ਕੈਨੇਡਾ ਤੋਂ ਕਰੀਬ 700 ਭਾਰਤੀ ਵਿਦਿਆਰਥੀਆਂ ਨੂੰ ਭਾਰਤ ਡਿਪੋਰਟ ਕਰਨ ਦੇ ਮਾਮਲੇ ‘ਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹੁਣ ਅੱਗੇ ਆਏ ਹਨ। ਉਨ੍ਹਾਂ ਕਿਹਾ ਕਿ ਉਹ ਭਾਰਤੀ ਵਿਦਿਆਰਥੀ ਨਾਲ ਹੋਈ ਧੋਖਾਧੜੀ ਤੋਂ ਜਾਣੂ ਹਨ। ਇਸ ਕਾਰਨ ਸਾਰੇ ਵਿਦਿਆਰਥੀਆਂ ਨੂੰ ਆਪਣਾ ਪੱਖ ਪੇਸ਼ ਕਰਨ ਦਾ ਮੌਕਾ ਦਿੱਤਾ ਜਾਵੇਗਾ।
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਕੈਨੇਡੀਅਨ ਸਰਕਾਰ ਦਾ ਮਕਸਦ ਪੀੜਤਾਂ ਨੂੰ ਸਜ਼ਾ ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਰੇ ਵਿਦਿਆਰਥੀ ਆਪਣਾ ਪੱਖ ਪੇਸ਼ ਕਰ ਸਕਣਗੇ ਅਤੇ ਉਨ੍ਹਾਂ ਨੂੰ ਨਿਆਂ ਜ਼ਰੂਰ ਮਿਲੇਗਾ।
ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੀ ਐਕਸ਼ਨ ਮੋਡ ਵਿੱਚ ਆਈ ਸੀ ਕਿਉਂਕਿ ਜ਼ਿਆਦਾਤਰ ਵਿਦਿਆਰਥੀ ਪੰਜਾਬ ਦੇ ਸਨ। ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਐਡਵੋਕੇਟ ਜਨਰਲ (ਏਜੀ) ਵਿਨੋਦ ਘਈ ਨਾਲ ਵਿਦਿਆਰਥੀਆਂ ਦੀ ਨੁਮਾਇੰਦਗੀ ਲਈ ਮੀਟਿੰਗ ਕੀਤੀ। ਮੰਤਰੀ ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਨੇ 7 ਜੂਨ ਦੀ ਰਾਤ ਨੂੰ ਵਿਦਿਆਰਥੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਗੱਲਬਾਤ ਕੀਤੀ ਸੀ। ਇਸ ਸਬੰਧੀ ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ।
ਐਨਆਰਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਧਾਲੀਵਾਲ ਨੇ ਵਿਦਿਆਰਥੀਆਂ ਦੀ ਮਦਦ ਲਈ ਏਜੀ ਵਿਨੋਦ ਘਈ ਨਾਲ ਕਾਨੂੰਨੀ ਪੱਖ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਸਾਰੇ ਵਿਦਿਆਰਥੀਆਂ ਦੀ ਹਰ ਸੰਭਵ ਮਦਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਪੰਜਾਬ ਸਰਕਾਰ ਸਾਰੇ 700 ਭਾਰਤੀ ਵਿਦਿਆਰਥੀਆਂ ਲਈ ਲਾਬਿੰਗ ਕਰਕੇ ਦੇਸ਼ ਨਿਕਾਲੇ ਦੇ ਖ਼ਤਰੇ ਨੂੰ ਟਾਲਣ ਦੀ ਕੋਸ਼ਿਸ਼ ਕਰ ਰਹੀ ਹੈ।
