ਪੰਜਾਬ ਦੇ ਜ਼ਿਲ੍ਹਾ ਫ਼ਰੀਦਕੋਟ ਦੀ ਪੁਲਿਸ ਨੇ ਨਸ਼ਿਆਂ ਦੇ ਵੱਧ ਰਹੇ ਰੁਝਾਨ ਨੂੰ ਰੋਕਣ ਲਈ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਤਹਿਤ ਪਿਛਲੇ 24 ਘੰਟਿਆਂ ਦੌਰਾਨ ਵੱਖ-ਵੱਖ ਪੁਲਿਸ ਜ਼ਿਲ੍ਹੇ ਦੇ ਥਾਣਿਆਂ ਨੇ ਨਸ਼ਿਆਂ ਨਾਲ ਸਬੰਧਤ NDPS ਅਤੇ ਆਬਕਾਰੀ ਐਕਟ ਤਹਿਤ 5 ਕੇਸ ਦਰਜ ਕਰਕੇ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਮੁਲਜ਼ਮਾਂ ਦੇ ਕਬਜ਼ੇ ‘ਚੋਂ ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ, ਨਜਾਇਜ਼ ਸ਼ਰਾਬ ਅਤੇ ਲਾਹਣ ਬਰਾਮਦ ਕੀਤੀ ਗਈ ਹੈ।
ਥਾਣਾ ਸਦਰ ਕੋਟਕਪੂਰਾ ਵਿਖੇ ਦੋ ਵੱਖ-ਵੱਖ ਕੇਸ ਦਰਜ ਕੀਤੇ ਗਏ ਹਨ। ਇਨ੍ਹਾਂ ਵਿੱਚੋਂ ਇੱਕ ਵਿੱਚ ਮੁਲਜ਼ਮ ਮੇਜਰ ਸਿੰਘ ਕੋਲੋਂ 100 ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਅਤੇ ਮੁਲਜ਼ਮ ਗੁਰਪ੍ਰੀਤ ਕੌਰ ਕੋਲੋਂ 690 ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਤੀਜਾ ਮਾਮਲਾ ਥਾਣਾ ਸਿਟੀ ਕੋਟਕਪੂਰਾ ਵਿੱਚ ਦਰਜ ਕੀਤਾ ਗਿਆ, ਜਿਸ ਵਿੱਚ ਨਸ਼ਾ ਤਸਕਰ ਪ੍ਰਗਟ ਸਿੰਘ ਨੂੰ 20 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ।
ਇਹ ਵੀ ਪੜ੍ਹੋ : ਲੁਧਿਆਣਾ ‘ਚ 2 ਫਰਜ਼ੀ ਅਫਸਰ ਗ੍ਰਿਫਤਾਰ, ਲੋਨ ਦਿਵਾਉਣ ਦੇ ਬਹਾਨੇ ਠੱਗੇ 11.45 ਲੱਖ ਰੁਪਏ
ਚੌਥਾ ਮਾਮਲਾ ਥਾਣਾ ਸਦਰ ਫ਼ਰੀਦਕੋਟ ਵਿੱਚ ਦਰਜ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮ ਪ੍ਰਭਜੋਤ ਸਿੰਘ ਵਾਸੀ ਮਚਾਕੀ ਮੱਲ ਸਿੰਘ ਨੂੰ 32 ਬੋਤਲਾਂ ਸ਼ਰਾਬ ਮਾਰਕਾ ਜੁਗਨੀ, 100 ਲੀਟਰ ਲਾਹਣ ਅਤੇ 20 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। 5ਵੇਂ ਮਾਮਲੇ ‘ਚ ਥਾਣਾ ਜੈਤੋ ਦੀ ਪੁਲਿਸ ਨੇ ਸੋਨੂੰ ਅਤੇ ਸੁਮਿਤ ਨੂੰ 13 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ।
ਇਸ ਸਬੰਧੀ ਫ਼ਰੀਦਕੋਟ ਦੇ SSP ਹਰਜੀਤ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਨਾਜਾਇਜ਼ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਈ ਜਾ ਰਹੀ ਹੈ। ਗੈਰ-ਕਾਨੂੰਨੀ ਢੰਗ ਨਾਲ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ, ਤਾਂ ਜੋ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਇਆ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -: