PSEB cancels 5th and 8th : ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ, ਜਿਸ ਕਰਕੇ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵੱਡਾ ਫੈਸਲਾ ਲੈਂਦੇ ਹੋਏ ਪੰਜਵੀਂ ਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਹੈ। ਪੰਜਵੀਂ ਕਲਾਸ ਦੀਆਂ ਪ੍ਰੀਖਿਆਵਾਂ ਵਿੱਚੋਂ ਦੋ ਹੋਣੀਆਂ ਬਾਕੀ ਸਨ, ਜਿਨ੍ਹਾਂ ਨੂੰ ਹੁਣ ਰੱਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ 22 ਮਾਰਚ ਨੂੰ ਅਠਵੀਂ ਕਲਾਸ ਦੀਆਂ ਪ੍ਰੀਖਿਆਵਾਂ ਹੋਣ ਵਾਲੀਆਂ ਸਨ। ਜਿਸ ਨੂੰ ਸਿੱਖਿਆ ਬੋਰਡ ਨੇ ਅਗਲੇ ਹੁਕਮਾਂ ਤੱਕ ਰੱਦ ਕਰ ਦਿੱਤਾ ਹੈ।
ਪੰਜਾਬ ‘ਚ ਕੋਰੋਨਾ ਦੀ ਤੀਜੀ ਲਹਿਰ ਸ਼ੁਰੂ ਹੋ ਗਈ ਹੈ, ਜਿਸ ਦੇ ਚੱਲਦਿਆਂ ਸਰਕਾਰ ਨੇ ਸਖਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਨਾਈਟ ਕਰਫਿਊ ਦਾ ਸਮਾਂ ਵਧਾ ਕੇ 9 ਤੋਂ 5 ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਮਾਸਕ ਨਾ ਪਹਿਨਣ ਵਾਲਿਆਂ ’ਤੇ ਵੀ ਸਰਕਾਰ ਨੇ ਸਖਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਹੁਣ ਮਾਸਕ ਨਾ ਪਹਿਨਣ ਵਾਲਿਆਂ ਦਾ ਮੌਕੇ ’ਤੇ ਕੋਰੋਨਾ ਟੈਸਟ ਕੀਤਾ ਜਾਵੇਗਾ। ਵਿਆਹ ਤੇ ਹੋਰ ਖੁਸ਼ੀ ਦੇ ਸਮਾਗਮਾਂ ਤੇ ਅਤੇ ਭੋਗ ਆਦਿ ’ਤੇ 20 ਲੋਕ ਹੀ ਜਾ ਸਕਣਗੇ। ਸਕੂਲਾਂ ਨੂੰ 31 ਮਾਰਚ ਤੱਕ ਬੰਦ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਪੰਜਾਬ ਵਿੱਚ ਕੋਰੋਨਾ ਦਾ ਕਹਿਰ ਮੁੜ ਵਧਣ ਲੱਗ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਕੋਰੋਨਾ ਦੇ 2490 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਸਭ ਤੋਂ ਵੱਧ ਮਾਮਲੇ ਹੁਸ਼ਿਆਰਪੁਰ ਤੋਂ 416 ਮਾਮਲੇ ਦਰਜ ਕੀਤੇ ਗਏ। ਉਥੇ ਹੀ ਅੱਜ ਕੋਰੋਨਾ ਨਾਲ 38 ਲੋਕਾਂ ਦੀ ਮੌਤ ਹੋਈ, ਜਦਕਿ ਅੱਜ 1339 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦੇ ਦਿੱਤੀ ਗਈ। ਦੱਸਣਯੋਗ ਹੈ ਕਿ ਅੱਜ ਸੂਬੇ ਅੰਮ੍ਰਿਤਸਰ, ਫਾਜ਼ਿਲਕਾ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਮੁਕਤਸਰ, ਪਟਿਆਲਾ, ਤਰਨਤਾਰਨ ਤੋਂ ਇੱਕ-ਇੱਕ, ਜਦਕਿ ਗੁਰਦਾਸਪੁਰ ਤੋਂ ਤਿੰਨ, ਹੁਸ਼ਆਰਪੁਰ ਤੋਂ 10, ਜਲੰਧਰ ਤੋਂ ਸੱਤ, ਕਪੂਰਥਲਾ ਤੋਂ 2, ਲੁਧਿਆਣਾ ਤੋਂ ਚਾਰ, ਨਵਾਂਸ਼ਿਰ ਤੋਂ 5 ਲੋਕਾਂ ਨੇ ਦਮ ਤੋੜਿਆ।