ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਵੱਲੋਂ 11 ਜੁਲਾਈ ਨੂੰ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ, ਜਿਸ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬਾ ਸਰਕਾਰ ਦਬਾਅ ਬਣਾਉਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਅੱਗੇ ਨਹੀਂ ਝੁਕੇਗੀ।
ਉਨ੍ਹਾਂ ਅੱਗੇ ਚਿਤਾਵਨੀ ਦਿੰਦਿਆਂ ਕਿਹਾ ਕਿ ਜਿਹੜੇ ਮੁਲਾਜ਼ਮ ਮਹਿਜ਼ ਆਪਣੇ ਮੁਫਾਦ ਲਈ ਦਬਾਅ ਬਣਾਉਣ ਵਾਸਤੇ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕਰਨਗੇ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ।
ਜਿੰਪਾ ਨੇ ਕਿਹਾ ਕਿ ਉਨ੍ਹਾਂ ਦੀ ਹੜਤਾਲ ਨੂੰ ਗ਼ੈਰ-ਕਾਨੂੰਨੀ, ਵਿਕਾਸ ਵਿਰੋਧੀ ਅਤੇ ਲੋਕ ਹਿੱਤਾਂ ਦੇ ਵਿਰੁੱਧ ਮੰਨਿਆ ਜਾਵੇਗਾ ਕਿਉਂਕਿ ਐਸੋਸੀਏਸ਼ਨ ਦੇ ਬੈਨਰ ਹੇਠ ਕੁਝ ਵਿਅਕਤੀ ਆਪਣੇ ਆਹੁਦੇ ਦੀ ਦੁਰਵਰਤੋਂ ਕਰ ਕੇ ਮੁਲਾਜ਼ਮ ਭਾਈਚਾਰੇ ਨੂੰ ਗੁੰਮਰਾਹ ਕਰ ਰਹੇ ਹਨ।
ਉਨ੍ਹਾਂ ਸਮੂਹ ਮਾਲ ਕਰਮਚਾਰੀਆਂ ਨੂੰ ਕੰਮ ਜਾਰੀ ਰਖਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਜੇ ਮਾਲ ਵਿਭਾਗ ਦੇ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਨਿਭਾਉਣ ਵਿੱਚ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਨ੍ਹਾਂ ਦੇ ਦਰਵਾਜ਼ੇ ਹਮੇਸ਼ਾ ਖੁੱਲੇ ਹਨ।
ਵੀਡੀਓ ਲਈ ਕਲਿੱਕ ਕਰੋ -: