ਹਾਲ ਹੀ ਵਿੱਚ ਹੋਈਆਂ ਘਟਨਾਵਾਂ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਭਖ ਗਈ ਹੈ। ਪੰਜਾਬ ਵਿੱਚ ਵਿਗੜਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਸਾਰੀਆਂ ਵਿਰੋਧੀ ਧਿਰਾਂ ਇਕਜੁੱਟ ਹੋ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਖਿਲਾਫ ਮੋਰਚਾ ਖੋਲ੍ਹ ਸਕਦੀਆਂ ਹਨ। ਕਾਂਗਰਸ ਨੇ ਸੂਬੇ ਦੀਆਂ ਸਾਰੀਆਂ ਵਿਰੋਧੀ ਧਿਰਾਂ ਨੂੰ ਸਰਕਾਰ ਖਿਲਾਫ ਇਕਜੁੱਟ ਹੋਣ ਦਾ ਸੱਦਾ ਦਿੱਤਾ ਹੈ।
ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਸਰਕਾਰ ਨੂੰ ਜਗਾਉਣ ਲਈ ਸਾਰੀਆਂ ਵਿਰੋਧੀ ਧਿਰਾਂ ਨੂੰ ਭਲਕੇ ਸਾਂਝੇ ਪਲੇਟਫਾਰਮ ‘ਤੇ ਇਕੱਠੇ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚੇ ਵਿੱਚ ਵਧੀ ਹੋਈ ਅਸਰੁੱਖਿਆ ਦੀ ਭਾਵਨਾ ਨੂੰ ਮੁੱਖ ਰਖਦੇ ਹੋਏ, ਪੰਜਾਬ ਕਾਂਗਰਸ ਸਾਰੀਆਂ ਵਿਰੋਧੀ ਧਿਰਾਂ ਨੂੰ ਹੱਥ ਜੋੜ ਕੇ ਬੇਨਤੀ ਕਰਦੀ ਹੈ ਕਿ ਸਿਆਸੀ ਮਤਭੇਦ ਭੁਲਾ ਕੇ ਇੱਕ ਪਲੇਟਫਾਰਮ ‘ਤੇ ਇਕੱਠੇ ਹੋ ਕੇ ਪੰਜਾਬ ਨੂੰ ਬਚਾਉਣ ਦੀ ਰਣਨੀਤੀ ਘੜੀਏ। ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਇਸ ਦੀ ਪਹਿਲ ਕਰਦੇ ਹੋਏ ਸਭ ਨਾਲ ਗੱਲਬਾਤ ਕਰੇਗੀ।
ਦੱਸ ਦੇਈਏ ਕਿ ਪਿਛਲੇ ਕੁਝ ਮਹੀਨਿਆਂ ਵਿੱਚ ਹੋਈਆਂ ਘਟਨਾਵਾਂ ਜਿਨ੍ਹਾਂ ਵਿੱਚ ਪਟਿਆਲਾ ਹਿੰਸਕ ਝੜਪ, ਮੋਹਾਲੀ ਇੰਸਟੈਲੀਜੈਂਸ ਦਫਤਰ ‘ਤੇ ਹਮਲਾ ਤੇ ਹੁਣ ਸਿੱਧੂ ਮੂਸੇਵਾਲਾ ਦੇ ਦਿਨ-ਦਿਹਾੜੇ ਕਤਲ ਨੇ ਸੂਬੇ ਵਿੱਚ ਸਿਆਸਤ ਨੂੰ ਭਖਾ ਦਿੱਤਾ ਹੈ। ਵਿਰੋਧੀ ਧਿਰਾਂ ਲਗਾਤਾਰ ਸਰਕਾਰ ‘ਤੇ ਨਿਸ਼ਾਨੇ ਵਿੰਨ੍ਹ ਰਹੀਆਂ ਹਨ।
ਮਾਨ ਸਰਕਾਰ ‘ਤੇ ਪੰਜਾਬ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਦੇ ਵਿਗੜਣ ਨੂੰ ਲੈ ਕੇ ਦੋਸ਼ਾਂ ਦਾ ਸਿਲਸਿਲਾ ਜਾਰੀ ਹੈ। ਦੂਜੇ ਪਾਸੇ ਵੀ.ਆਈ.ਪੀ. ਕਲਚਰ ਖਤਮ ਕਰਨ ਦੇ ਨਾਂ ‘ਤੇ ਸਕਿਓਰਿਟੀ ਘਟਾਉਣ ਤੇ ਵਾਪਸ ਲੈਣ ਨੂੰ ਲੈ ਕੇ ਵੀ ਸਰਕਾਰ ਵਿਵਾਦਾਂ ਵਿੱਚ ਘਿਰੀ ਹੋਈ ਹੈ। ਹਾਲਾਂਕਿ ਹਾਈਕੋਰਟ ਨੇ ਇਹ ਸੁਰੱਖਿਆ ਮੁੜ ਬਹਾਲ ਕਰਨ ਦੇ ਹੁਕਮ ਦੇ ਦਿੱਤੇ ਹਨ।
ਵੀਡੀਓ ਲਈ ਕਲਿੱਕ ਕਰੋ -: