰਾਨ ਸਾਹਮਣੇ ਆਏ ਪੈਂਡਿੰਗ ਮਾਮਲਿਆਂ ਦਾ ਗੰਭੀਰ ਨੋਟਿਸ ਲੈਂਦਿਆਂ ਕੈਬਨਿਟ ਮੰਤਰੀ ਨੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਦੀ ਜਿੰਮੇਵਾਰੀ ਤੈਅ ਕਰਦਿਆਂ ਹਦਾਇਤ ਕੀਤੀ ਕਿ ਉਹ ਆਪਣੇ ਕੋਲ ਆਉਣ ਵਾਲੀਆਂ ਫਾਈਲਾਂ ਨੂੰ ਨਿਸ਼ਚਿਤ ਸਮੇਂ ਦੇ ਅੰਦਰ-ਅੰਦਰ ਕਲੀਅਰ ਕਰਨਾ ਯਕੀਨੀ ਬਣਾਉਣ। ਇਸ ਦੇ ਨਾਲ ਹੀ ਜਿਸ ਅਧਿਕਾਰੀ ਕੋਲ ਜਿੰਨਾ ਸਮਾਂ ਫਾਈਲ ਪੈਂਡਿੰਗ ਰਹੇਗੀ, ਉਹ ਅਗਲੀ ਮੀਟਿੰਗ ਦੀ ਕਾਰਵਾਈ ਦਾ ਹਿੱਸਾ ਬਣਾਇਆ ਜਾਵੇ।
ਇਹ ਵੀ ਪੜ੍ਹੋ : 10 ਸਾਲ ਪੁਰਾਣੇ ਆਧਾਰ ਕਾਰਡ ਵਾਲੇ ਅਪਡੇਟ ਕਰਵਾਉਣ ਵੇਰਵੇ, UIDAI ਵੱਲੋਂ ਅਲਰਟ
ਕੈਬਨਿਟ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਰਾਜ ਅੰਦਰ ਬੋਰਡ ਦਫ਼ਤਰਾਂ ਵਿਖੇ ਅਜਿਹੀ ਪ੍ਰਣਾਲੀ ਅਪਣਾਈ ਜਾਵੇ ਤਾਂ ਕਿ ਬਿਨੈ ਕਰਤਾ ਦੇ ਵਾਤਾਵਰਣ ਪ੍ਰਵਾਨਗੀਆਂ ਦੇ ਕੰਮ ਸਮਾਂਬੱਧ, ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਤਰੀਕੇ ਨਾਲ ਆਪਣੇ ਆਪ ਹੋ ਜਾਣ ਤਾਂ ਕਿ ਉਸਨੂੰ ਦਫ਼ਤਰਾਂ ਦੇ ਗੇੜੇ ਮਾਰਨੇ ਨਾ ਪੈਣ ਅਤੇ ਕਿਸੇ ਖੱਜਲਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।
ਮੀਤ ਹੇਅਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਵਿੱਚ ਪਾਰਦਰਸ਼ੀ, ਭ੍ਰਿਸ਼ਟਾਚਾਰ ਮੁਕਤ ਅਤੇ ਇਮਾਨਦਾਰ ਸਰਕਾਰ ਮੁਹੱਈਆ ਕਰਵਾਉਣ ਦਾ ਵਾਅਦਾ ਲੋਕਾਂ ਨਾਲ ਕੀਤਾ ਗਿਆ ਹੈ, ਇਸ ਲਈ ਸਮੂਹ ਅਧਿਕਾਰੀ ਤੇ ਕਰਮਚਾਰੀ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਮੁਤਾਬਕ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨਾ ਵੀ ਯਕੀਨੀ ਬਣਾਉਣ।
ਉਨ੍ਹਾਂ ਨੇ ਇਹ ਵੀ ਹਦਾਇਤ ਕੀਤੀ ਕਿ ਸੂਬੇ ਵਿੱਚ ਸਿੰਗਲ ਯੂਜ਼ ਪਲਾਸਟਿਕ ਖ਼ਿਲਾਫ਼ ਜ਼ੋਰਦਾਰ ਮੁਹਿੰਮ ਛੇੜੀ ਜਾਵੇ ਤਾਂ ਕਿ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਇਆ ਸਕੇ। ਸਾਇੰਸ, ਟੈਕਨੋਲੋਜੀ ਤੇ ਵਾਤਾਵਰਣ ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੂਬੇ ਦੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਸਮੇਤ ਧਰਤੀ ਹੇਠਲਾ ਪਾਣੀ ਪ੍ਰਦੂਸ਼ਿਤ ਹੋਣ ਤੋਂ ਰੋਕਣ ਲਈ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾਵੇ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਪ੍ਰੋ. ਆਦਰਸ਼ਪਾਲ ਵਿੱਗ ਨੇ ਭਰੋਸਾ ਦਿੱਤਾ ਕਿ ਬੋਰਡ ਦੇ ਸਮੂਹ ਅਧਿਕਾਰੀ ਤੇ ਕਰਮਚਾਰੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਆਪਣੀ ਜਿੰਮੇਵਾਰੀ ਨਿਭਾਉਣਗੇ ਅਤੇ ਕੋਈ ਵੀ ਫਾਈਲ ਲੰਬਿਤ ਨਹੀਂ ਰਹੇਗੀ। ਪੀ.ਪੀ.ਸੀ.ਬੀ. ਦੇ ਸਕੱਤਰ ਕਰੁਨੇਸ਼ ਗਰਗ ਨੇ ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਬੋਰਡ ਦੀ ਸਮੁਚੀ ਕਾਰਜਪ੍ਰਣਾਲੀ ਤੋਂ ਜਾਣੂ ਕਰਵਾਇਆ। ਇਸ ਮੌਕੇ ਵਿਧਾਇਕ ਡਾ. ਬਲਬੀਰ ਸਿੰਘ ਅਤੇ ਗੁਰਲਾਲ ਘਨੌਰ ਸਮੇਤ ਖਾਦੀ ਬੋਰਡ ਦੇ ਚੇਅਰਮੈਨ ਇੰਦਰਜੀਤ ਮਾਨ ਸਮੇਤ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਰਾਜ ਭਰ ਤੋਂ ਪੁੱਜੇ ਅਧਿਕਾਰੀ ਵੀ ਮੌਜੂਦ ਸਨ।