On the occasion : ਖਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਦੋ ਦਿਨਾ ਕੋਰੋਨਾ ਜਾਂਚ ਕੈਂਪ ਲਗਾਇਆ ਗਿਆ ਹੈ ਜੋ ਕਿ ਅੱਜ ਸ਼ੁਰੂ ਹੋ ਗਿਆ ਹੈ। ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਦਾ 72 ਘੰਟੇ ਪਹਿਲਾਂ ਦਾ ਟੈਸਟ ਕਰਵਾਉਣਾ ਲਾਜ਼ਮੀ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਯਾਤਰਾ ਵਿਭਾਗ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ ਤੇ ਸੁਪਰਡੈਂਟ ਬਲਵਿੰਦਰ ਸਿੰਘ ਨੇ ਦੱਸਿਆ ਕਿ, ਸ਼੍ਰੋਮਣੀ ਕਮੇਟੀ ਵਲੋਂ 793 ਸ਼ਰਧਾਲੂਆਂ ਦੇ ਪਾਸਪੋਰਟ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 356 ਵੀਜ਼ੇ ਕੱਟ ਕੇ ਕੁੱਲ 437 ਵੀਜ਼ੇ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਿੱਖ ਸ਼ਰਧਾਲੂਆਂ ਦਾ ਜਥਾ 12 ਅਪ੍ਰੈਲ ਨੂੰ ਅਟਾਰੀ ਵਾਹਘਾ ਸੜਕ ਰਸਤੇ ਪਾਕਿਸਤਾਨ ਰਵਾਨਾ ਹੋਵੇਗਾ ਤੇ 22 ਅਪ੍ਰੈਲ ਨੂੰ ਭਾਰਤ ਪਰਤ ਆਵੇਗਾ। ਸਮਝਿਆ ਜਾਂਦਾ ਹੈ ਕਿ ਭਾਰਤ ਸਰਕਾਰ ਤੇ ਪਾਕਿਸਤਾਨੀ ਦੂਤਾਵਾਸ ਵਲੋਂ ਕੋਰੋਨਾ ਨੂੰ ਲੈ ਕੇ ਇਸ ਵਾਰ ਵੀਜ਼ੇ ਘੱਟ ਜਾਰੀ ਕੀਤੇ ਗਏ ਹਨ।
ਸ਼੍ਰੋਮਣੀ ਕਮੇਟੀ ਵੱਲੋਂ ਇਹ ਕੈਂਪ ਮੁੱਖ ਦਫਤਰ ਵਿਚ ਲਗਾਇਆ ਗਿਆ ਹੈ ਤੇ ਜੇਕਰ ਸ਼ਰਧਾਲੂ ਚਾਹੁਣ ਤਾਂ ਉਹ ਬਾਹਰੋਂ ਵੀ ਆਪਣਾ ਕੋਰੋਨਾ ਟੈਸਟ ਕਰਵਾ ਸਕਦੇ ਹਨ ਕਿਉਂਕਿ ਪਾਕਿਸਤਾਨ ਜਾਣ ਵਾਸਤੇ ਸਾਰੇ ਸ਼ਰਧਾਲੂਆਂ ਕੋਲ 72 ਘੰਟੇ ਪਹਿਲਾਂ ਦੀ ਕੋਰੋਨਾ ਟੈਸਟ ਦੀ ਰਿਪੋਰਟ ਹੋਣੀ ਬਹੁਤ ਹੀ ਜ਼ਰੂਰੀ ਹੈ ਤਾਂ ਹੀ ਉਸ ਦੀ ਐਂਟਰੀ ਹੋ ਸਕੇਗੀ ਤਾਂ ਜੋ ਕੋਰੋਨਾ ਪ੍ਰੋਟੋਕਾਲ ਦੀ ਚੰਗੀ ਤਰ੍ਹਾਂ ਪਾਲਣਾ ਹੋ ਸਕੇ ਅਤੇ ਸ਼ਰਧਾਲੂ ਗੁਰੂਧਾਮ ਦੇ ਦਰਸ਼ਨ ਕਰ ਸਕਣ। ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਭੇਜਿਆ ਜਾ ਰਿਹਾ ਹੈ। ਇਸ ਸਬੰਧ ਵਿਚ ਪਾਕਿਸਤਾਨ ਅੰਬੈਸੀ ਨੂੰ ਸ਼ਰਧਾਲੂਆਂ ਦੇ ਵੇਰਵੇ ਭੇਜੇ ਦਿੱਤੇ ਗਏ ਹਨ। ਜਿਨ੍ਹਾਂ ਸ਼ਰਧਾਲੂਆਂ ਨੇ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਕੋਲ ਜਮ੍ਹਾਂ ਕਰਵਾਏ ਹਨ, ਸਰਕਾਰੀ ਨਿਯਮਾਂ ਅਨੁਸਾਰ ਉਨ੍ਹਾਂ ਲਈ 72 ਘੰਟੇ ਪਹਿਲਾਂ ਕੋਰੋਨਾ ਟੈੱਸਟ ਕਰਵਾਉਣਾ ਜ਼ਰੂਰੀ ਹੋਵੇਗਾ। ਦੂਜੇ ਪਾਸੇ, ਸ਼ਰਧਾਲੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਉਹ ਵਿਸਾਖੀ ਨੂੰ ਪਾਕਿਸਤਾਨ ਵਿੱਚ ਮਨਾਉਣ ਜਾ ਰਹੇ ਹਨ, ਉਹ ਉਤਸ਼ਾਹਿਤ ਹਨ ਕਿ ਉਨ੍ਹਾਂ ਨੂੰ ਵਾਹਿਗੁਰੂ ਨੇ ਇੱਕ ਮੌਕਾ ਦਿੱਤਾ ਹੈ।