ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜੋ ਇਸ ਵੇਲੇ ਹਸਪਤਾਲ ਵਿੱਚ ਭਰਤੀ ਹਨ, ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਹੱਕ ਵਿੱਚ ਬੋਲਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਸ ਮਸਲੇ ਵੱਲ ਧਿਆਨ ਦੇਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਉਹ ਉਨ੍ਹਾਂ ਦੀ ਰਿਹਾਈ ਵਾਲੀ ਫਾਈਲ ‘ਤੇ ਦਸਤਖ਼ਤ ਕਰਨ ਤਾਂਜੋ ਉਹ ਜੇਲ੍ਹ ਤੋਂ ਬਾਹਰ ਆ ਸਕਣ।
ਉਨ੍ਹਾਂ ਕਿਹਾ ਕਿ ਮੈਂ ਆਪਣੀ ਜ਼ਿੰਦਗੀ ਵਿੱਚ ਸਭ ਤੋਂ ਵੱਧ ਜ਼ੋਰ ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ‘ਤੇ ਦਿੱਤਾ ਹੈ, ਜਿਸ ਤੋਂ ਬਗੈਰ ਕੋਈ ਸੂਬਾ ਤਰੱਕੀ ਨਹੀਂ ਕਰ ਸਕਦਾ। ਇਸ ਵੇਲੇ ਦੇਸ਼ ਵਿੱਚ ਬਹੁਤ ਵੱਡਾ ਮਸਲਾ ਪ੍ਰੋ. ਦਵਿੰਦਰਪਾਲ ਸਿੰਘ ਦੀ ਰਿਹਾਈ ਹੈ, ਜੋ ਲੰਮੇ ਸਮੇਂ ਤੋਂ ਜੇਲ੍ਹ ਵਿੱਚ ਹਨ ਤੇ ਆਪਣੀ ਜੇਲ੍ਹ ਯਾਤਰਾ ਪੂਰੀ ਖਤਮ ਹੋ ਚੁੱਕੀ ਹਨ।
ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਰਿਹਾਈ ਕੇਂਦਰ ਸਰਕਾਰ ਤੇ ਜੁਡੀਸ਼ਰੀ ਵੱਲੋਂ ਵੀ ਪ੍ਰਵਾਨ ਕਰ ਦਿੱਤੀ ਗਈ ਹੈ ਪਰ ਪਤਾ ਨਹੀਂ ਕੀ ਕਾਰਨ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਅਜੇ ਤੱਕ ਉਨ੍ਹਾਂ ਦੀ ਰਿਹਾਈ ਨੂੰ ਕਿਉਂ ਰੋਕੀ ਬੈਠੇ ਹਨ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਉਨ੍ਹਾਂ ਕਿਹਾ ਕਿ ਇਹ ਇੱਕ ਬਹੁਤ ਇਮੋਸ਼ਨਲ ਜਿਹਾ ਮਸਲਾ ਹੈ ਇਸ ਵਿੱਚ ਉਨ੍ਹਾਂ ਨੂੰ ਰੁਕਾਵਟ ਨਹੀਂ ਬਣਨਾ ਚਾਹੀਦਾ ਹੈ। ਉਨ੍ਹਾਂ ਅਰਵਿੰਦ ਕੇਜਰੀਵਾਲ ਨੂੰ ਬੇਨਤੀ ਕੀਤੀ ਕਿ ਉਹ ਤੁਰੰਤ ਇਸ ਮਸਲੇ ਵੱਲ ਧਿਆਨ ਦੇਣ ਤਾਂ ਜੋ ਲੰਮੇ ਸਮੇਂ ਬਾਅਦ ਪ੍ਰੋ. ਭੁੱਲਰ ਬਾਹਰ ਦੀ ਖੁੱਲ੍ਹੀ ਹਵਾ ਦੇਖ ਸਕਣ ਅਤੇ ਆਪਣੇ ਮਿੱਤਰ-ਪਿਆਰਿਆਂ ਨੂੰ ਮਿਲ ਸਕਣ।
ਇਸ ਦੇ ਨਾਲ ਹੀ ਸ. ਬਾਦਲ ਜੋ ਕੋਰੋਨਾ ਪੌਜ਼ੀਟਿਵ ਹੋਣ ਕਰਕੇ ਲੁਧਿਆਣਾ ਦੇ ਡੀ.ਐੱਮ.ਸੀ. ਹਸਪਤਾਲ ਵਿੱਚ ਭਰਤੀ ਹਨ, ਨੇ ਆਪਣੀ ਸਿਹਤ ਬਾਰੇ ਦੱਸਦਿਆਂ ਕਿਹਾ ਕਿ ਉਹ ਸਿਹਤਯਾਬ ਹੋ ਰਹੇ ਹਨ ਅਤੇ ਉਮੀਦ ਹੈ ਕਿ ਉਨ੍ਹਾਂ ਨੂੰ ਜਲਦ ਹੀ ਹਸਪਤਾਲੋਂ ਛੁੱਟੀ ਮਿਲ ਜਾਏਗੀ।