ਪੰਜਾਬ ਵਿੱਚ ਹੁਣ ਸਬਸਿਡੀ ਵਾਲੇ ਖੇਤੀ ਸੰਦਾਂ ਉਪਰ ਲੇਜ਼ਰ ਨਾਲ ਨੰਬਰ ਲਿਖਿਆ ਜਾਵੇਗਾ। ਮਾਨ ਸਰਕਾਰ ਨੇ ਸਬਸਿਡੀ ਦੇ ਨਾਮ ‘ਤੇ ਹੋ ਰਹੀ ਕਾਲਾਬਾਜ਼ਾਰੀ ਨੂੰ ਲੈ ਕੇ ਇਹ ਕਦਮ ਚੁੱਕਿਆ ਹੈ। ਸਰਕਾਰ ਦਾ ਕਹਿਣਾ ਹੈ ਕਿ ਖੇਤੀ ਸੰਦਾਂ ‘ਤੇ ਪੰਜਾਬ ਸਰਕਾਰ ਵੱਲੋਂ ਤੈਅ ਮਾਪਦੰਡਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਏਗਾ। ਇਸ ਦੇ ਨਾਲ ਹੀ ਸਰਕਾਰ ਪਰਾਲੀ ਪ੍ਰਬੰਧਨ ਦੀ ਚੁਣੌਤੀ ਨਾਲ ਨਜਿੱਠਣ ਲਈ ਵੀ ਪੂਰੀ ਤਰ੍ਹਾਂ ਤਿਆਰ ਹੈ।
ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਸਬਸਿਡੀ ਵਾਲੀ ਖੇਤੀਬਾੜੀ ਮਸ਼ੀਨਰੀ ਉਪਰ ਲੇਜ਼ਰ ਨਾਲ ਵਿਸ਼ੇਸ਼ ਨੰਬਰ ਲਗਾਏ ਜਾਣ ਦੇ ਹੁਕਮ ਦੇ ਦਿੱਤੇ ਗਏ ਹਨ ਤਾਂਕਿ ਸਬਸਿਡੀ ਦੇ ਨਾਮ ‘ਤੇ ਕਿਸੇ ਕਿਸਮ ਦੀ ਕਾਲਾਬਾਜ਼ਾਰੀ ਨਾ ਹੋ ਸਕੇ।
ਕੁਲਦੀਪ ਸਿੰਘ ਧਾਲੀਵਾਲ ਅੱਜ ਪਟਿਆਲਾ ਦੇ ਪਿੰਡ ਦੌਲਤਪੁਰ ਵਿਖੇ ਜੀ.ਐਸ.ਏ.ਆਈ. ਦੀ ਐਗਰੀਜ਼ੋਨ ਯੂਨਿਟ ਵਿਖੇ ਸੁਪਰਸੀਡਰ ਤੇ ਹੋਰ ਮਸ਼ੀਨਰੀ ਦਾ ਪੰਜਾਬ ਸਰਕਾਰ ਵੱਲੋਂ ਰੱਖੇ ਮਾਪਦੰਡਾਂ ‘ਤੇ ਖਰ੍ਹੇ ਉਤਰਨ ਸਬੰਧੀ ਮੁਆਇਨਾ ਕਰਨ ਪੁੱਜੇ ਹੋਏ ਸਨ।
ਖੇਤੀ ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਇਹ ਚਾਹੁੰਦੀ ਹੈ ਕਿ ਕਿਸਾਨ ਇਸ ਮਸ਼ੀਨਰੀ ਦਾ ਪੂਰਾ ਲਾਭ ਉਠਾਉਣ ਤਾਂ ਕਿ ਪੰਜਾਬ ‘ਚ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਦੀ ਸੰਭਾਲ ਕੀਤੀ ਜਾਵੇ ਅਤੇ ਨਾਲ-ਨਾਲ ਛੋਟੀਆਂ ਸਨਅਤਾਂ ਨੂੰ ਵੀ ਉਤਸ਼ਾਹਤ ਕੀਤਾ ਜਾ ਸਕੇ। ਉਨ੍ਹਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਤੇ ਫ਼ਸਲਾਂ ਦੀ ਹੋਰ ਰਹਿੰਦ-ਖੂੰਹਦ ਨੂੰ ਜਮੀਨ ਵਿੱਚ ਹੀ ਦਬਾਉਣ ਲਈ ਆਧੁਨਿਕ ਖੇਤੀ ਸੰਦਾਂ ਦੀ ਵਰਤੋਂ ਕਰਨ।
ਕੁਲਦੀਪ ਸਿੰਘ ਧਾਲੀਵਾਲ, ਜਿਨ੍ਹਾਂ ਕੋਲ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਪਰਵਾਸੀ ਮਾਮਲੇ ਵਿਭਾਗ ਵੀ ਹਨ, ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣਾ ਅਤੇ ਖੇਤੀਬਾੜੀ ਰਹਿੰਦ-ਖੂੰਹਦ ਅਤੇ ਪਰਾਲੀ ਪ੍ਰਬੰਧਨ ਇੱਕ ਵੱਡੀ ਚੁਣੌਤੀ ਹੈ, ਜਿਸ ਨਾਲ ਨਜਿੱਠਣ ਵਾਸਤੇ ਪੰਜਾਬ ਸਰਕਾਰ ਨੇ ਅਗੇਤੇ ਪ੍ਰਬੰਧ ਕਰ ਲਏ ਹਨ। ਉਨ੍ਹਾਂ ਨਾਲ ਹੀ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਕਿਸਾਨਾਂ ਨੂੰ ਬਿਹਤਰ ਖੇਤੀ ਮਸ਼ੀਨਰੀ ਉਪਲਬੱਧ ਕਰਵਾਉਣ ਲਈ ਵਚਨਬੱਧ ਹੈ ਤਾਂ ਕਿ ਖੇਤੀ ਨੂੰ ਲਾਹੇਵੰਦ ਧੰਦਾ ਬਣਾਇਆ ਜਾ ਸਕੇ।
ਇੱਕ ਸਵਾਲ ਦੇ ਜਵਾਬ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਕਿਸਾਨਾਂ ਨੂੰ ਦਿੱਤੀਆਂ ਮਸ਼ੀਨਾਂ ਦੀ ਵੰਡ ਵਿੱਚ ਮੁੱਢਲੇ ਤੌਰ ‘ਤੇ 150 ਕਰੋੜ ਰੁਪਏ ਦਾ ਘਪਲਾ ਹੋਣ ਦੀ ਸੰਭਾਵਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਸ ਦੀ ਜਾਂਚ ਵਿਜੀਲੈਂਸ ਤੋਂ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਤੋਂ ਆਗਿਆ ਮੰਗੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਸਾਫ਼-ਸੁਥਰਾ ਤੇ ਭ੍ਰਿਸ਼ਟਾਚਾਰ ਰਹਿਤ ਪ੍ਰਸਾਸ਼ਨ ਦੇਣ ਲਈ ਵਚਨਬੱਧ ਹੈ, ਜਿਸ ਲਈ ਇਸ ਮਾਮਲੇ ਵਿੱਚ ਜੇਕਰ ਕੋਈ ਵੀ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : 9 ਹੋਰ ਵਿਭਾਗਾਂ ‘ਚ ਲਾਏ ਗਏ ਚੇਅਰਮੈਨ, CM ਮਾਨ ਨੇ ਦਿੱਤੀ ਵਧਾਈ, ਰਾਘਵ ਚੱਢਾ ਨੇ ਵੀ ਕੀਤਾ ਟਵੀਟ
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਮੌਕੇ ਇਹ ਵੀ ਸੁਨੇਹਾ ਦਿੱਤਾ ਕਿ ਭਗਵੰਤ ਮਾਨ ਸਰਕਾਰ ਖੇਤੀਬਾੜੀ ਸੰਦਾਂ ਉਪਰ ਸਬਸਿਡੀ ਦੇ ਨਾਮ ‘ਤੇ ਕੀਤੀ ਜਾਂਦੀ ਕਾਲਾਬਾਜ਼ਾਰੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰੇਗੀ ਅਤੇ ਖੇਤੀ ਸੰਦਾਂ ‘ਤੇ ਸਬਸਿਡੀ ਦਾ ਲਾਭ ਸਿੱਧਾ ਕਿਸਾਨਾਂ ਨੂੰ ਹੀ ਦਿੱਤਾ ਜਾਵੇਗਾ। ਉਨ੍ਹਾਂ ਖੇਤੀ ਸੰਦ ਬਣਾਉਣ ਵਾਲੀਆਂ ਕੰਪਨੀਆਂ ਨੂੰ ਅਪੀਲ ਕੀਤੀ ਕਿ ਖੇਤੀ ਸੰਦ ਬਣਾਉਣ ਅਤੇ ਕਿਸਾਨਾਂ ਨੂੰ ਮੁਹੱਈਆ ਕਰਵਾਉਣ ਸਮੇਂ ਸਰਕਾਰ ਵਲੋਂ ਤੈਅ ਮਾਪਦੰਡਾਂ ਦੀ ਇਨ-ਬਿਨ ਪਾਲਣਾ ਯਕੀਨੀ ਬਣਾਉਣ ਤਾਂਕਿ ਸਰਕਾਰ ਨੂੰ ਸਬਸਿਡੀ ਦੇਣ ਵਿਚ ਕੋਈ ਦਿੱਕਤ ਨਾ ਆਵੇ।
ਵੀਡੀਓ ਲਈ ਕਲਿੱਕ ਕਰੋ -: