ਲੋਕਾਂ ਨੂੰ ਸਸਤੇ ਰੇਟ ‘ਤੇ ਰੇਤ ਮੁਹੱਈਆ ਕਰਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਜਲਦ ਹੀ 50 ਨਵੀਆਂ ਜਨਤਕ ਖਾਣਾਂ ਸ਼ੁਰੂ ਕਰੇਗੀ। ਇਸ ਸਬੰਧੀ ਫੈਸਲਾ ਖਣਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਪ੍ਰਧਾਨਗੀ ਅਧੀਨ ਹੋਈ ਉੱਚ ਪੱਧਰੀ ਬੈਠਕ ਦੌਰਾਨ ਲਿਆ ਗਿਆ। ਰੇਤ ਦੀ ਜਨਤਕ ਖਾਣਾਂ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਬੈਠਕ ਦੀ ਅਗਵਾਈ ਕਰਦੇ ਹੋਏ ਮੰਤਰੀ ਨੇ ਕਿਹਾ ਕਿ ਇਸ ਸਮੇਂ ਸੂਬੇ ਵਿਚ 32 ਜਨਤਕ ਖਾਣਾਂ ਚੱਲ ਰਹੀਆਂ ਹਨ ਜਿਸ ਦਾ ਲੋਕਾਂ ਨੂੰ ਵੱਡੇ ਪੱਧਰ ‘ਤੇ ਫਾਇਦਾ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਖਾਣਾਂ ਦੀ ਗਿਣਤੀ ਵਧਾਈ ਜਾਵੇਗੀ ਕਿਉਂਕਿ ਸੂਬਾ ਸਰਕਾਰ ਵੱਲੋਂ ਜਲਦ ਹੀ ਸੂਬੇ ਭਰ ਵਿਚ 50 ਨਵੀਆਂ ਜਨਤਕ ਖਾਣਾਂ ਸ਼ੁਰੂ ਕੀਤੀਆਂ ਜਾਣਗੀਆਂ। ਮੀਤ ਹੇਅਰ ਨੇ ਦੱਸਿਆ ਕਿ ਇਨ੍ਹਾਂ ਜਨਤਕ ਖਾਣਾਂ ਤੋਂ 5.50 ਰੁਪਏ ਪ੍ਰਤੀ ਘਣ ਫੁੱਟ ਦੇ ਹਿਸਾਬ ਨਾਲ ਰੇਤ ਮੁਹੱਈਆ ਕਰਵਾਈ ਜਾ ਰਹੀ ਹੈ। ਮੰਤਰੀ ਨੇ ਕਿਹਾ ਕਿ ਇਨ੍ਹਾਂ ਜਨਤਕ ਖਾਣਾਂ ਨੂੰ ਲੋਕਾਂ ਵੱਲੋਂ ਭਰਪੂਰ ਸਮਰਥਨ ਮਿਲਿਆ ਹੈ। ਮੀਤ ਹੇਅਰ ਨੇ ਇਹ ਵੀ ਕਿਹਾ ਕਿ ਹਾਲ ਹੀ ਵਿਚ ਕੈਬਨਿਟ ਵੱਲੋਂ ਮਨਜ਼ੂਰ ਕੀਤੀ ਗਈ ਨੀਤੀ ਅਨੁਸਾਰ ਵਿਭਾਗ ਵੱਲੋਂ ਹਰੇਕ 15 ਦਿਨਾਂ ਦੇ ਬਾਅਦ ਵਣਜ ਖਣਨ ਥਾਵਾਂ ਦੇ ਕਲਸਟਰਾਂ ਲਈ ਟੈਂਡਰ ਵੀ ਜਾਰੀ ਕੀਤੇ ਜਾਣਗੇ।
ਇਹ ਵੀ ਪੜ੍ਹੋ : ਮੁਕਤਸਰ ਪਹੁੰਚੇ CM ਮਾਨ, ਕਿਹਾ-’10 ਦਿਨ ‘ਚ ਹਰ ਕਿਸਾਨ ਤੇ ਮਜ਼ਦੂਰ ਨੂੰ ਮਿਲੇਗਾ ਮੁਆਵਜ਼ਾ’
ਖਣਨ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਪਹਿਲਾਂ ਹੀ 21 ਮਾਰਚ ਨੂੰ 14 ਕਲਸਟਰਾਂ ਲਈ ਟੈਂਡਰ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਗਲੇ 3 ਮਹੀਨਿਆਂ ਵਿਚ ਸਰਕਾਰ ਵੱਲੋਂ 100 ਦੇ ਲਗਭਗ ਕਲਸਟਰਾਂ ਲਈ ਟੈਂਡਰ ਮੰਗੇ ਜਾਣਗੇ। ਬੈਠਕ ਵਿਚ ਮੁੱਖ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ, ਡਾਇਰੈਕਟਰ ਡੀਪੀਐੱਸ ਖਰਬੰਦਾ, ਐੱਸਈਜ਼ ਤੇ ਜ਼ਿਲ੍ਹਾ ਖਣਨ ਅਧਿਕਾਰੀ ਹਾਜ਼ਰ ਸਨ।
ਵੀਡੀਓ ਲਈ ਕਲਿੱਕ ਕਰੋ -: