ਪੰਜਾਬ ਦੀ ਸਿਆਸਤ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਲਗਾਤਾਰ ਵਿਰੋਧ ਦੇ ਬਾਵਜੂਦ ਹਾਈਕਮਾਨ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਸੂਬਾ ਪ੍ਰਧਾਨ ਬਣਾ ਦਿੱਤਾ ਗਿਆ ਹੈ। ਕਾਂਗਰਸ ਹਾਈਕਮਾਨ ਨੇ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕਰਨ ਦਾ ਰਸਮੀ ਐਲਾਨ ਕਰ ਦਿੱਤਾ ਹੈ।
ਸਿੱਧੂ ਦੀ ਪ੍ਰਧਾਨਗੀ ਵਾਲੀ ਕਮੇਟੀ ਦੇ ਚਾਰ ਕਾਰਜਕਾਰੀ ਮੈਂਬਰ ਬਣਾਏ ਗਏ ਹਨ, ਜਿਨ੍ਹਾਂ ਵਿੱਚ ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ ਡੈਨੀ, ਪਵਨ ਗੋਇਲ ਤੇ ਕੁਲਜੀਤ ਨਾਗਰਾ ਸ਼ਾਮਲ ਹਨ।
ਦੱਸਣਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਸੂਬਾ ਪ੍ਰਧਾਨ ਬਣਾਏ ਜਾਣ ਨੂੰ ਲੈ ਕੇ ਸਿਆਸਤ ਵਿੱਚ ਕਾਫੀ ਹਲਚਲ ਮਚੀ ਹੋਈ ਸੀ, ਜਿਸ ਵਿੱਚ ਕਾਂਗਰਸ ਦੇ ਵਿਧਾਇਕਾਂ ਤੇ ਮੰਤਰੀਆਂ ਦੀ ਧੜੇਬੰਦੀ ਬਣ ਚੁੱਕੀ ਸੀ। ਇਨ੍ਹਾਂ ਵਿੱਚੋਂ ਇੱਕ ਧੜਾ ਸਿੱਧੂ ਨਾਲ ਅਤੇ ਇੱਕ ਕੈਪਟਨ ਨਾਲ ਖੜ੍ਹਾ ਸੀ।
ਇਹ ਵੀ ਪੜ੍ਹੋ : Navjot Sidhu ਦੇ ਹੱਕ ‘ਚ ਸੁਨੀਲ ਜਾਖੜ ਦਾ ਵੱਡਾ ਦਾਅ, ਬੁਲਾਈ ਵਿਧਾਇਕਾਂ ਤੇ ਜਿਲ੍ਹਾਂ ਪ੍ਰਧਾਨਾਂ ਦੀ ਮੀਟਿੰਗ
ਇਸੇ ਨੂੰ ਲੈ ਕੇ ਸੁਨੀਲ ਜਾਖੜ ਨੇ ਕੱਲ੍ਹ ਵਿਧਾਇਕਾਂ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਵੀ ਬੁਲਾਈ ਹੋਈ ਹੈ। ਉਥੇ ਹੀ ਅੱਜ ਸਿੱਧੂ ਦੇ ਵਿਰੋਧ ਵਿੱਚ ਤੇ ਕੈਪਟਨ ਦੇ ਹੱਕ ਵਿੱਚ ਆਏ ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸੀ ਸੰਸਦ ਮੈਂਬਰਾਂ ਨਾਲ ਸੋਨੀਆ ਗਾਂਧੀ ਨਾਲ ਮੀਟਿੰਗ ਕੀਤੀ ਸੀ। ਉਥੇ ਹੀ ਸਿੱਧੂ ਨੂੰ ਸੂਬਾ ਪ੍ਰਧਾਨ ਬਣਾਏ ਜਾਣ ਨੂੰ ਲੈ ਕੇ ਬੀਤੇ ਦਿਨ ਹਰੀਸ਼ ਰਾਵਤ ਨੇ ਵੀ ਕੈਪਟਨ ਨਾਲ ਮੁਲਾਕਾਤ ਕੀਤੀ ਸੀ, ਜਿਸ ਤੋਂ ਬਾਅਦ ਮੁੱਖ ਮੰਤਰੀ ਇਸ ਗੱਲ ਲਈ ਸਹਿਮਤ ਹੋ ਗਏ ਸਨ ਪਰ ਅਜੇ ਵੀ ਮੁੱਖ ਮੰਤਰੀ ਨਵਜੋਤ ਸਿੱਧੂ ਤੋਂ ਨਾਰਾਜ਼ ਸਨ।
ਉਧਰ ਸਿੱਧੂ ਦੇ ਸਮਰਥਕਾਂ ਨੇ ਉਨ੍ਹਾਂ ਦੀ ਪ੍ਰਧਾਨਗੀ ਦੇ ਰਸਮੀ ਐਲਾਨ ਤੋਂ ਪਹਿਲਾਂ ਹੀ ਜਸ਼ਨ ਮਨਾਉਣੇ ਸ਼ੁਰੂ ਕਰ ਦਿੱਤੇ ਸਨ। ਅਖੀਰ ਸਿੱਧੂ ਦੀ ਕਾਂਗਰਸ ਦੀ ਪ੍ਰਧਾਨਗੀ ਦੀ ਤਾਜਪੋਸ਼ੀ ਹੋ ਹੀ ਗਈ।