ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਸਿਰਫ ਜਨਵਰੀ ਮਹੀਨੇ ਵਿਚ 16 ਫੀਸਦੀ ਤੋਂ ਜ਼ਿਆਦਾ ਆਮਦਨ ਆਈ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ।
ਕੈਬਨਿਟ ਮੰਤਰੀ ਜਿੰਪਾ ਨੇ ਕਿਹਾ ਕਿ ਜਨਵਰੀ 2024 ਵਿਚ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਪੰਜਾਬ ਸਰਕਾਰ ਨੂੰ 376.16 ਕਰੋੜ ਰੁਪਏ ਦੀ ਆਮਦਨ ਹੋਈ ਹੈ ਜੋ ਕਿ ਪਿਛਲੇ ਸਾਲ ਦੇ ਜਨਵਰੀ ਮਹੀਨੇ ਨਾਲੋਂ 16.83 ਫੀਸਦੀ ਜ਼ਿਆਦਾ ਹੈ। ਜਨਵਰੀ 2023 ਵਿਚ ਇਹ ਆਮਦਨ 321.96 ਕਰੋੜ ਰੁਪਏ ਸੀ। ਜਿੰਪਾ ਨੇ ਕਿਹਾ ਕਿ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਸਟੈਂਪ ਤੇ ਰਜਿਸਟਰੇਸ਼ਨ ਤਹਿਤ ਇਕ ਵੱਡੀ ਰਕਮ ਸਰਕਾਰ ਦੇ ਖਜ਼ਾਨੇ ਵਿਚ ਆ ਰਹੀ ਹੈ।
ਇਹ ਵੀ ਪੜ੍ਹੋ : ਕਿਸਾਨ ਮੰਗਾਂ ਸਬੰਧੀ ਕੈਪਟਨ ਅਮਰਿੰਦਰ ਦੀ PM ਮੋਦੀ ਨਾਲ ਮਿਲਣੀ ਕਿਸਾਨਾਂ ਲਈ ਲਾਹੇਬੰਦ ਸਾਬਤ ਹੋਵੇਗੀ : ਟਿੱਕਾ
ਜਿੰਪਾ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਕੰਮ ਨੂੰ ਕਰਾਉਣ ਲਈ ਕਿਸੇ ਵੀ ਮੁਲਾਜ਼ਮ ਨੂੰ ਰਿਸ਼ਵਤ ਨਾ ਦਿੱਤੀ ਜਾਵੇ। ਇਸ ਤੋਂ ਇਲਾਵਾ ਮਾਲ ਵਿਭਾਗ ਸਬੰਧੀ ਸ਼ਿਕਾਇਤ ਹੈਲਪਲਾਈਨ ਨੰਬਰ 8184900002 ‘ਤੇ ਅਤੇ ਪ੍ਰਵਾਸੀ ਭਾਰਤੀ ਆਪਣੀ ਲਿਖਤੀ ਸ਼ਿਕਾਇਤ 9464100168 ‘ਤੇ ਦਰਜ ਕਰਵਾ ਸਕਦੇ ਹਨ।