Night Curfew also : ਪੰਜਾਬ ‘ਚ ਕੋਰੋਨਾ ਦੇ ਕੇਸ ਇੱਕ ਵਾਰ ਫਿਰ ਤੋਂ ਵਧਣ ਲੱਗੇ। ਇਸੇ ਦੇ ਮੱਦੇਨਜ਼ਰ ਪੰਜਾਬ ਦੇ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਨਾਈਟ ਕਰਫਿਊ ਦਾ ਐਲਾਨ ਕਰ ਦਿੱਤਾ ਗਿਆ ਹੈ। ਡੀ.ਸੀ. ਅਰਵਿੰਦਪਾਲ ਸਿੰਘ ਨੇ ਅਗਲੇ ਹੁਕਮਾਂ ਤੱਕ ਜਿਲ੍ਹੇ ‘ਚ ਰਾਤ 11 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤਕ ਕਰਫਿਊ ਦਾ ਐਲਾਨ ਕਰ ਦਿੱਤਾ ਹੈ। ਮਹਾਮਾਰੀ ਨੂੰ ਕੰਟਰੋਲ ਕਰਨ ਲਈ ਸੂਬਾ ਸਰਕਾਰ ਨੇ ਸਖਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਦੇ ਹੋਰ ਛੇ ਜ਼ਿਲ੍ਹਿਆਂ ਦੀ ਤਰਜ ’ਤੇ ਸ੍ਰੀ ਮੁਕਤਸਰ ਸਾਹਿਬ ਵਿੱਚ ਵੀ ਰਾਤ ਨੂੰ ਨਾਈਟ ਕਰਫਿਊ ਲਗਾ ਦਿੱਤਾ ਗਿਆ ਹੈ।
ਇਸ ਤੋਂ ਪਹਿਲਾਂ ਪੰਜਾਬ ਦੇ ਲੁਧਿਆਣਾ, ਪਟਿਆਲਾ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਫਤਿਹਗੜ੍ਹ ਸਾਹਿਬ ਅਤੇ ਨਵਾਂ ਸ਼ਹਿਰ ਵਿਚ ਰਾਤ ਦਾ ਕਰਫਿਊ ਲਗਾਇਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਇਕ ਵਾਰ ਫਿਰ ਰਾਜ ਵਿਚ ਕੋਰੋਨਾ ਦੇ ਸਰਗਰਮ ਮਾਮਲੇ 10 ਹਜ਼ਾਰ ਨੂੰ ਪਾਰ ਕਰ ਗਏ ਹਨ। ਡੀਸੀ ਅਰਵਿੰਦਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਹਾਮਾਰੀ ਨਾਲ ਨਜਿੱਠਣ ਲਈ ਇਹ ਕਦਮ ਚੁੱਕਣਾ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਹਿਦਾਇਤ ਦਿੱਤੀ ਕਿ ਉਹ ਕੋਰੋਨਾ ਗਾਈਡਲਾਈਨ ਦੀ ਪਾਲਣਾ ਕਰਨ।
ਪੰਜਾਬ ‘ਚ ਸ਼ਨੀਵਾਰ ਨੂੰ ਕੋਵਿਡ-19 ਨਾਲ 22 ਲੋਕਾਂ ਦੀ ਮੌਤ ਹੋ ਗਈ, ਜਦੋਂਕਿ ਪਿਛਲੇ 24 ਘੰਟਿਆਂ ਦੌਰਾਨ ਇਸ ਵਾਇਰਸ ਨਾਲ ਪ੍ਰਭਾਵਿਤ 1515 ਲੋਕ ਹਸਪਤਾਲਾਂ ਵਿਚ ਪਹੁੰਚੇ ਹਨ। ਜਲੰਧਰ ਜ਼ਿਲ੍ਹੇ ਦੇ 8 ਲੋਕਾਂ ਨੂੰ ਆਈਸੀਯੂ ਵਿਚ ਦਾਖਲ ਕਰਵਾਇਆ ਗਿਆ ਹੈ, ਜਦੋਂ ਕਿ 3-3 ਮਰੀਜ਼ਾਂ ਨੂੰ ਅੰਮ੍ਰਿਤਸਰ ਅਤੇ ਪਟਿਆਲਾ ਦੇ ਹਸਪਤਾਲਾਂ ‘ਚ ਆਕਸੀਜਨ ਸਪੋਰਟ ‘ਤੇ ਹਨ। ਸਭ ਤੋਂ ਵੱਧ ਕੇਸ ਕੱਲ੍ਹ ਜਿਲ੍ਹਾ ਹੁਸ਼ਿਆਰਪੁਰ ਤੋਂ 211 ਦਰਜ ਕੀਤੇ ਗਏ। ਸੂਬਾ ਸਰਕਾਰ ਵੱਲੋਂ ਸਕੂਲਾਂ ਨੂੰ ਵੀ ਬੰਦ ਕਰਵਾ ਦਿੱਤਾ ਗਿਆ ਹੈ ਤੇ ਜਿਨ੍ਹਾਂ ਜਿਲ੍ਹਿਆਂ ‘ਚ ਕੋਰੋਨਾ ਦੇ ਕੇਸ ਲਗਾਤਾਰ ਵੱਧ ਰਹੇ ਹਨ ਉਥੇ ਡੀ. ਸੀ. ਵੱਲੋਂ ਨਾਈਟ ਕਰਫਿਊ ਵੀ ਲਗਾਇਆ ਜਾ ਰਿਹਾ ਹੈ।