ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਰੈਕਟਰ ਤੇ ਕੰਬਾਈਨ ਉਦਯੋਗ ਦਾ ਕਾਰੋਬਾਰ ਕਰ ਰਹੀ ਪ੍ਰੀਤ ਗਰੁੱਪ ਕੰਪਨੀ ਦੇ ਮੈਨੇਜਿੰਗ ਡਾਇਰੈਕਟਰ ਹਰੀ ਸਿੰਘ ਪ੍ਰੀਤ ਨੂੰ ਪਾਰਟੀ ਦੇ ਨਵੇਂ ਬਣੇ ਉਦਯੋਗ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ।
ਦੂਜੇ ਪਾਸੇ ਹਰੀ ਸਿੰਘ ਜੋ ਅੱਜਕੱਲ੍ਹ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਧੂਰੀ ਵਿਖੇ ਸੇਵਾਵਾਂ ਨਿਭਾ ਰਹੇ ਹਨ, ਨੇ ਵਧੇਰੇ ਰੁਝੇਵੇਂ ਹੋਣ ਕਾਰਨ ਵਿਧਾਨ ਸਭਾ ਹਲਕਾ ਧੂਰੀ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚੋਣ ਲੜਨ ਤੋਂ ਇਨਕਾਰ ਕੀਤਾ ਹੈ। ਦੱਸ ਦੇਈਏ ਕਿ 2017 ਵਿੱਚ ਹਰੀ ਸਿੰਘ ਹਲਾਕ ਧੂਰੀ ਤੋਂ ਵਿਧਾਨ ਸਭਾ ਦੀ ਚੋਣ ਅਕਾਲੀ ਦਲ ਵੱਲੋਂ ਲੜ ਚੁੱਕੇ ਹਨ।
ਇੱਥੇ ਇੱਕ ਬਿਆਨ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਪ੍ਰੀਤ ਨੂੰ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਸਰਕਾਰ ਦੀ ਆਉਣ ਵਾਲੀ ਉਦਯੋਗਿਕ ਨੀਤੀ ਬਣਾਉਣ ਲਈ ਉਦਯੋਗਪਤੀਆਂ ਤੋਂ ਫੀਡਬੈਕ ਲੈਣ ਦੀ ਜ਼ਿੰਮੇਵਾਰੀ ਸੌਂਪੀ ਹੈ। “ਪ੍ਰੀਤ ਉਦਯੋਗਪਤੀਆਂ ਨਾਲ ਮੀਟਿੰਗਾਂ ਵੀ ਕਰਨਗੇ ਤਾਂ ਜੋ ਉਨ੍ਹਾਂ ਨੂੰ ਦਰਪੇਸ਼ ਆਉਣ ਵਾਲੀਆਂ ਮੁਸ਼ਕਲਾਂ ਦਾ ਪਤਾ ਲਗਾਇਆ ਜਾ ਸਕੇ ਅਤੇ ਉਨ੍ਹਾਂ ਦੇ ਹੱਲ ਲਈ ਕਦਮ ਉਠਾਏ ਜਾ ਸਕਣ”।
ਇਹ ਵੀ ਪੜ੍ਹੋ : ਪੰਜਾਬ ਦੇ ਮੁੱਖ ਮੰਤਰੀ ਨੇ Olympics ‘ਚ ਗੋਲਡ ਜਿੱਤਣ ਵਾਲੇ ਨੀਰਜ ਚੋਪੜਾ ਲਈ ਕੀਤਾ ਵੱਡਾ ਐਲਾਨ
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਹਰੀ ਸਿੰਘ ਪ੍ਰੀਤ ਨੂੰ ਸਨਅਤੀ ਖੇਤਰ ਨੂੰ 5 ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ ਬਿਜਲੀ ਮੁਹੱਈਆ ਕਰਵਾਉਣ ਸਮੇਤ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਵੱਲੋਂ ਕੀਤੇ ਉਦਯੋਗਪਤੀ ਪੱਖੀ ਐਲਾਨਾਂ ਨੂੰ ਪ੍ਰਸਾਰਿਤ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਉਦਯੋਗ ਖੇਤਰ ਬਾਰੇ ਹੋਰ ਐਲਾਨ ਵੀ ਕਰੇਗਾ ਅਤੇ ਆਪਣੇ ਚੋਣ ਮੈਨੀਫੈਸਟੋ ਵਿੱਚ ਉਨ੍ਹਾਂ ਦੀਆਂ ਸਾਰੀਆਂ ਚਿੰਤਾਵਾਂ ਨੂੰ ਦੂਰ ਕਰੇਗਾ।