ਓਡਿਸ਼ਾ ਦੇ ਬਾਲਾਸੋਰ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਕੋਰੋਮੰਡਲ ਐਕਸਪ੍ਰੈੱਸ ਦੇ 6 ਤੋਂ 7 ਡੱਬੇ ਪਟੜੀ ਤੋਂ ਉਤਰਨ ਮਗਰੋਂ ਦੂਜੇ ਟਰੈਕ ‘ਤੇ ਆ ਰਹੀ ਟ੍ਰੇਨ ਨਾਲ ਟਕਰਾ ਗਏ। ਇਸ ਹਾਦਸੇ ਵਿੱਚ ਹੁਣ ਤੱਕ 50 ਯਾਤਰੀਆਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ ਕਰੀਬ 350 ਯਾਤਰੀ ਜ਼ਖਮੀ ਹੋਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਹਾਦਸਾ ਸ਼ਾਮ 7.20 ਮਿੰਟ ਬਾਹਾਨਗਾ ਬਾਜ਼ਾਰ ਸਟੇਸ਼ਨ ‘ਤੇ ਉਦੋਂ ਹੋਇਆ ਜਦੋਂ ਕੋਰੋਮੰਡਲ ਐਕਸਪ੍ਰੈੱਸ ਕੋਲਕਾਤਾ ਦੇ ਨੇੜੇ ਸ਼ਾਲੀਮਾਰ ਸਟੇਸ਼ਨ ਤੋਂ ਚੇਨਈ ਸੈਂਟਰਲ ਜਾ ਰਹੀ ਸੀ।
ਦੱਖਣੀ ਪੂਰਬ ਰੇਲਵੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਹਾਦਸਾ ਰਾਹਤ ਟ੍ਰੇਨ ਘਟਨਾ ਸਥਾਨ ‘ਤੇ ਰਵਾਨਾ ਕੀਤੇ ਗਏ ਹਨ। ਹਾਦਸੇ ਤੋਂ ਬਾਅਦ ਤੇਜ਼ੀ ਨਾਲ ਬਚਾਅ ਕਾਰਜ ਕਰਦੇ ਹੋਏ 300 ਯਾਤਰੀਆਂ ਨੂੰ ਕੱਢਿਆ ਜਾ ਚੁੱਕਾ ਹੈ। 700 ਯਾਤਰੀ ਅਜੇ ਵੀ ਫਸੇ ਹੋਏ ਹਨ।
ਕੋਰੋਮੰਡਲ ਐਕਸਪ੍ਰੈਸ ਹਾਦਸੇ ਵਿੱਚ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਉਨ੍ਹਾਂ ਟਵੀਟ ਕੀਤਾ ਕਿ ਓਡੀਸ਼ਾ ਵਿੱਚ ਹੋਏ ਮੰਦਭਾਗੇ ਹਾਦਸੇ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਵਾਰਸਾਂ ਨੂੰ 10 ਲੱਖ ਰੁਪਏ, ਜ਼ਖ਼ਮੀਆਂ ਨੂੰ 2 ਲੱਖ ਰੁਪਏ ਅਤੇ ਮਾਮੂਲੀ ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।
ਓਡੀਸ਼ਾ ਰੇਲ ਹਾਦਸੇ ‘ਤੇ ਦੁੱਖ ਪ੍ਰਗਟ ਕਰਦੇ ਹੋਏ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਉਨ੍ਹਾਂ ਨੇ ਆਪਣੇ ਟਵੀਟ ‘ਚ ਕਿਹਾ ਕਿ ਬਾਲਾਸੋਰ ‘ਚ ਵਾਪਰਿਆ ਰੇਲ ਹਾਦਸਾ ਬੇਹੱਦ ਮੰਦਭਾਗਾ ਹੈ ਅਤੇ ਉਹ ਇਸ ਤੋਂ ਬਹੁਤ ਦੁਖੀ ਹਨ। ਉਨ੍ਹਾਂ ਕਿਹਾ ਕਿ ਉਹ ਪੀੜਤ ਪਰਿਵਾਰਾਂ ਨਾਲ ਦਿਲੀਂ ਹਮਦਰਦੀ ਪ੍ਰਗਟ ਕਰਦੀ ਹੈ। ਬਚਾਅ ਕਾਰਜ ਦੀ ਸਫਲਤਾ ਲਈ ਅਰਦਾਸ ਕਰਨ ਦੇ ਨਾਲ-ਨਾਲ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।
ਇਹ ਵੀ ਪੜ੍ਹੋ : ਔਡੀ ਚਾਹਵਾਲਾ! ਪੰਜਾਬ-ਹਰਿਆਣਾ ਦੇ 2 ਦੋਸਤ ਲਗਜ਼ਰੀ Audi ਗੱਡੀ ‘ਚ ਸੜਕ ‘ਤੇ ਵੇਚ ਰਹੇ ਚਾਹ
ਉਥੇ ਹੀ ਓਡੀਸ਼ਾ ਦੇ ਬਾਲਾਸੋਰ ‘ਚ ਹੋਏ ਰੇਲ ਹਾਦਸੇ ਤੋਂ ਬਾਅਦ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੇ ਟਵੀਟ ਕੀਤਾ ਹੈ। ਉਨ੍ਹਾਂ ਨੇ ਆਪਣੇ ਟਵੀਟ ਵਿੱਚ ਲਿਖਿਆ ਹੈ ਕਿ ਕੋਰੋਮੰਡਲ ਐਕਸਪ੍ਰੈਸ ਹਾਦਸੇ ਤੋਂ ਮੈਂ ਬਹੁਤ ਦੁਖੀ ਹਾਂ। ਉਨ੍ਹਾਂ ਲੋਕਾਂ ਪ੍ਰਤੀ ਮੇਰੀ ਸੰਵੇਦਨਾ ਹੈ ਜਿਨ੍ਹਾਂ ਨੇ ਆਪਣੇ ਪਰਿਵਾਰ ਵਾਲਿਆਂ ਨੂੰ ਗੁਆ ਦਿੱਤਾ ਹੈ। ਉਨ੍ਹਾਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕੀਤੀ ਹੈ। ਇਸ ਦੇ ਨਾਲ ਹੀ ਰਾਹੁਲ ਗਾਂਧੀ ਨੇ ਕਾਂਗਰਸ ਵਰਕਰਾਂ ਅਤੇ ਨੇਤਾਵਾਂ ਨੂੰ ਬਚਾਅ ਕਾਰਜ ਵਿੱਚ ਹਰ ਸੰਭਵ ਮਦਦ ਦੀ ਅਪੀਲ ਵੀ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: