ਪ੍ਰਧਾਨ ਮੰਤਰੀ ਨਰਿੰਦਰ ਮੋਦੀ 14 ਫਰਵਰੀ ਨੂੰ ਪੰਜਾਬ ਆ ਰਹੇ ਹਨ। ਇੱਥੇ ਉਹ ਜਲੰਧਰ ‘ਚ ਦੋਆਬਾ ਖੇਤਰ ਲਈ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਇਸ ਲਈ ਥਾਂ ਵੀ ਨਿਸ਼ਚਿਤ ਕਰ ਲਈ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ ਦੇ ਪੀਏਪੀ (ਪੰਜਾਬ ਆਰਮਡ ਪੁਲਿਸ ਗਰਾਊਂਡ) ਗਰਾਊਂਡ ਵਿੱਚ ਰੈਲੀ ਕਰਨਗੇ। ਇਸ ਦੇ ਲਈ ਪ੍ਰਸ਼ਾਸਨ ਨੇ ਸਾਰੇ ਪ੍ਰਬੰਧ ਕਰਨੇ ਸ਼ੁਰੂ ਕਰ ਦਿੱਤੇ ਹਨ।
ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਅਤੇ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਰੈਲੀ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਜ਼ਰੂਰੀ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਸਬੰਧਤ ਅਥਾਰਟੀ ਨੂੰ ਸਮੇਂ ਸਿਰ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਹਦਾਇਤ ਕੀਤੀ ਕਿ ਸੁਰੱਖਿਆ ਪੱਖੋਂ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਨਾ ਵਰਤੀ ਜਾਵੇ।
ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨੇ ਇੱਕ ਵਰਚੂਅਲ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ ਅਤੇ ਡੀਜੀਪੀ ਵੀਕੇ ਭਾਵਰਾ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੇਰੀ ਦਾ ਜਾਇਜ਼ਾ ਲਿਆ। ਮੀਟਿੰਗ ਵਿੱਚ ਦੋਵਾਂ ਅਧਿਕਾਰੀਆਂ ਵੱਲੋਂ ਸੁਰੱਖਿਆ ਪ੍ਰਬੰਧਾਂ ਬਾਰੇ ਜਾਣੂ ਕਰਵਾਇਆ ਗਿਆ।
ਵੀਡੀਓ ਲਈ ਕਲਿੱਕ ਕਰੋ -:
“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 14 ਫਰਵਰੀ ਨੂੰ ਪ੍ਰਧਾਨ ਮੰਤਰੀ ਦੀ ਫੇਰੀ ਦੇ ਮੱਦੇਨਜ਼ਰ ਲੋਕਾਂ ਦੀ ਸਹੂਲਤ ਲਈ ਢੁੱਕਵੇਂ ਟ੍ਰੈਫਿਕ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਮੁੱਖ ਸਕੱਤਰ ਅਤੇ ਡੀਜੀਪੀ ਨਾਲ ਮੀਟਿੰਗ ਦੌਰਾਨ ਜ਼ਿਲ੍ਹਾ ਭਾਜਪਾ ਪ੍ਰਧਾਨ ਸੁਸ਼ੀਲ ਸ਼ਰਮਾ ਅਤੇ ਸਾਬਕਾ ਮੇਅਰ ਸੁਨੀਲ ਜੋਤੀ ਵੀ ਮੌਜੂਦ ਸਨ। ਇਸ ਮੌਕੇ ਪੀਏਪੀ ਦੇ ਆਈਜੀ ਜਸਕਰਨ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਸਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਅਮਰਜੀਤ ਬੈਂਸ, ਜ਼ਿਲ੍ਹਾ ਭਾਜਪਾ ਪ੍ਰਧਾਨ ਰਮੇਸ਼ ਸ਼ਰਮਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।