ਕਾਂਗਰਸ ਪਾਰਟੀ ਦੇ ਵਿਧਾਇਕ ਸੰਦੀਪ ਜਾਖੜ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੇ ਭਤੀਜੇ ਵਿਧਾਇਕ ਸੰਦੀਪ ਜਾਖੜ ਨੂੰ ਕਾਂਗਰਸ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਨੂੰ ਕਾਂਗਰਸ ਪਾਰਟੀ ਵੱਲੋਂ ਪੱਤਰ ਜਾਰੀ ਕਰਕੇ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਕਾਂਗਰਸ ਪਾਰਟੀ ਵੱਲੋਂ ਜਾਰੀ ਪੱਤਰ ਵਿੱਚ ਕੁਝ ਨੁਕਤਿਆਂ ਦਾ ਜ਼ਿਕਰ ਕੀਤਾ ਗਿਆ ਹੈ, ਜਿਸ ਦੇ ਆਧਾਰ ‘ਤੇ ਉਨ੍ਹਾਂ ਨੂੰ ਮੁਅੱਤਲ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਵੱਲੋਂ ਆਯੋਜਿਤ ਭਾਰਤ ਜੋੜੋ ਯਾਤਰਾ ‘ਚ ਵੀ ਵਿਧਾਇਕ ਸੰਦੀਪ ਜਾਖੜ ਸ਼ਾਮਲ ਨਹੀਂ ਹੋਏ ਸਨ।
ਇਸ ਤੋਂ ਇਲਾਵਾ ਸੰਦੀਪ ਜਾਖੜ ‘ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਖਿਲਾਫ ਵੀ ਬਿਆਨਬਾਜ਼ੀ ਕਰਨ ਦੇ ਦੋਸ਼ ਲੱਗੇ ਹਨ। ਸੰਦੀਪ ਜਾਖੜ ਦੇ ਸਬੰਧ ‘ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਪਾਰਟੀ ਹਾਈਕਮਾਂਡ ਨੂੰ ਸ਼ਿਕਾਇਤ ਦਿੱਤੀ ਗਈ ਸੀ, ਜਿਸ ਤੋਂ ਬਾਅਦ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੇ ਕਾਰਵਾਈ ਕਰਦੇ ਹੋਏ ਸੰਦੀਪ ਜਾਖੜ ਨੂੰ ਪਾਰਟੀ ‘ਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ।
ਇਹ ਵੀ ਪੜ੍ਹੋ : PM ਕੌਮੀ ਬਾਲ ਪੁਰਸਕਾਰ ਲਈ 31 ਤੱਕ ਆਨਲਾਈਨ ਦਿਓ ਅਰਜ਼ੀ, ਇਸ ਹੈਲਪਲਾਈਨ ‘ਤੇ ਕਰੋ ਫੋਨ
ਇਸ ਦੇ ਨਾਲ ਹੀ ਵਿਧਾਇਕ ‘ਤੇ ਇਹ ਦੋਸ਼ ਵੀ ਲੱਗੇ ਹਨ ਕਿ ਉਹ ਜਿਸ ਘਰ ‘ਚ ਰਹਿੰਦੇ ਹਨ ਉਸ ਘਰ ‘ਤੇ ਭਾਜਪਾ ਦਾ ਝੰਡਾ ਲੱਗਾ ਹੋਇਆ ਹੈ ਅਤੇ ਸੰਦੀਪ ਜਾਖੜ ਖੁੱਲ੍ਹੇਆਮ ਆਪਣੇ ਚਾਚਾ ਸੁਨੀਲ ਜਾਖੜ ਦਾ ਪੱਖ ਲੈਂਦੇ ਰਹੇ ਹਨ। ਦੱਸ ਦੇਈਏ ਕਿ ਭਾਜਪਾ ਦੇ ਅਬੋਹਰ ਵਰਕਰ ਮੀਟਿੰਗ ਦੇ ਪ੍ਰੋਗਰਾਮ ਦੌਰਾਨ ਵਿਧਾਇਕ ਸੰਦੀਪ ਜਾਖੜ ਨੂੰ ਉੱਥੇ ਦੇਖਿਆ ਗਿਆ ਸੀ ਜਦੋਂ ਸੁਨੀਲ ਜਾਖੜ ਭਾਜਪਾ ਪੰਜਾਬ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਉੱਥੇ ਪਹੁੰਚੇ ਸਨ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਸੰਦੀਪ ਜਾਖੜ ਨੂੰ ਪਾਰਟੀ ‘ਚੋਂ ਕਦੋਂ ਤੱਕ ਕੱਢਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: