ਪਟਿਆਲਾ : ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਆਈ.ਜੀ. ਮੁਖਵਿੰਦਰ ਸਿੰਘ ਛੀਨਾ ਨਤਮਸਤਕ ਹੋਏ। ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ ਗਈ। ਸ਼ਹਿਰ ’ਚ ਵਾਪਰੇ ਘਟਨਾਕ੍ਰਮ ਤੋਂ ਬਾਅਦ ਆਈ.ਜੀ. ਮੁਖਵਿੰਦਰ ਸਿੰਘ ਛੀਨਾ ਨੇ ਗੁਰਦੁਆਰਾ ਸਾਹਿਬ ਪਹੁੰਚਕੇ ਗੁਰਦੁਆਰਾ ਪ੍ਰਬੰਧਕਾਂ ਨਾਲ ਸੁਖਾਵੇਂ ਮਾਹੌਲ ਸਬੰਧੀ ਬੰਦ ਕਮਰਾ ਬੈਠਕ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੌਲੀ, ਜਥੇਦਾਰ ਸਤਵਿੰਦਰ ਸਿੰਘ ਟੌਹੜਾ ਤੋਂ ਇਲਾਵਾ ਮੈਨੇਜਰ ਭਗਵੰਤ ਸਿੰਘ ਧੰਗੇੜਾ, ਐਡੀਸ਼ਨਲ ਮੈਨੇ. ਕਰਨੈਲ ਸਿੰਘ ਵਿਰਕ, ਹੈਡ ਗ੍ਰੰਥੀ ਪ੍ਰਿਤਪਾਲ ਸਿੰਘ ਅਤੇ ਭਾਈ ਪ੍ਰਨਾਮ ਸਿੰਘ ਆਦਿ ਮੌਜੂਦ ਸਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਜਥੇ. ਕਰਨੈਲ ਸਿੰਘ ਪੰਜੌਲੀ ਨੇ ਆਈ.ਜੀ. ਮੁਖਵਿੰਦਰ ਸਿੰਘ ਛੀਨਾ ਨੂੰ ਵਾਪਰੇ ਘਟਨਾਕ੍ਰਮ ’ਤੇ ਸਾਰੀ ਸਥਿਤੀ ਤੋਂ ਜਾਣੂੰ ਕਰਵਾਇਆ ਅਤੇ ਮੰਗ ਕੀਤੀ ਕਿ ਬੇਕਸੂਰ ਸਿੱਖ ਨੌਜਵਾਨਾਂ ਨੂੰ ਕਾਨੂੰਨੀ ਪ੍ਰਕਿਰਿਆ ਤੋਂ ਦੂਰ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਅਮਨ ਸ਼ਾਂਤੀ ਕਾਇਮ ਰੱਖਣ ਲਈ ਪੁਲਿਸ ਪ੍ਰਸ਼ਾਸਨ ਨੂੰ ਸ਼੍ਰੋਮਣੀ ਕਮੇਟੀ ਹਰ ਸੰਭਵ ਸਹਿਯੋਗ ਦੇਵੇਗੀ।
ਆਈ. ਜੀ. ਮੁਖਵਿੰਦਰ ਸਿੰਘ ਛੀਨਾ ਨੇ ਕਿਹਾ ਕਿ ਮਾੜੇ ਅਨਸਰਾਂ ਨੂੰ ਗੁਰੂ ਘਰ ’ਚ ਪਨਾਹ ਦੇਣ ਤੋਂ ਗੁਰੇਜ਼ ਕੀਤਾ ਜਾਵੇ ਅਤੇ ਗਲਤ ਵਿਅਕਤੀਆਂ ਦੀ ਪਹਿਚਾਣ ਕਰਕੇ ਤੁਰੰਤ ਇਸ ਦੀ ਸੂਚਨਾ ਗੁਰਦੁਆਰਾ ਪ੍ਰਬੰਧਕ ਪੁਲਿਸ ਪ੍ਰਸ਼ਾਸਨ ਨੂੰ ਦੇਣ। ਉਨ੍ਹਾਂ ਚਿੰਤਾ ਜ਼ਾਹਿਰ ਕੀਤੀ ਕਿ ਅਕਸਰ ਮਾੜੇ ਲੋਕ ਗੁਰੂ ਘਰ ’ਚ ਪਨਾਹ ਲੈ ਕੇ ਧਾਰਮਕ ਅਸਥਾਨਾਂ ਦੀ ਬਦਨਾਮੀ ਦਾ ਕਾਰਨ ਬਣ ਜਾਂਦੇ ਹਨ। ਆਈ.ਜੀ. ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਗੁਰਦੁਆਰਾ ਪ੍ਰਬੰਧਕਾਂ ਨੂੰ ਭਰੋਸਾ ਦਿੱਤਾ ਕਿ ਪੁਲਿਸ ਪ੍ਰਸ਼ਾਸਨ ਨਿਰਪੱਖ ਰਹਿ ਕੇ ਆਪਣੀ ਭੂਮਿਕਾ ਅਦਾ ਕਰੇਗਾ। ਇਸ ਮੌਕੇ ਡੀਐਸਪੀ ਮੋਹਿਤ ਅਗਰਵਾਲ, ਪੁਲਿਸ ਅਧਿਕਾਰੀ ਅਤੇ ਸ਼੍ਰੋਮਣੀ ਕਮੇਟੀ ਦਾ ਸਟਾਫ ਆਦਿ ਮੌਜੂਦ ਸਨ।
ਵੀਡੀਓ ਲਈ ਕਲਿੱਕ ਕਰੋ -: