ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਨੇ ਪਿਛਲੇ ਹਫ਼ਤੇ ਸੂਬੇ ਭਰ ਵਿੱਚੋਂ ਫਾਰਮਾ ਓਪੀਔਡਜ਼ ਦੀਆਂ 7.93 ਲੱਖ ਤੋਂ ਵੱਧ ਗੋਲੀਆਂ/ਕੈਪਸੂਲ/ਟੀਕੇ ਬਰਾਮਦ ਕੀਤੇ ਹਨ। 7.93 ਲੱਖ ਫਾਰਮਾ ਓਪੀਔਡਜ਼ ਵਿਚ 6.82 ਲੱਖ ਨਸ਼ੀਲੀਆਂ ਗੋਲੀਆਂ, 17169 ਨਸ਼ੀਲੇ ਟੀਕੇ, 85442 ਨਸ਼ੀਲੇ ਕੈਪਸੂਲ ਅਤੇ ਨਸ਼ੀਲੇ ਸ਼ਰਬਤ ਦੀਆਂ 8648 ਸ਼ੀਸ਼ੀਆਂ ਸ਼ਾਮਲ ਹਨ।
ਇੰਸਪੈਕਟਰ ਜਨਰਲ ਆਫ ਪੁਲਿਸ ਸੁਖਚੈਨ ਸਿੰਘ ਗਿੱਲ ਅੱਜ ਇੱਥੇ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਵੱਡੀ ਬਰਾਮਦਗੀ ਉਦੋਂ ਹੋਈ ਹੈ ਜਦੋਂ ਫਤਹਿਗੜ੍ਹ ਸਾਹਿਬ ਪੁਲਿਸ ਨੇ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲ੍ਹੇ ਵਿੱਚ ਇੱਕ ਗੈਰ-ਕਾਨੂੰਨੀ ਸਟੋਰੇਜ ਗੋਦਾਮ ਵਿੱਚ ਛਾਪੇਮਾਰੀ ਦੌਰਾਨ ਫਾਰਮਾ ਓਪੀਔਡਜ਼ ਦੀਆਂ 7 ਲੱਖ ਤੋਂ ਵੱਧ ਗੋਲੀਆਂ/ਕੈਪਸੂਲ/ਟੀਕੇ ਜ਼ਬਤ ਕਰਕੇ ਇੱਕ ਫਾਰਮਾਸਿਊਟੀਕਲ ਡਰੱਗ ਕਾਰਟੈਲ ਦਾ ਪਰਦਾਫਾਸ਼ ਕੀਤਾ ਸੀ।
IG ਸੁਖਚੈਨ ਗਿੱਲ ਨੇ ਕਿਹਾ ਕਿ ਪਿਛਲੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ, ਜਿਸ ਵਿੱਚ ਪੁਲਿਸ ਨੇ ਬੁਪ੍ਰੇਨੋਰਫਾਈਨ ਦੇ 175 ਟੀਕੇ ