ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਹੜ੍ਹਾਂ ਕਾਰਨ ਪੈਦਾ ਹੋਈ ਔਖੀ ਘੜੀ ਵਿੱਚ ਆਪਣੇ ਲੋਕਾਂ ਨਾਲ ਖੜ੍ਹੀ ਹੈ ਅਤੇ ਸੂਬੇ ਦੇ ਲੋਕਾਂ ਦੇ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਦੇਣ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸਮੂਹ ਡਿਪਟੀ ਕਮਿਸ਼ਨਰਾਂ ਦੇ ਨਾਲ ਉੱਚ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਮੀਟਿੰਗ ਤੋਂ ਬਾਅਦ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ।
ਮੁੱਖ ਸਕੱਤਰ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ 15 ਅਗਸਤ ਤੱਕ ਵਿਸ਼ੇਸ਼ ਗਿਰਦਾਵਰੀ ਦੇ ਮੁੱਖ ਮੰਤਰੀ ਵੱਲੋਂ ਦਿੱਤੇ ਹੁਕਮਾਂ ਦੀ ਪਾਲਣਾ ਕਰਦਿਆਂ ਇਸ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਫੀਲਡ ਵਿੱਚ ਗਿਰਦਾਵਰੀ ਦਾ ਕੰਮ ਪੂਰੀ ਨਿਰਪੱਖਤਾ ਅਤੇ ਪਾਰਦਰਸ਼ਤਾ ਨਾਲ ਕੀਤਾ ਜਾਵੇ। ਡਿਪਟੀ ਕਮਿਸ਼ਨਰਾਂ ਨੂੰ ਇਹ ਵੀ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਗਿਰਦਾਵਰੀ ਦਾ ਕੰਮ ਮੌਕੇ ‘ਤੇ ਹੀ ਕੀਤਾ ਜਾਵੇ। ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਅਤੇ ਐਸ.ਡੀ.ਐਮਜ਼ ਨੂੰ ਨਿੱਜੀ ਤੌਰ ‘ਤੇ ਘਟਨਾ ਸਥਾਨ ਦਾ ਦੌਰਾ ਕਰਨ ਦੇ ਨਿਰਦੇਸ਼ ਵੀ ਦਿੱਤੇ।
ਇਸ ਤੋਂ ਇਲਾਵਾ ਜਾਨ-ਮਾਲ ਦੇ ਨੁਕਸਾਨ ਦਾ ਮੁਆਵਜ਼ਾ ਤੁਰੰਤ ਦਿੱਤਾ ਜਾਵੇ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਮੁਆਵਜ਼ੇ ਅਤੇ ਗਿਰਦਾਵਰੀ ਦੇ ਕੰਮ ਦੀ ਜ਼ਿਲ੍ਹਾਵਾਰ ਰਿਪੋਰਟ ਲੈਂਦੇ ਹੋਏ ਬਕਾਇਆ ਮੁਆਵਜ਼ੇ ਦੇ ਕੇਸਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਕਿਹਾ। ਅਨੁਰਾਗ ਵਰਮਾ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀ ਝੋਨੇ ਦੀ ਫ਼ਸਲ ਹੜ੍ਹਾਂ ਕਾਰਨ ਨੁਕਸਾਨੀ ਗਈ ਹੈ, ਉਨ੍ਹਾਂ ਨੂੰ ਸੂਬਾ ਸਰਕਾਰ ਵੱਲੋਂ ਮੁਫ਼ਤ ਝੋਨੇ ਦੇ ਬੂਟੇ ਦਿੱਤੇ ਜਾ ਰਹੇ ਹਨ।
ਇਹ ਵੀ ਪੜ੍ਹੋ : ਆਰਥਿਕ ਪੱਖੋਂ ਕਮਜ਼ੋਰ ਵਿਅਕਤੀਆਂ ਨੂੰ ਆਮਦਨ ਤੇ ਜਾਇਦਾਦ ਸਰਟੀਫਿਕੇਟ ਜਾਰੀ ਕਰਨ ਲਈ ਡੀਸੀ ਨੂੰ ਹਦਾਇਤਾਂ ਜਾਰੀ
ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਜਿੱਥੇ ਵੀ ਝੋਨੇ ਦੀ ਲਵਾਈ ਵਿੱਚ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਤੁਰੰਤ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨ। ਇਸ ਸਬੰਧੀ ਸਕੱਤਰ ਖੇਤੀਬਾੜੀ ਅਰਸ਼ਦੀਪ ਸਿੰਘ ਥਿੰਦ ਨੋਡਲ ਅਫਸਰ ਹਨ। ਉਨ੍ਹਾਂ ਸਮੂਹ ਜ਼ਿਲ੍ਹਿਆਂ ਨੂੰ ਗਿਰਦਾਵਰੀ, ਮੁਆਵਜ਼ੇ ਅਤੇ ਨੁਕਸਾਨ ਦੀ ਪ੍ਰਗਤੀ ਰਿਪੋਰਟ ਰੋਜ਼ਾਨਾ ਆਧਾਰ ‘ਤੇ ਮੁੱਖ ਦਫ਼ਤਰ ਨੂੰ ਭੇਜਣ ਲਈ ਕਿਹਾ।
ਵੀਡੀਓ ਲਈ ਕਲਿੱਕ ਕਰੋ -: