ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਦੀਆਂ ਅਟਕਲਾਂ ਦਰਮਿਆਨ ਪਾਰਟੀ ਵਿੱਚ ਸ਼ਾਮਲ ਹੋਣ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਹੈ। ਇਸੇ ਵਿਚਾਲੇ ਪ੍ਰਸ਼ਾਂਤ ਕਿਸ਼ੋਰ ਦੀ ਨਵਜੋਤ ਸਿੰਘ ਸਿੱਧੂ ਨਾਲ ਨਵੀਂ ਦਿੱਲੀ ਵਿੱਚ ਮੁਲਾਕਾਤ ਨੇ ਸਿਆਸੀ ਗਲਿਆਰਿਆਂ ਵਿੱਚ ਨਵੀਂ ਹਲਚਲ ਮਚਾ ਦਿੱਤੀ ਹੈ। ਪਾਰਟੀ ਹਲਕਿਆਂ ‘ਚ ਚਰਚਾ ਹੈ ਕਿ ਸਿੱਧੂ ਪੰਜਾਬ ਦੇ ਮੁੱਦਿਆਂ ‘ਤੇ ਲੜਨ ਲਈ ਵੱਖ-ਵੱਖ ਪਾਰਟੀਆਂ ਦੇ ਸਮਕਾਲੀ ਆਗੂਆਂ ਨਾਲ ਖੇਤਰੀ ਫਰੰਟ ਬਣਾਉਣ ‘ਤੇ ਵਿਚਾਰ ਕਰ ਰਹੇ ਹਨ।
ਪ੍ਰਸ਼ਾਂਤ ਕਿਸ਼ੋਰ ਦੇ ਇਸ ਬਿਆਨ ਵਿਚਾਲੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੀ ਤਸਵੀਰ ਸਾਂਝੀ ਕਰਦੇ ਹੋਏ ਨਵਜੋਤ ਸਿੱਧੂ ਨੇ ਕਿਹਾ, ”ਮੇਰੇ ਪੁਰਾਣੇ ਦੋਸਤ ਪੀਕੇ ਨਾਲ ਸ਼ਾਨਦਾਰ ਮੁਲਾਕਾਤ ਹੋਈ। ਪੁਰਾਣੀ ਸ਼ਰਾਬ, ਪੁਰਾਣਾ ਸੋਨਾ ਅਤੇ ਪੁਰਾਣੇ ਦੋਸਤ ਸਭ ਤੋਂ ਵਧੀਆ ਹਨ।”
ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਪ੍ਰਦੇਸ਼ ਕਾਂਗਰਸ ਦੀ ਮਨਜ਼ੂਰੀ ਤੋਂ ਬਿਨਾਂ ਸੂਬੇ ‘ਚ ਆਪਣੀ ਸਿਆਸੀ ਲਕੀਰ ਖਿੱਚਣ ‘ਚ ਲੱਗੇ ਹੋਏ ਹਨ ਅਤੇ ਵੱਖਰੇ ਤੌਰ ‘ਤੇ ਸਿਆਸੀ ਗਤੀਵਿਧੀਆਂ ਚਲਾ ਰਹੇ ਹਨ। ਸਿੱਧੂ ਨੇ ਮੰਗਲਵਾਰ ਨੂੰ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਤੋਂ ਪਹਿਲਾਂ ਹੀ ਪ੍ਰਸ਼ਾਂਤ ਕਿਸ਼ੋਰ ਨੇ ਕਾਂਗਰਸ ਦੇ ਪ੍ਰਸਤਾਵ ‘ਤੇ ਪਾਰਟੀ ਦੀ ਮੈਂਬਰਸ਼ਿਪ ਲੈਣ ਤੋਂ ਇਨਕਾਰ ਕਰ ਦਿੱਤਾ ਸੀ।
ਵੀਡੀਓ ਲਈ ਕਲਿੱਕ ਕਰੋ -:
“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”
ਪੀਕੇ ਨਾਲ ਮੁਲਾਕਾਤ ਤੋਂ ਬਾਅਦ ਹੁਣ ਸਵਾਲ ਉੱਠ ਰਹੇ ਹਨ ਕਿ ਸਿੱਧੂ ਦੀਆਂ ਨਵੀਆਂ ਸਿਆਸੀ ਸਰਗਰਮੀਆਂ ਪਿੱਛੇ ਪ੍ਰਸ਼ਾਂਤ ਕਿਸ਼ੋਰ ਦੀ ਕੀ ਭੂਮਿਕਾ ਹੈ। ਪਾਰਟੀ ਦੇ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਦੇ ਬਾਵਜੂਦ ਸਿੱਧੂ ਲਗਾਤਾਰ ਮੈਦਾਨ ਵਿੱਚ ਸਰਗਰਮ ਨਜ਼ਰ ਆ ਰਹੇ ਹਨ। ਉਹ ਅੱਧੀ ਦਰਜਨ ਤੋਂ ਵੱਧ ਸਾਬਕਾ ਕਾਂਗਰਸੀ ਵਿਧਾਇਕਾਂ ਨਾਲ ਪੰਜਾਬ ਵਿੱਚ ਘੁੰਮ ਰਹੇ ਹਨ।। ਉਹ ਨਾ ਸਿਰਫ਼ ਧਰਨੇ ਦੇ ਰਹੇ ਹਨ, ਸਗੋਂ ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੇ ਘਰ ਵੀ ਜਾ ਰਹੇ ਹਨ।