ਮੰਤਰੀ ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਏਜੀ ਨੂੰ ਇਮੀਗ੍ਰੇਸ਼ਨ ਕੇਸ ਨਾਲ ਸਬੰਧਤ ਵਕੀਲ ਲੱਭਣ ਅਤੇ ਵਿਦਿਆਰਥੀਆਂ ਦੇ ਕੇਸ ਦੀ ਪੈਰਵੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਹ ਖ਼ੁਦ ਵੀ ਦਿੱਲੀ ਵਿੱਚ ਕੈਨੇਡਾ ਦੇ ਰਾਜਦੂਤ ਅਤੇ ਇਮੀਗ੍ਰੇਸ਼ਨ ਮੰਤਰੀ ਨੂੰ ਪੱਤਰ ਲਿਖਣਗੇ। ਇਸ ਦੇ ਨਾਲ ਹੀ ਕੈਨੇਡਾ ‘ਚ ਬੈਠੇ ਭਾਰਤੀ ਰਾਜਦੂਤ ਨੂੰ ਵੀ ਪੱਤਰ ਲਿਖਿਆ ਜਾਵੇਗਾ। ਮੰਤਰੀ ਨੇ ਕਿਹਾ ਕਿ ਚੌਥਾ ਪੱਤਰ ਉਸ ਕਾਲਜ ਨੂੰ ਲਿਖਿਆ ਜਾਵੇਗਾ ਜਿੱਥੋਂ ਭਾਰਤੀ ਵਿਦਿਆਰਥੀਆਂ ਨੇ ਸਿੱਖਿਆ ਹਾਸਲ ਕੀਤੀ ਹੈ, ਤਾਂ ਜੋ ਉਨ੍ਹਾਂ ਦੀ ਮਦਦ ਕੀਤੀ ਜਾ ਸਕੇ।
ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਜਾਂਚ ਵਿੱਚ ਪਾਇਆ ਗਿਆ ਹੈ ਕਿ ਭਾਰਤੀ ਵਿਦਿਆਰਥੀਆਂ ਨੇ ਜਾਣਬੁੱਝ ਕੇ ਕੋਈ ਜਾਅਲਸਾਜ਼ੀ ਨਹੀਂ ਕੀਤੀ ਹੈ। ਉਨ੍ਹਾਂ ਨਾਲ ਟਰੈਵਲ ਏਜੰਟ ਨੇ ਧੋਖਾਧੜੀ ਕੀਤੀ ਹੈ। ਪੰਜਾਬ ਸਰਕਾਰ ਦੋਸ਼ੀ ਟਰੈਵਲ ਏਜੰਟ ਖਿਲਾਫ ਸਖਤ ਕਾਨੂੰਨੀ ਕਾਰਵਾਈ ਕਰੇਗੀ।
ਇਹ ਵੀ ਪੜ੍ਹੋ : ‘ਸਰਕਾਰ ਤੁਹਾਡੇ ਦੁਆਰ’, ਮਾਨਸਾ ‘ਚ ਇਸ ਦਿਨ ਹੋਵੇਗੀ ਕੈਬਨਿਟ ਮੀਟਿੰਗ, CM ਮਾਨ ਨੇ ਦਿੱਤੀ ਜਾਣਕਾਰੀ
ਦਰਅਸਲ, ਇਹ ਸਾਰੇ ਭਾਰਤੀ ਵਿਦਿਆਰਥੀ ਟਰੈਵਲ ਏਜੰਟ ਦੀ ਧੋਖਾਧੜੀ ਦਾ ਸ਼ਿਕਾਰ ਹੋ ਗਏ। ਕਿਉਂਕਿ ਜੋ ਭਾਰਤੀ ਵਿਦਿਆਰਥੀ ਸਟੱਡੀ ਵੀਜ਼ੇ ‘ਤੇ ਕੈਨੇਡਾ ਗਏ ਸਨ, ਉਨ੍ਹਾਂ ਦੇ ਦਸਤਾਵੇਜ਼ ਜਾਂਚ ‘ਚ ਜਾਅਲੀ ਪਾਏ ਗਏ ਸਨ। ਵਿਦਿਆਰਥੀਆਂ ਨੂੰ ਭਾਰਤ ਡਿਪੋਰਟ ਕਰਨ ਦੇ ਮਾਮਲੇ ਵਿੱਚ ਕੈਨੇਡਾ ਦੇ ਸ਼ਹਿਰ ਮਿਸੀਸਾਗਾ ਵਿੱਚ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਵਿਦਿਆਰਥੀਆਂ ਮੁਤਾਬਕ ਇਸ ਵਿੱਚ ਉਨ੍ਹਾਂ ਦਾ ਕੋਈ ਕਸੂਰ ਨਹੀਂ ਹੈ ਕਿਉਂਕਿ ਉਨ੍ਹਾਂ ਨਾਲ ਟਰੈਵਲ ਏਜੰਟ ਵੱਲੋਂ ਠੱਗੀ ਮਾਰੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: