MLA Parminder Dhindsa and Kaka Randeep : ਪੰਜਾਬ ਦੇ ਸਿਆਸੀ ਆਗੂਆਂ ਦੇ ਕੋਰੋਨਾ ਦੀ ਲਪੇਟ ਵਿੱਚ ਆਉਣ ਦਾ ਸਿਲਸਿਲਾ ਅਜੇ ਵੀ ਜਾਰੀ ਹੈ। ਹੁਣ ਦੋ ਹੋਰ ਵਿਧਾਇਕਾਂ ਦੇ ਕੋਰੋਨਾ ਵਾਇਰਸ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿੱਚ ਲਹਿਰਾਗਾਗਾ ਤੋਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਅਤੇ ਅਮਲੋਹ ਤੋਂ ਵਿਧਾਇਕ ਕਾਕਾ ਰਣਦੀਪ ਸਿੰਘ ਸ਼ਾਮਲ ਹਨ।
ਦੱਸਣਯੋਗ ਹੈ ਕਿ ਪਰਮਿੰਦਰ ਸਿੰਘ ਢੀਂਡਸਾ ਦੀ ਪਤਨੀ ਦੀ ਪਿਛਲੇ ਦਿਨੀਂ ਕੋਰੋਨਾ ਪਾਜ਼ੀਟਿਵ ਰਿਪੋਰਟ ਆਉਣ ਤੋਂ ਬਾਅਦ ਵਿਧਾਇਕ ਖੁਦ ਅਤੇ ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਢੀਂਡਸਾ ਇਕਾਂਤਵਾਸ ਹੋ ਗਏ ਸਨ। ਹਾਲਾਂਕਿ ਉਨ੍ਹਾਂ ਨੇ 25 ਅਗਸਤ ਨੂੰ ਆਪਣਾ ਕੋਰੋਨਾ ਟੈਸਟ ਕਰਵਾਇਆ ਸੀ, ਜਿਸ ਦੀ ਰਿਪੋਰਟ ਨੈਗੇਟਿਵ ਆਈ ਸੀ ਪਰ ਬਾਅਦ ਵਿੱਚ 30 ਅਗਸਤ ਨੂੰ ਜਦੋਂ ਉਨ੍ਹਾਂ ਦੁਬਾਰਾ ਟੈਸਟ ਕਰਵਾਇਆ ਤਾਂ ਉਸ ਵਿੱਚ ਉਨ੍ਹਾਂ ਦੀ ਰਿਪੋਰਟ ਪਾਜ਼ੀਟਿਵ ਆਈ।
ਉਧਰ ਅਮਲੋਹ ਤੋਂ ਵਿਧਾਇਕ ਕਾਕਾ ਰਣਦੀਪ ਸਿੰਘ ਦੀ ਰਿਪੋਰਟ ਵੀ ਪਾਜ਼ੀਟਿਵ ਪਾਈ ਗਈ ਹੈ, ਜਿਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਫੇਸਬੁੱਕ ’ਤੇ ਦਿੱਤੀ ਹੈ। ਉਨ੍ਹਾਂ ਇਸ ਵਿੱਚ ਦੱਸਿਆ ਕਿ ਉਨ੍ਹਾਂ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਨੇ ਖੁਦ ਨੂੰ ਆਈਸੋਲੇਟ ਕਰ ਲਿਆ ਹੈ। ਹਾਲਾਂਕਿ ਉਨ੍ਹਾਂ ਦੇ ਬਾਕੀ ਪਰਿਵਾਰਕ ਮੈਂਬਰਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਕਾਕਾ ਰਣਦੀਪ ਸਿੰਘ ਨੇ ਲੋਕਾਂ ਨੂੰ ਕੋਰੋਨਾ ਮਰੀਜ਼ ਦੇ ਸੰਪਰਕ ਵਿੱਚ ਆਉਣ ’ਤੇ ਖੁਦ ਦਾ ਟੈਸਟ ਜ਼ਰੂਰ ਕਰਵਾਉਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰ ਵੱਲੋਂ ਕੋਰੋਨਾ ਸੰਬੰਧੀ ਦਿੱਤੀਆਂ ਹਿਦਾਇਤਾਂ ਦੀ ਪਾਲਣਾ ਕਰਨ ਲਈ ਵੀ ਕਿਹਾ। ਦੱਸਣਯੋਗ ਹੈ ਕਿ ਹੁਣ ਤੱਕ ਸੂਬੇ ਵਿੱਚ ਲਗਭਗ 33 ਮੰਤਰੀਆਂ ਤੇ ਵਿਧਾਇਕ ਇਸ ਵਾਇਰਸ ਦਾ ਸ਼ਿਕਾਰ ਹੋ ਚੁੱਕੇ ਹਨ ਤੇ ਇਨ੍ਹਾਂ ਵਿੱਚੋਂ ਵਧੇਰੇ ਮਾਮਲੇ ਪਹਿਲਾਂ ਤੋਂ ਹੀ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ ਹੀ ਹਨ।