ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਕੋਟਕਪੂਰਾ-ਬਹਿਬਲ ਕਲਾਂ ਪੁਲਿਸ ਗੋਲੀਕਾਂਡ ਮਾਮਲੇ ਦੇ ਮੁੱਖ ਦੋਸ਼ੀ ਪੁਲਿਸ ਅਧਿਕਾਰੀ ਪਰਮਰਾਜ ਉਮਰਾਨੰਗਲ ਅਤੇ ਉਸ ਦੇ ਪਰਿਵਾਰ ਨੂੰ ਲੋੜੀਂਦੀ ਸੁਰੱਖਿਆ ਮੁਹੱਈਆ ਕਰਵਾਉਣ ਲਈ ਕਿਹਾ ਹੈ। ਮੰਤਰਾਲੇ ਨੇ ਉਮਰਾਨੰਗਲ ਅਤੇ ਉਸਦੇ ਪਰਿਵਾਰ ਨੂੰ ਸਿੱਖ ਕੱਟੜਪੰਥੀਆਂ ਅਤੇ ਅੱਤਵਾਦੀਆਂ ਤੋਂ ਗੰਭੀਰ ਖਤਰੇ ਦਾ ਖਦਸ਼ਾ ਪ੍ਰਗਟਾਇਆ ਹੈ।
ਪਰਮਰਾਜ ਉਮਰਾਨੰਗਲ ਨੇ ਆਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਮੰਤਰਾਲੇ ਨੂੰ ਅਪੀਲ ਕੀਤੀ ਸੀ। ਮੰਤਰਾਲੇ ਨੇ ਇਸ ਬਾਰੇ ਕੇਂਦਰੀ ਸੁਰੱਖਿਆ ਏਜੰਸੀਆਂ ਦੀ ਰਾਏ ਮੰਗੀ ਸੀ। ਕੇਂਦਰੀ ਸੁਰੱਖਿਆ ਏਜੰਸੀਆਂ ਵੱਲੋਂ ਮੰਤਰਾਲੇ ਨੂੰ ਸੌਂਪੀ ਗਈ ਰਿਪੋਰਟ ਅਨੁਸਾਰ ਉਮਰਾਨੰਗਲ ਦੇ ਪਰਿਵਾਰ ਨੂੰ ਪੰਜਾਬ ਵਿੱਚ ਖਾੜਕੂਵਾਦ ਦੌਰਾਨ ਸਿੱਖ ਅੱਤਵਾਦੀਆਂ ਦਾ ਸਾਹਮਣਾ ਕਰਨਾ ਪਿਆ ਸੀ। ਉਸਦੇ ਪਿਤਾ ਨੂੰ 1987 ਵਿੱਚ ਭਿੰਡਰਾਂਵਾਲਾ ਟਾਈਗਰ ਫੋਰਸ ਦੇ ਅੱਤਵਾਦੀਆਂ ਨੇ ਮਾਰ ਦਿੱਤਾ ਸੀ। 1988 ਵਿੱਚ, ਉਨ੍ਹਾਂ ਦੇ ਪਰਿਵਾਰ ਉੱਤੇ ਵੀ ਪਿੰਡ ਉਮਰਾਨੰਗਲ ਵਿੱਚ ਅੱਤਵਾਦੀਆਂ ਨੇ ਕਈ ਵਾਰ ਹਮਲਾ ਕੀਤਾ ਸੀ।
ਚਿੱਠੀ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਕੋਟਕਪੂਰਾ-ਬਹਿਬਲ ਕਲਾਂ ਪੁਲਿਸ ਗੋਲੀਬਾਰੀ ਮਾਮਲੇ ਦੇ ਮੁੱਖ ਮੁਲਜ਼ਮ ਹੋਣ ਦੇ ਨਾਤੇ, ਉਮਰਾਨੰਗਲ ਨੂੰ ਭਾਰਤ ਅਤੇ ਵਿਦੇਸ਼ਾਂ ਵਿੱਚ ਲੁਕੇ ਸਿੱਖ ਕੱਟੜਪੰਥੀਆਂ ਦੀਆਂ ਧਮਕੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ ਦਿਨੀਂ ਪਾਬੰਦੀਸ਼ੁਦਾ ਸੰਗਠਨ ਸਿੱਖ ਫਾਰ ਜਸਟਿਸ (ਐਸਐਫਜੇ) ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂ ਨੇ ਉਨ੍ਹਾਂ ਅਤੇ ਪੰਜਾਬ ਦੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ‘ਤੇ ਸਿੱਖਾਂ ‘ਤੇ ਕਥਿਤ ਅੱਤਿਆਚਾਰ ਦਾ ਦੋਸ਼ ਲਗਾਇਆ ਸੀ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਰਿਸ਼ਤੇਦਾਰਾਂ ਦੀ ਪਛਾਣ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਸੀ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੇ ਬਿਆਨ ‘ਤੇ ਬੁਰੇ ਫਸੇ ਕੈਪਟਨ : ਹਰਿਆਣਾ ਤੱਕ ਘੇਰਿਆ ਵਿਰੋਧੀ ਪਾਰਟੀਆਂ ਨੇ, ਪੰਚਕੂਲਾ ‘ਚ ਭਾਜਪਾਈਆਂ ਨੇ ਸਾੜੇ ਪੁਤਲੇ
ਦੱਸਣਯੋਗ ਹੈ ਕਿ ਫ਼ਰੀਦਕੋਟ ਵਿੱਚ ਅਕਤੂਬਰ 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਕੋਟਕਪੂਰਾ ਦੇ ਸਿੱਖਾਂ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਸੀ। ਇਸ ਦੌਰਾਨ, 14 ਅਕਤੂਬਰ, 2015 ਨੂੰ ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਸਿੱਖਾਂ ਨੂੰ ਖਿੰਡਾਉਣ ਲਈ ਗੋਲੀਬਾਰੀ ਕੀਤੀ, ਜਿਸ ਨਾਲ ਦੋ ਪ੍ਰਦਰਸ਼ਨਕਾਰੀ ਸਿੱਖਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਇਸ ਮਾਮਲੇ ਵਿੱਚ ਪੰਜਾਬ ਦਾ ਸਿੱਖ ਭਾਈਚਾਰਾ ਤਿੰਨ ਵੱਡੇ ਪੁਲਿਸ ਅਧਿਕਾਰੀਆਂ, ਤਤਕਾਲੀ ਡੀਜੀਪੀ ਸੁਮੇਧ ਸੈਣੀ, ਆਈਜੀ ਪਰਮਰਾਜ ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਨੂੰ ਮੁੱਖ ਦੋਸ਼ੀ ਮੰਨਦਾ ਹੈ ਅਤੇ ਲਗਾਤਾਰ ਉਨ੍ਹਾਂ ਦੀ ਗ੍ਰਿਫਤਾਰੀ ਦੀ ਮੰਗ ਕਰਦਾ ਆ ਰਿਹਾ ਹੈ।