ਲੁਧਿਆਣਾ ਵਿੱਚ ਤਾਜਪੁਰ ਰੋਡ ਡੰਪ ਸਾਈਟ ‘ਤੇ ਇੱਕ ਝੁੱਗੀ ਵਿੱਚ ਅਚਾਨਕ ਅੱਗ ਲੱਗਣ ਦੇ ਮਾਮਲੇ ਵਿੱਚ NGTT ਨੇ ਨਗਰ ਨਿਗਮ ‘ਤੇ 100 ਕਰੋੜ ਦਾ ਜੁਰਮਾਨਾ ਲਾਇਆ ਹੈ। 15 ਅਪ੍ਰੈਲ 2022 ਦੀ ਰਾਤ ਨੂੰ ਅੱਗ ਲੱਗਣ ਕਰਕੇ ਝੁੱਗੀ ਵਿੱਚ ਸੁੱਤੇ ਪਏ 7 ਲੋਕ ਜਿਊਂਦੇ ਸੜ ਕੇ ਮਰ ਗਏ। ਮ੍ਰਿਤਕਾਂ ਦੀ ਪਛਾਣ ਸੁਰੇਸ਼ (55), ਉਸ ਦੀ ਪਤਨੀ ਰੋਨਾ ਰਾਣੀ (50) ਅਤੇ ਉਨ੍ਹਾਂ ਦੇ ਬੱਚੇ ਰਾਖੀ (15), ਮਨੀਸ਼ਾ (10), ਚਾਂਦਨੀ (5), ਗੀਤਾ (6) ਅਤੇ ਸੰਨੀ (2) ਵਜੋਂ ਹੋਈ ਸੀ।
ਮ੍ਰਿਤਕ ਕੂੜਾ ਚੁੱਕਣ ਵਾਲੇ ਸਨ ਅਤੇ ਪਿਛਲੇ 10 ਸਾਲਾਂ ਤੋਂ ਡੰਪ ਸਾਈਟ (ਢੇਰੋਂ) ਨੇੜੇ ਰਹਿ ਰਹੇ ਸਨ। ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ.ਜੀ.ਟੀ.) ਨੇ ਲੁਧਿਆਣਾ ਨਗਰ ਨਿਗਮ ‘ਤੇ 100 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ ਅਤੇ ਨਗਰ ਨਿਗਮ ਨੂੰ ਇਹ ਰਕਮ ਇਕ ਮਹੀਨੇ ਵਿੱਚ ਜ਼ਿਲਾ ਮੈਜਿਸਟ੍ਰੇਟ ਕੋਲ ਜਮ੍ਹਾ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਨਿਗਮ ਵੱਲੋਂ ਜਮ੍ਹਾਂ ਕਰਵਾਈ ਰਾਸ਼ੀ ਲਈ ਵੱਖਰਾ ਖਾਤਾ ਬਣਾਇਆ ਜਾਵੇਗਾ, ਜਿਸ ਦੀ ਨਿਗਰਾਨੀ ਕਮੇਟੀ ਵੱਲੋਂ ਕੀਤੀ ਜਾਵੇਗੀ।
ਹਾਦਸੇ ਤੋਂ ਬਾਅਦ ਐਨਜੀਟੀ ਦੀ ਟੀਮ ਨੇ ਵੀ ਘਟਨਾ ਸਥਾਨ ਦਾ ਦੌਰਾ ਕੀਤਾ। ਚੈਕਿੰਗ ਦੌਰਾਨ ਵੀ ਕਈ ਥਾਵਾਂ ’ਤੇ ਕੂੜੇ ਦੇ ਢੇਰਾਂ ’ਚੋਂ ਧੂੰਆਂ ਨਿਕਲ ਰਿਹਾ ਸੀ। ਇਸ ਤੋਂ ਬਾਅਦ ਨਿਗਮ ਅਧਿਕਾਰੀਆਂ ਦੀ ਐਨਜੀਟੀ ਟੀਮ ਨੇ ਕਲਾਸ ਵੀ ਲਗਾਈ ਸੀ। ਟ੍ਰਿਬਿਊਨਲ ਨੇ 25 ਜੁਲਾਈ, 2022 ਨੂੰ ਦਿੱਤੇ ਹੁਕਮਾਂ ਵਿੱਚ ਕਿਹਾ ਕਿ ਜੇ ਨਿਗਮ 100 ਕਰੋੜ ਰੁਪਏ ਦੀ ਜੁਰਮਾਨੇ ਦੀ ਰਕਮ ਜਮ੍ਹਾ ਕਰਵਾਉਣ ਵਿੱਚ ਅਸਮਰੱਥ ਹੈ ਤਾਂ ਉਹ ਸੂਬਾ ਸਰਕਾਰ ਨਾਲ ਸੰਪਰਕ ਕਰੇ।
