ਪੰਜਾਬ ਰੋਡਵੇਜ਼ /ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦੀ ਕਮੇਟੀ ਵੱਲੋ ਪੰਜਾਬ ਦੇ ਸਮੂਹ ਬੱਸ ਸਟੈਂਡ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਅੱਜ ਬੱਸ ਸਟੈਂਡ ਬੰਦ ਕਰਕੇ ਸਰਕਾਰ ਨੂੰ ਸਪੱਸ਼ਟ ਰੂਪ ‘ਚ ਆਪਣੇ ਅਗਲੇ ਸੰਘਰਸ਼ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਵੱਲੋਂ ਸਰਕਾਰੀ ਬੱਸਾਂ ਦੀ ਗਿਣਤੀ 10 ਹਜ਼ਾਰ ਕਰਕੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ।
ਯੂਨੀਅਨ ਨੇ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਅਤੇ ਉਹ 26 ਅਗਸਤ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਪਨਬਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜਮ ਪੱਕੇ ਕਰਨ ਸੰਬੰਧੀ ਕੋਈ ਫੈਸਲਾ ਨਾ ਲਿਆ ਗਿਆ ਤਾਂ ਮਿਤੀ 6 ਸਤੰਬਰ ਤੋਂ ਪਨਬਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਅਣਮਿੱਥੇ ਸਮੇਂ ਦੀ ਹੜਤਾਲ ‘ਤੇ ਬੈਠਣਗੇ। 7 ਤਰੀਕ ਨੂੰ ਪਟਿਆਲਾ ਵਿਖੇ ਮੋਤੀ ਮਹਿਲ ਬਾਹਰ ਪੱਕਾ ਧਰਨਾ ਲਗਾਇਆ ਜਾਵੇਗਾ।
ਇਸ ਹੜਤਾਲ ਦੌਰਾਨ ਮੁੱਖ ਮੰਤਰੀ ਪੰਜਾਬ ਦੀ ਰਹਾਇਸ਼ ਅੱਗੇ ਪੱਕਾ ਧਰਨਾ ਲਾਇਆ ਜਾਵੇਗਾ ਅਤੇ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਵਿਧਾਨ ਸਭਾ ਵੱਲ ਮਾਰਚ ਕਰਨਗੇ ਜੇਕਰ ਫਿਰ ਵੀ ਹੱਲ ਨਾ ਹੋਇਆ ਤਾਂ ਪਿੰਡਾਂ-ਸ਼ਹਿਰਾ ਵਿੱਚ ਰੋਸ ਮੁਜ਼ਾਹਰੇ ਕਰਕੇ ਲੋਕਾਂ ਨੂੰ ਨਾਲ ਜੋੜ ਕੇ ਸਰਕਾਰ ਦੇ ਮੰਤਰੀਆਂ-ਸੰਤਰੀਆਂ ਨੂੰ ਘਰੋਂ ਨਿਕਲਣਾ ਬੰਦ ਕਰਨ ਸਮੇਤ ਤਿੱਖੇ ਸੰਘਰਸ਼ ਕੀਤੇ ਜਾਣਗੇ। ਇਨ੍ਹਾਂ ਸੰਘਰਸ਼ਾਂ ਵਿੱਚ ਹੋਣ ਵਾਲੇ ਜਾਨੀ-ਮਾਲੀ ਨੁਕਸਾਨ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਹੋਵੇਗੀ ।
ਇਸ ਦੌਰਾਨ ਜਲੰਧਰ ਬੱਸ ਸਟੈਂਡ ਵਿਖੇ ਬੋਲਦਿਆਂ ਸੂਬਾ ਉਪ ਚੇਅਰਮੈਨ ਬਲਵਿੰਦਰ ਸਿੰਘ ਰਾਠ ਮੀਤ ਪ੍ਰਧਾਨ ਜਸਵੰਤ ਸਿੰਘ ਮੱਟੂ ਡਿਪੂ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਲਰ ਸੱਤਪਾਲ ਸਿੰਘ ਸੱਤਾਂ ਜਨਰਲ ਸਕੱਤਰ ਚਾਨਣ ਸਿੰਘ ਦਲਜੀਤ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਸਰਕਾਰੀ ਖਜ਼ਾਨੇ ਵਿਚੋਂ ਕੋਈ ਸਹੂਲਤ ਦੇਣ ਦੀ ਬਜਾਏ ਮੁਲਾਜ਼ਮਾਂ ‘ਤੇ ਵਿੱਤੀ ਬੋਝ ਪਾਇਆ ਜਾ ਰਿਹਾ ਹੈ। ਕੱਚੇ ਮੁਲਾਜ਼ਮਾਂ ਨੂੰ ਪੱਕਾ ਨਾ ਕਰਨ ਤੋਂ ਸਪੱਸ਼ਟ ਹੈ ਕਿ ਸਰਕਾਰ ਦੀ ਨੀਅਤ ਸਰਕਾਰੀ ਟਰਾਂਸਪੋਰਟ ਖਤਮ ਕਰਨ ਦੀ ਤਿਆਰੀ ਵਿੱਚ ਹੈ।
ਇਹ ਵੀ ਪੜ੍ਹੋ : ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੁਰਲੱਭ ਸਰੂਪਾਂ ਨੂੰ ਅਫਗਾਨਿਸਤਾਨ ਤੋਂ ਸੁਰੱਖਿਅਤ ਲਿਆਇਆ ਜਾਵੇ ਭਾਰਤ- ਬੀਬਾ ਬਾਦਲ ਦੀ ਕੇਂਦਰ ਸਰਕਾਰ ਨੂੰ ਅਪੀਲ
ਸਰਕਾਰੀ ਵਿਭਾਗ ਬਚਾਉਣ ਅਤੇ ਰੋਜ਼ਗਾਰ ਪੱਕਾ ਕਰਨ ਲਈ ਯੂਨੀਅਨ ਵੱਲੋਂ ਪਿਛਲੇ ਦਿਨੀਂ ਹੜਤਾਲਾਂ ਧਰਨੇ ਮੁਜ਼ਾਹਰੇ ਕੀਤੇ ਗਏ ਸਨ, ਟਰਾਂਸਪੋਰਟ ਮੰਤਰੀ ਪੰਜਾਬ ਵਲੋਂ ਯੂਨੀਅਨ ਨਾਲ ਮੀਟਿੰਗਾਂ ਕਰਕੇ ਸਾਰੇ ਆਊਟ ਸੋਰਸਿੰਗ ਅਤੇ ਕੰਟਰੈਕਟ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਕਿ ਪਹਿਲੀ ਕੈਬਨਿਟ ਮੀਟਿੰਗ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਕੇ ਸਰਕਾਰੀ ਬੱਸਾਂ ਪੂਰੀਆ ਕੀਤੀਆਂ ਜਾਣਗੀਆਂ ਪਰ ਵੱਲੋਂ ਕੁਝ ਨਹੀਂ ਕੀਤਾ ਗਿਆ। ਸਰਕਾਰ 10 ਸਾਲ ਵਾਲੇ ਮੁਲਾਜ਼ਮਾਂ ਨੂੰ ਪੱਕਾ ਕਰਕੇ ਆਪਣਾ ਪੱਲਾ ਝਾੜ ਰਹੀ ਹੈ ਜ਼ੋ ਯੂਨੀਅਨ ਨੂੰ ਬਿਲਕੁਲ ਮਨਜ਼ੂਰ ਨਹੀਂ ਹੈ । ਉਥੇ ਹੀ ਲੁਧਿਆਣਾ ਵਿੱਚ ਵੀ ਪਨਬਸ ਅਤੇ ਪੀਆਰਟੀਸੀ ਵੱਲੋ ਲੁਧਿਆਨਾ ਬੱਸ ਅੱਡੇ ਕੀਤੀ ਗਈ ਗੇਟ ਰੈਲੀ। ਪੰਜਾਬ ਸਰਕਾਰ ਵਿਰੁੱਧ ਖੂਬ ਨਾਅਰੇਬਾਜ਼ੀ ਕੀਤੀ ਗਈ।