ਲੁਧਿਆਣਾ : ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਗੈਰ-ਕਾਨੂੰਨੀ ਸ਼ਰਾਬ ਮਾਫੀਆ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਲੁਧਿਆਣਾ ਕਮਿਸ਼ਨਰੇਟ ਪੁਲਿਸ ਅਤੇ ਆਬਕਾਰੀ ਵਿਭਾਗ ਨੇ ਸਾਂਝੀ ਸਰਚ ਮੁਹਿੰਮ ਦੌਰਾਨ ਸਤਲੁਜ ਦਰਿਆ ਨੇੜੇ ਇੱਕ ਟਾਪੂ ‘ਤੇ ਛਾਪੇਮਾਰੀ ਕੀਤੀ ਅਤੇ ਲਗਭਗ 7000 ਲੀਟਰ ਲਾਹਣ ਨਸ਼ਟ ਕੀਤੀ। ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਇਸ ਇਲਾਕੇ ਵਿੱਚ ਸਾਂਝੇ ਅਪ੍ਰੇਸ਼ਨ ਦੌਰਾਨ ਡਰੋਨ ਤਾਇਨਾਤ ਕੀਤੇ ਗਏ ਹਨ ਤਾਂ ਜੋ ਨਿਗਰਾਨੀ ਦੇ ਨਜ਼ਰੀਏ ਤੋਂ ਵਧੀਆ ਨਤੀਜੇ ਹਾਸਲ ਕੀਤੇ ਜਾ ਸਕਣ।
ਭੁੱਲਰ ਨੇ ਅੱਗੇ ਦੱਸਿਆ ਕਿ ਦੋਵਾਂ ਟੀਮਾਂ ਵੱਲੋਂ ਪਿੰਡ ਭੋਲੇਵਾਲ ਜੱਦੀਦ, ਰਾਜਾਪੁਰ (ਲਾਧੂਵਾਲ) ਵਿਖੇ ਸਰਚ ਅਭਿਆਨ ਚਲਾਇਆ ਗਿਆ, ਜਿੱਥੇ 7000 ਲੀਟਰ ਦੇ ਕਰੀਬ ਲਾਹਣ ਬਰਾਮਦ ਕਰਕੇ ਨਸ਼ਟ ਕਰ ਦਿੱਤੀ ਗਈ। ਟੀਮ ਨੇ ਸ਼ਰਾਬ ਬਣਾਉਣ ਲਈ ਵਰਤੇ ਜਾਂਦੇ ਸਾਜੋ-ਸਾਮਾਨ ਨੂੰ ਵੀ ਜ਼ਬਤ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਰਚ ਮੁਹਿੰਮਾਂ ਰਾਹੀਂ ਇਸ ਗੈਰ-ਕਾਨੂੰਨੀ ਗਤੀਵਿਧੀ ਨੂੰ ਰੋਕਣ ਲਈ ਦੂਰ-ਦੁਰਾਡੇ ਦੇ ਦਰਿਆਈ ਖੇਤਰਾਂ ਵਿੱਚ ਹੋਰ ਕਾਰਵਾਈਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਕੁਤਾਹੀ ਵਿੱਚ ਸ਼ਾਮਲ ਪਾਏ ਜਾਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪੁਲਿਸ ਅਧਿਕਾਰੀਆਂ ਤੋਂ ਇਲਾਵਾ ਆਬਕਾਰੀ ਅਫ਼ਸਰ ਦੀਵਾਨ ਚੰਦ, ਇੰਸਪੈਕਟਰ ਹਰਜਿੰਦਰ ਸਿੰਘ, ਮਨਦੀਪ ਸਿੰਘ ਨੇ ਇਸ ਸਰਚ ਮੁਹਿੰਮ ਵਿੱਚ ਹਿੱਸਾ ਲਿਆ, ਜਿਸ ਵਿੱਚ ਦਰਿਆ ਕਿਨਾਰੇ ਦੇ ਕਰੀਬ ਛੇ ਕਿਲੋਮੀਟਰ ਦੇ ਇਲਾਕੇ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਭੁੱਲਰ ਨੇ ਸ਼ਹਿਰ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਕਿਉਂਕਿ ਆਉਣ ਵਾਲੀਆਂ ਚੋਣਾਂ ਦੌਰਾਨ ਸ਼ਾਂਤੀਪੂਰਨ ਮਾਹੌਲ ਨੂੰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਸਨ।
ਵੀਡੀਓ ਲਈ ਕਲਿੱਕ ਕਰੋ -:
Mix Vegetables Recipe | Mix Veg Restaurant Style Mix Veg | Shorts Video
ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਕਿਉਂਕਿ ਸੁਰੱਖਿਆ ਦੇ ਹੋਰ ਪੁਖ਼ਤਾ ਪ੍ਰਬੰਧਾਂ ਤੋਂ ਇਲਾਵਾ ਸ਼ਹਿਰ ਵਿੱਚ ਨੀਮ ਫ਼ੌਜੀ ਬਲਾਂ ਦੀਆਂ ਤਿੰਨ ਟੁਕੜੀਆਂ ਪਹਿਲਾਂ ਹੀ ਤਾਇਨਾਤ ਕੀਤੀਆਂ ਗਈਆਂ ਹਨ।