ਐਨਜੀਟੀ ਦੇ ਚੇਅਰਪਰਸਨ ਜਸਟਿਸ ਆਦਰਸ਼ ਕੁਮਾਰ ਗੋਇਲ ਦੀ ਅਗਵਾਈ ਵਾਲੇ ਬੈਂਚ ਨੇ ਹੁਕਮਾਂ ਵਿੱਚ ਕਿਹਾ ਕਿ ਡੰਪ ਵਾਲੀ ਥਾਂ ’ਤੇ ਅੱਗ ਲੱਗਣ ਕਰਕੇ ਜਾਨੀ ਨੁਕਸਾਨ ਦੀ ਸੰਭਾਵਨਾ ਦੇ ਮੱਦੇਨਜ਼ਰ ਨਗਰ ਨਿਗਮ ਉਨ੍ਹਾਂ ਨੂੰ ਮੁਆਵਜ਼ਾ ਦੇਣ ਲਈ ਜ਼ਿੰਮੇਵਾਰ ਠਹਿਰਾਉਂਦਾ ਹੈ। ਇਹ ਰਕਮ ਇੱਕ ਮਹੀਨੇ ਦੇ ਅੰਦਰ ਜ਼ਿਲ੍ਹਾ ਮੈਜਿਸਟਰੇਟ ਲੁਧਿਆਣਾ ਕੋਲ ਜਮ੍ਹਾ ਕਰਵਾਉਣੀ ਪਵੇਗੀ। ਮੁਆਵਜ਼ਾ 57.5 ਲੱਖ ਰੁਪਏ ਹੋਣ ਦਾ ਅਨੁਮਾਨ ਹੈ।
50 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਲਈ 10 ਲੱਖ ਰੁਪਏ ਅਤੇ 20 ਸਾਲ ਤੋਂ ਘੱਟ ਉਮਰ ਦੇ ਹਰੇਕ ਵਿਅਕਤੀ ਲਈ 7.5 ਲੱਖ ਰੁਪਏ ਤੈਅ ਕੀਤੇ ਗਏ ਹਨ। ਦੂਜੇ ਪਾਸੇ ਪਰਿਵਾਰ ਦੇ ਇਕੱਲੇ ਬਚੇ ਵਿਅਕਤੀ (ਪੁਰਸ਼) ਨੂੰ 1 ਲੱਖ ਰੁਪਏ ਦਾ ਭੁਗਤਾਨ ਕੀਤਾ ਜਾਣਾ ਚਾਹੀਦਾ ਹੈ ਅਤੇ ਬਾਕੀ ਦੀ ਰਕਮ ਐੱਫ.ਡੀ ਦੇ ਰੂਪ ਵਿਚ ਰੱਖੀ ਜਾਣੀ ਚਾਹੀਦੀ ਹੈ, ਜਦੋਂ ਤੱਕ ਸਾਰੀ ਰਕਮ ਵੰਡੀ ਨਹੀਂ ਜਾਂਦੀ, 5 ਲੱਖ ਰੁਪਏ ਦਾ ਵਿਆਜ ਹਰ ਸਾਲ ਮਿਲਦਾ ਰਹੇਗਾ।
ਇਹ ਵੀ ਪੜ੍ਹੋ : ਤਾਲਿਬਾਨ ਨੇ ਦੇਸ਼ ਛੱਡ ਕੇ ਗਏ ਸਿੱਖਾਂ ਨੂੰ ਦੇਸ਼ ਵਾਪਸ ਪਰਤਣ ਦੀ ਕੀਤੀ ਅਪੀਲ, ਸਕਿਓਰਿਟੀ ਦਿਵਾਉਣ ਦਾ ਵਾਅਦਾ
NGT ਦੇ ਇਸ ਫੈਸਲੇ ਤੋਂ ਬਾਅਦ ਲੁਧਿਆਣਾ ਨਗਰ ਨਿਗਮ ‘ਚ ਭਾਜੜਾਂ ਪੈ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਅੱਜ ਅਧਿਕਾਰੀ ਇਸ ਮਾਮਲੇ ਨੂੰ ਲੈ ਕੇ ਲੋਕਲ ਬਾਡੀ ਮੰਤਰੀ ਨਿੱਝਰ ਨੂੰ ਮਿਲ ਸਕਦੇ ਹਨ। ਮਿਲੀ ਜਾਣਕਾਰੀ ਮੁਤਾਬਕ ਐਨਜੀਟੀ ਦੀ ਟੀਮ ਆਉਣ ਵਾਲੇ ਦਿਨਾਂ ਵਿੱਚ ਕਿਸੇ ਵੀ ਦਿਨ ਦੁਬਾਰਾ ਡੰਪਿੰਗ ਸਾਈਟ ਦਾ ਅਚਨਚੇਤ ਨਿਰੀਖਣ ਕਰ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: