Punjab Corona Cases today : ਪੰਜਾਬ ਵਿੱਚ ਕੋਰੋਨਾ ਦਾ ਕਹਿਰ ਮੁੜ ਵਧਣ ਲੱਗ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਕੋਰੋਨਾ ਦੇ 2490 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਸਭ ਤੋਂ ਵੱਧ ਮਾਮਲੇ ਹੁਸ਼ਿਆਰਪੁਰ ਤੋਂ 416 ਮਾਮਲੇ ਦਰਜ ਕੀਤੇ ਗਏ। ਉਥੇ ਹੀ ਅੱਜ ਕੋਰੋਨਾ ਨਾਲ 38 ਲੋਕਾਂ ਦੀ ਮੌਤ ਹੋਈ, ਜਦਕਿ ਅੱਜ 1339 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦੇ ਦਿੱਤੀ ਗਈ। ਦੱਸਣਯੋਗ ਹੈ ਕਿ ਅੱਜ ਸੂਬੇ ਅੰਮ੍ਰਿਤਸਰ, ਫਾਜ਼ਿਲਕਾ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਮੁਕਤਸਰ, ਪਟਿਆਲਾ, ਤਰਨਤਾਰਨ ਤੋਂ ਇੱਕ-ਇੱਕ, ਜਦਕਿ ਗੁਰਦਾਸਪੁਰ ਤੋਂ ਤਿੰਨ, ਹੁਸ਼ਆਰਪੁਰ ਤੋਂ 10, ਜਲੰਧਰ ਤੋਂ ਸੱਤ, ਕਪੂਰਥਲਾ ਤੋਂ 2, ਲੁਧਿਆਣਾ ਤੋਂ ਚਾਰ, ਨਵਾਂਸ਼ਿਰ ਤੋਂ 5 ਲੋਕਾਂ ਨੇ ਦਮ ਤੋੜਿਆ।
ਹੁਣ ਤੱਕ ਪੰਜਾਬ ਤੋਂ ਕੋਰੋਨਾ ਦੇ 207888 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 186187 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ 15459 ਮਾਮਲੇ ਅਜੇ ਵੀ ਐਕਟਿਵ ਹਨ। ਹੁਣ ਤੱਕ ਸੂਬੇ ਵਿੱਚ ਕੋਰੋਨਾ ਨਾਲ 6242 ਲੋਕ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ। ਦੱਸਣਯੋਗ ਹੈ ਕਿ ਪੰਜਾਬ ‘ਚ ਕੋਰੋਨਾ ਦੀ ਤੀਜੀ ਲਹਿਰ ਸ਼ੁਰੂ ਹੋ ਗਈ ਹੈ, ਜਿਸ ਦੇ ਚੱਲਦਿਆਂ ਸਰਕਾਰ ਨੇ ਸਖਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਨਾਈਟ ਕਰਫਿਊ ਦਾ ਸਮਾਂ ਵਧਾ ਕੇ 9 ਤੋਂ ਪੰਜ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਮਾਸਕ ਨਾ ਪਹਿਨਣ ਵਾਲਿਆਂ ’ਤੇ ਵੀ ਸਰਕਾਰ ਨੇ ਸਖਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਹੁਣ ਮਾਸਕ ਨਾ ਪਹਿਨਣ ਵਾਲਿਆਂ ਦਾ ਮੌਕੇ ’ਤੇ ਕੋਰੋਨਾ ਟੈਸਟ ਕੀਤਾ ਜਾਵੇਗਾ। ਵਿਆਹ ਤੇ ਹੋਰ ਖੁਸ਼ੀ ਦੇ ਸਮਾਗਮਾਂ ਤੇ ਅਤੇ ਭੋਗ ਆਦਿ ’ਤੇ 20 ਲੋਕ ਹੀ ਜਾ ਸਕਣਗੇ। ਸਕੂਲਾਂ ਨੂੰ 31 ਮਾਰਚ ਤੱਕ ਬੰਦ ਕਰ ਦਿੱਤਾ ਗਿਆ ਹੈ।