ਚੰਡੀਗੜ੍ਹ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਨਿਰਵਿਘਨ ਬਿਜਲੀ ਸਪਲਾਈ ਬਹਾਲ ਕਰਨ ਦੇ ਮਕਸਦ ਨਾਲ ਇਸ ਸ਼ਨੀਵਾਰ ਅਤੇ ਐਤਵਾਰ ਨੂੰ ਆਪਣੇ ਸਾਰੇ ਸਟੋਰ ਦਫਤਰ ਖੁੱਲ੍ਹੇ ਰੱਖਣ ਦਾ ਫੈਸਲਾ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜਲਦੀ ਤੋਂ ਜਲਦੀ ਬਿਜਲੀ ਸਪਲਾਈ ਬਹਾਲ ਕਰਨ ਲਈ ਇਨ੍ਹਾਂ ਸਟੋਰਾਂ ਤੋਂ ਉਪਕਰਨਾਂ ਅਤੇ ਬੁਨਿਆਦੀ ਢਾਂਚੇ ਜਿਵੇਂ ਕਿ ਟਰਾਂਸਫਾਰਮਰਾਂ, ਖੰਭਿਆਂ ਅਤੇ ਕੇਬਲਾਂ ਆਦਿ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਇਹ ਫੈਸਲਾ ਲਿਆ ਗਿਆ ਹੈ।
ਬਿਜਲੀ ਮੰਤਰੀ ਨੇ ਅੱਗੇ ਦੱਸਿਆ ਕਿ ਰਾਜਪੁਰਾ, ਪਾਤੜਾਂ, ਰੋਪੜ, ਖੰਨਾ ਅਤੇ ਕਪੂਰਥਲਾ ਵਿਖੇ ਪਾਵਰਕਾਮ ਦੇ ਸਟੋਰਾਂ ਤੋਂ ਸਮੱਗਰੀ ਦੀ ਸਪਲਾਈ ਦੀ ਨਿਗਰਾਨੀ ਅਤੇ ਸਪਲਾਈ ਨੂੰ ਯਕੀਨੀ ਬਣਾਉਣ ਲਈ ਸੀਨੀਅਰ ਐਕਸੀਅਨ ਪੱਧਰ ਦੇ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਮੋਹਾਲੀ, ਰੋਪੜ ਅਤੇ ਖੰਨਾ ਦੇ ਆਊਟਲੈਟ ਸਟੋਰਾਂ ਵਿੱਚ ਵੰਡ ਦਫ਼ਤਰਾਂ ਅਤੇ ਸਟੋਰ ਦਫ਼ਤਰਾਂ ਨਾਲ ਤਾਲਮੇਲ ਕਰਕੇ ਮਾਲ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਇੱਕ ਸੁਪਰਡੈਂਟ ਇੰਜੀਨੀਅਰ ਦੀ ਡਿਊਟੀ ਲਗਾਈ ਗਈ ਹੈ।
ਇਹ ਵੀ ਪੜ੍ਹੋ : CM ਮਾਨ ਬੋਲੇ- ਰਾਤ ਤੱਕ ਘੱਟ ਜਾਊ 2 ਫੁੱਟ ਪਾਣੀ, ਮੇਰੇ 32 ਦੰਦ, ਹਮੇਸ਼ਾ ਸੱਚ ਹੀ ਨਿਕਲਦੈ’
ਬਿਜਲੀ ਮੰਤਰੀ ਨੇ ਕਿਹਾ ਕਿ ਪਾਣੀ ਦਾ ਪੱਧਰ ਹੇਠਾਂ ਆਉਂਦੇ ਹੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਿਜਲੀ ਸਪਲਾਈ ਤੁਰੰਤ ਬਹਾਲ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਐਮਈ ਮੀਟਰਿੰਗ ਲੈਬ ਵੇਰਕਾ, ਬਟਾਲਾ, ਗੁਰਦਾਸਪੁਰ, ਜਲੰਧਰ, ਹੁਸ਼ਿਆਰਪੁਰ, ਗੁਰਾਇਆ, ਮੰਡੀ ਗੋਬਿੰਦਗੜ੍ਹ, ਲੁਧਿਆਣਾ ਸੰਗਰੂਰ, ਪਟਿਆਲਾ, ਰੋਪੜ, ਮੋਗਾ, ਬਠਿੰਡਾ ਅਤੇ ਮੁਕਤਸਰ ਵੀ ਸ਼ਨੀਵਾਰ ਅਤੇ ਐਤਵਾਰ ਨੂੰ ਖੁੱਲ੍ਹੀਆਂ ਰਹਿਣਗੀਆਂ।
ਮੰਤਰੀ ਨੇ ਸੂਬੇ ਦੇ ਬਿਜਲੀ ਖਪਤਕਾਰਾਂ ਨੂੰ ਭਰੋਸਾ ਦਿੱਤਾ ਹੈ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਿਜਲੀ ਸਪਲਾਈ ਤੁਰੰਤ ਬਹਾਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: