Punjab Govt will review the : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੀਆਂ ਸਾਰੀਆਂ ਟਰਾਂਸਪੋਰਟ ਕੰਪਨੀਆਂ ਦੇ ਪਰਮਿਟ ਦੀ ਸਮੀਖਿਆ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਦੀ ਕੈਪਟਨ ਨੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਹਿਦਾਇਤਾਂ ਜਾਰੀ ਕੀਤੀਆਂ ਹਨ ਕਿ ਸਾਰੀਆਂ ਕੰਪਨੀਆਂ ਦੇ ਪਰਮਿਟ ਦਾ ਪੂਰਾ ਰਿਕਾਰਡ ਤੇ ਉਨ੍ਹਾਂ ਪਰਮਿਟਾਂ ‘ਤੇ ਚੱਲਣ ਵਾਲੀਆਂ ਬੱਸਾਂ ਦਾ ਪੂਰਾ ਰਿਕਾਰਡ ਉਨ੍ਹਾਂ ਕੋਲ ਪੇਸ਼ ਕੀਤਾ ਜਾਵੇ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇਸ ‘ਚ ਖਾਸ ਜ਼ਿਕਰ ਕੀਤਾ ਜਾਣਾ ਚਾਹੀਦਾ ਹੈ ਕਿ ਸੂਬੇ ਦੇ ਰਾਜਨੇਤਾਵਾਂ ਦੀਆਂ ਕਿਹੜੀਆਂ ਟਰਾਂਸਪੋਰਟ ਕੰਪਨੀਆਂ ਹਨ ਤੇ ਸੜਕਾਂ ‘ਤੇ ਕਿੰਨੀਆਂ ਬੱਸਾਂ ਚੱਲ ਰਹੀਆਂ ਹਨ।
ਟਰਾਂਸਪੋਰਟ ਵਿਭਾਗ ਵੱਲੋਂ ਪੂਰੀ ਰਿਪੋਰਟ ਤਿਆਰ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਖੁਦ ਇਸ ਦੀ ਸਮੀਖਿਆ ਕਰਨਗੇ। ਜ਼ਿਕਰਯੋਗ ਹੈ ਕਿ ਵਿਰੋਧੀ ਧਿਰਾਂ ਵੱਲੋਂ ਟਰਾਂਸਪੋਰਟ ਮਾਫੀਆ ਨੂੰ ਲੈ ਕੇ ਵੱਲੋਂ ਸਰਕਾਰ ਨੂੰ ਲਗਾਤਾਰ ਘੇਰਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਇੱਕ ਜਨਹਿੱਤ ਪਟੀਸ਼ਨ ‘ਤੇ ਹਾਈਕੋਰਟ ਨੇ ਟਰਾਂਸਪੋਰਟ ਮਾਫੀਆ ‘ਤੇ ਸਰਕਾਰ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ।
ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਵੀ ਇੱਕ ਪਰਮਿਟ ‘ਤੇ ਕਈ ਬੱਸਾਂ ਚੱਲਣ ਦਾ ਦੋਸ਼ ਲਗਾਇਆ ਜਾਂਦਾ ਰਿਹਾ ਹੈ। ਇਨ੍ਹਾਂ ਹੁਕਮਾਂ ਤੋਂ ਬਾਅਦ ਅਜਿਹੀਆਂ ਬੱਸਾਂ ਨੂੰ ਵੀ ਕੰਟਰੋਲ ਕੀਤਾ ਜਾਵੇਗਾ। ਪੰਜਾਬ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਮੈਂ ਇਸ ਤੋਂ ਪਹਿਲਾਂ ਵੀ ਕਈ ਵਾਰ ਮੁੱਖ ਮੰਤਰੀ ਨੂੰ ਜ਼ਿਕਰ ਕਰ ਚੁੱਕਾ ਹਾਂ ਕਿ ਟਰਾਂਸਪੋਰਟ ਮਾਫੀਆ ਕਾਰਨ ਜਨਤਾ ਪ੍ਰੇਸ਼ਾਨ ਹੈ। ਸਰਕਾਰੀ ਬੱਸਾਂ ਵੀ ਪ੍ਰੇਸ਼ਾਨ ਹਨ। ਹੁਣ ਜੇ ਮੁੱਖ ਮੰਤਰੀ ਨੇ ਸਮੀਖਿਆ ਕਰਨ ਦਾ ਫੈਸਲਾ ਕੀਤਾ ਹੈ ਤਾਂ ਇਹ ਚੰਗੀ ਗੱਲ ਹੈ।