ਚੰਡੀਗੜ੍ਹ : ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੇ ਮੋਹਾਲੀ ਸਥਿਤ ਹੈੱਡਕੁਆਰਟਰ ਵਿਖੇ ਬੀਤੀ ਰਾਤ ਹੋਏ ਧਮਾਕੇ ਦਾ ਤੁਰੰਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਡੀਜੀਪੀ ਨੂੰ ਪੂਰੀ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਇਸ ਘਟਨਾ ਦੀ ਤਹਿ ਤੱਕ ਪਹੁੰਚ ਕੀਤੀ ਜਾ ਸਕੇ।
ਅੱਜ ਸਵੇਰੇ ਆਪਣੀ ਸਰਕਾਰੀ ਰਿਹਾਇਸ਼ ‘ਤੇ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਿਸੇ ਨੂੰ ਵੀ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਵਿਗਾੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਨਾਲ ਹੀ ਕਿਹਾ ਕਿ ਕੁਝ ਦੁਸ਼ਮਣ ਤਾਕਤਾਂ ਸੂਬੇ ਭਰ ਵਿੱਚ ਗੜਬੜ ਪੈਦਾ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀਆਂ ਹਨ। ਜੋ ਆਪਣੇ ਨਾਪਾਕ ਮਨਸੂਬਿਆਂ ਵਿੱਚ ਕਦੇ ਕਾਮਯਾਬ ਨਹੀਂ ਹੋਣਗੀਆਂ।
ਇਸ ਦੌਰਾਨ ਡੀਜੀਪੀ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਕੁਝ ਸ਼ੱਕੀ ਵਿਅਕਤੀਆਂ ਨੂੰ ਹੋਰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਹੈ ਤਾਂ ਜੋ ਪੁਲਿਸ ਇਸ ਅਣਸੁਖਾਵੀਂ ਘਟਨਾ ਦੀਆਂ ਜੜ੍ਹਾਂ ਤੱਕ ਪਹੁੰਚ ਸਕੇ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਮੁੱਖ ਮੰਤਰੀ ਨੇ ਭਰੋਸਾ ਪ੍ਰਗਟਾਉਂਦਿਆਂ ਕਿਹਾ ਕਿ ਇਸ ਘਟਨਾ ਦੇ ਦੋਸ਼ੀਆਂ ਨੂੰ ਜਲਦੀ ਹੀ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ ਅਤੇ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਭਵਿੱਖ ਵਿੱਚ ਅਜਿਹੀਆਂ ਘਿਨਾਉਣੀਆਂ ਘਟਨਾਵਾਂ ਨੂੰ ਅੰਜਾਮ ਨਾ ਦੇਣ ਲਈ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ।