ਪੰਜਾਬ ਸੁਬਾਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ (PSSSB) ਨੇ ਆਬਕਾਰੀ ਅਤੇ ਕਰ ਇੰਸਪੈਕਟਰ ਦੀਆਂ ਅਸਾਮੀਆਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਸੂਬਾ ਸਰਕਾਰ ਵੱਲੋਂ ਆਬਕਾਰੀ ਅਤੇ ਕਰ ਇੰਸਪੈਕਟਰ ਦੀਆਂ 107 ਅਸਾਮੀਆਂ ਲਈ ਭਰਤੀ ਦਾ ਐਲਾਨ ਕੀਤਾ ਗਿਆ ਹੈ।
ਨੋਟੀਫਿਕੇਸ਼ਨ ਵਿਚ ਲਿਖਿਆ ਗਿਆ ਹੈ ਕਿ ਯੋਗ ਉਮੀਦਵਾਰ ਇਨ੍ਹਾਂ ਆਸਾਮੀਆਂ ‘ਤੇ ਭਰਤੀ ਲਈ 23 ਮਈ ਤੋਂ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੀ ਉਮਰ 18 ਤੋਂ 37 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਵਿਦਿਅਕ ਯੋਗਤਾ ਤਹਿਤ ਗ੍ਰੈਜੂਏਸ਼ਨ ਅਤੇ ਕੰਪਿਊਟਰ ਕੋਰਸ ਕੀਤਾ ਹੋਣਾ ਲਾਜ਼ਮੀ ਹੈ। ਇਨ੍ਹਾਂ ਆਸਾਮੀਆਂ ਲਈ ਉਮੀਦਵਾਰ ਸਿਰਫ ਆਨਲਾਈਨ ਹੀ ਫਾਰਮ ਭਰ ਸਕਦੇ ਹਨ।
ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਦੇਣ ਵਾਸਤੇ ਉਪਰਾਲੇ ਕੱਢੇ ਜਾ ਰਹੇ ਹਨ ਤੇ ਸਰਕਾਰੀ ਨੌਕਰੀਆਂ ਕੱਢੀਆਂ ਜਾ ਰਹੀਆਂ ਹਨ। ਚੋਣਾਂ ਵੇਲੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀ ਜਨਤਾ ਨਾਲ ਵਾਅਦਾ ਕੀਤਾ ਗਿਆ ਸੀ ਵੱਧ ਤੋਂ ਵੱਧ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਦਿਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਬਿਆਨ ਦਿੱਤਾ ਗਿਆ ਸੀ ਕਿ ਉਹ ਪੰਜਾਬ ਦੇ ਨੌਜਵਾਨਾਂ ਵਿਚ ਨਸ਼ੇ ਦੀ ਲੱਤ ਨੂੰ ਖਤਮ ਕਰਨ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ। ਉਹ ਨੌਜਵਾਨਾਂ ਨੂੰ ‘ਡਰੱਗ ਸਰਿੰਜਾਂ’ ਦੀ ਬਜਾਏ ਟਿਫਿਨ ਬਾਕਸ ਫੜਾਉਣਗੇ ਤਾਂ ਜੋ ਸੂਬਾ ਖੁਸ਼ਹਾਲੀ ਦੀ ਰਾਹ ‘ਤੇ ਚੱਲ ਸਕੇ।