Punjab Cabinet passes resolution : ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਖੇਤੀ ਕਾਨੂੰਨਾਂ ਸੰਬੰਧੀ ਸੁਪਰੀਮ ਕੋਰਟ ਦੇ ਫੈਸਲੇ ‘ਤੇ ਵਿਚਾਰ ਚਰਚਾ ਕਰਨ ਲਈ ਅੱਜ ਕੈਬਨਿਟ ਦੀ ਮੀਟਿੰਗ ਬੁਲਾਈ ਗਈ, ਜਿਸ ਵਿੱਚ ਖੇਤੀ ਕਾਨੂੰਨ ਵਾਪਿਸ ਲੈਣ ਦਾ ਮਤਾ ਪਾਸ ਕੀਤਾ ਗਿਆ। ਪੰਜਾਬ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਕਿ ਕੇਂਦਰ ਸਰਕਾਰ ਵੱਲੋਂ ਬਣਾਏ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਘੱਟ ਕੁਝ ਵੀ ਮਨਜ਼ੂਰ ਨਹੀਂ ਹੋਵੇਗਾ, ਇਸੇ ਕਦਮ ਨਾਲ ਹੀ ਇਸ ਸਮੱਸਿਆ ਦਾ ਹੱਲ ਹੋ ਸਕਦਾ ਹੈ।
ਕੈਬਨਿਟ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਜ਼ਮੀਨੀ ਹਕੀਕਤਾਂ ਤੋਂ ਕੋਹਾਂ ਦੂਰ ਹੈ। ਮੰਤਰੀ ਮੰਡਲ ਨੇ ਇਹ ਵੀ ਮੰਗ ਕੀਤੀ ਕਿ ਕੇਂਦਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਨੂੰ ਕਿਸਾਨਾਂ ਦਾ ਕਾਨੂੰਨੀ ਅਧਿਕਾਰ ਬਣਾਇਆ ਜਾਣਾ ਚਾਹੀਦਾ ਹੈ ਕਿਉਂਕਿ ਕਿਸਾਨ ਪੂਰੇ ਦੇਸ਼ ਦਾ ਢਿੱਡ ਭਰਦੇ ਹਨ ਪਰ ਇਸ ਦੇ ਬਾਵਜੂਦ ਬੀਤੇ ਕਈ ਦਿਨਾਂ ਤੋਂ ਆਪਣੀ ਉਪਜ ਦਾ ਬਹੁਤ ਹੀ ਘੱਟ ਮੁੱਲ ਮਿਲ ਰਿਹਾ ਹੈ। ਮੰਤਰੀ ਮੰਡਲ ਨੇ ਸੁਪਰੀਮ ਕੋਰਟ ਵੱਲੋਂ ਖੇਤੀ ਕਾਨੂੰਨਾਂ ‘ਤੇ ਰੋਕ ਲਾਉਣ ਦੇ ਹੁਕਮਾਂ ਦਾ ਸਵਾਗਤ ਕੀਤਾ ਜਿਸ ਵਿੱਚ ਪੰਜਾਬ ਦੇ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਮੰਨਿਆ ਗਿਆ ਜੋ ਕਿ ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਹਨ। ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਵਿੱਚ ਪਹਿਲਾਂ ਵੀ ਖੇਤੀ ਸੁਧਾਰ ਕਾਨੂੰਨਾਂ ਖਿਲਾਫ ਮਤਾ ਪਾਸ ਕੀਤੇ ਜਾ ਚੁੱਕੇ ਹਨ ਅਤੇ ਇਨ੍ਹਾਂ ਨੂੰ ਵਾਪਿਸ ਲੈਣ ਦੀ ਮੰਗ ਕੀਤੀ ਜਾ ਚੁੱਕੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਕਿਸਾਨਾਂ ਨਾਲ ਹੈ।
ਮੀਟਿੰਗ ਦੀ ਸ਼ੁਰੂਆਤ ‘ਚ ਕੈਬਨਿਟ ਨੇ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋ ਚੁੱਕੇ ਕਿਸਾਨਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ। ਦੱਸਣਯੋਗ ਹੈ ਕਿ ਇਸ ਕਿਸਾਨੀ ਸੰਘਰਸ਼ ਦੌਰਾਨ ਅਜੇ ਤੱਕ ਲੱਗਭੱਗ 78 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਕੈਬਨਿਟ ਨੇ ਇਹ ਵੀ ਕਿਹਾ ਕਿ ਇਸ ਸੰਘਰਸ਼ ਮੌਕੇ ਹੋਰ ਜਾਨੀ ਨੁਕਸਾਨ ਤੋਂ ਬਚਣ ਲਈ ਇਸ ਸਮੱਸਿਆ ਦਾ ਛੇਤੀ ਨਿਪਟਾਰਾ ਕੀਤੇ ਜਾਣ ਦੀ ਲੋੜ ਹੈ। ਕਿਸਾਨਾਂ ਅਤੇ ਭਾਰਤ ਸਰਕਾਰ ਵਿਚਾਲੇ ਇਸ ਸੰਬੰਧੀ ਅੱਠ ਦੌਰ ਦੀ ਗੱਲਬਾਤ ਹੋ ਚੁੱਕੀ ਹੈ ਪਰ ਇਹ ਬੇਸਿੱਟਾ ਹੀ ਰਹੀ ਹੈ। ਸੁਪਰੀਮ ਕੋਰਟ ਨੇ ਹੁਣ ਇਨ੍ਹਾਂ ਤਿੰਨ ਕਾਨੂੰਨਾਂ ‘ਤੇ ਫਿਲਹਾਲ ਰੋਕ ਲਗਾ ਦਿੱਤੀ ਹੈ ਅਤੇ ਇੱਕ ਕਮੇਟੀ ਬਣਾਉਣ ਲਈ ਕਿਹਾ ਹੈ ਜੋ ਅਦਾਲਤ ਨੂੰ ਇਸ ਸੰਬੰਧੀ ਰਿਪੋਰਟ ਸੌਂਪੇਗੀ।