ਸ੍ਰੀ ਕਰਤਾਰਪੁਰ ਸਾਹਿਬ ਜਾਣ ਲਈ ਸਿੱਖ ਸੰਗਤਾਂ ਕੋਲ ਪਾਸਪੋਰਟ ਹੋਣਾ ਜ਼ਰੂਰੀ ਹੈ, ਪਾਸਪੋਰਟ ਨਾ ਹੋਣ ਕਰਕੇ ਕਈ ਸੰਗਤਾਂ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਤੋਂ ਵਾਂਝੀਆਂ ਰਹਿ ਜਾਂਦੀਆਂ ਹਨ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੇਨਤੀ ਕੀਤੀ ਹੈ ਕਿ ਉਹ ਸ੍ਰੀ ਕਰਤਾਰਪੁਰ ਸਾਹਿਬ ਜਾਣ ਲਈ ਪਾਸਪੋਰਟ ਦੀ ਥਾਂ ਆਧਾਰ ਕਾਰਡ ਨਾਲ ਇਜਾਜ਼ਤ ਦੇਣ ਲਈ ਪਾਕਿਸਤਾਨ ਸਰਕਾਰ ਨਾਲ ਗੱਲ ਕਰਨ।
ਸਾਬਕਾ ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ ਕਿ ਫਿਲਹਾਲ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂ ਕੋਲ ਪਾਸਪੋਰਟ ਹੋਣਾ ਜ਼ਰੂਰੀ ਹੈ। ਉਨ੍ਹਾਂ ਭਾਰਤ ਸਰਕਾਰ ਨੂੰ ਇਸ ਵਿੱਚ ਢਿੱਲ ਦੇਣ ਦੀ ਬੇਨਤੀ ਕਰਦਿਆਂ ਆਧਾਰ ਕਾਰਡ ਨਾਲ ਸ੍ਰੀ ਕਰਤਾਰਪੁਰ ਸਾਹਿਬ ਦਰਸ਼ਨਾਂ ਦੀ ਇਜਾਜ਼ਤ ਦੇਣ ਲਈ ਪਾਕਿਸਤਾਨ ਸਰਕਾਰ ਨਾਲ ਗੱਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਉਮੀਦ ਪ੍ਰਗਟਾਈ ਕਿ ਦੋਵੇਂ ਸਰਕਾਰਾਂ ਨਾਨਕ ਨਾਮ ਲੇਵਾ ਸੰਗਤਾਂ ਦੇ ਹਿੱਤ ਵਿੱਚ ਇਸ ਲਈ ਸਹਿਮਤ ਹੋਣਗੀਆਂ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਜਦੋਂ ਉਨ੍ਹਾਂ ਦੀ ਸਰਕਾਰ ਸੀ ਤਾਂ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ 20 ਡਾਲਰ ਦੀ ਫੀਸ ਦਾ ਐਲਾਨ ਕੀਤਾ ਸੀ, ਪਰ ਕੋਵਿਡ ਕਰਕੇ ਲੱਗੀਆਂ ਪਾਬੰਦੀਆਂ ਕਰਕੇ ਇਹ ਲਾਂਘਾ ਬੰਦ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪਵਿੱਤਰ ਅਸਥਾਨ ਦੇ ‘ਖੁੱਲ੍ਹੇ ਦਰਸ਼ਨ ਦੀਦਾਰ’ ਨੂੰ ਯਕੀਨੀ ਬਣਾਉਣ ਲਈ ਮੌਜੂਦਾ ਪੰਜਾਬ ਸਰਕਾਰ ਨੂੰ ਵੀ ਇਸ ਫੈਸਲੇ ਨੂੰ ਲਾਗੂ ਕਰਨਾ ਚਾਹੀਦਾ ਹੈ।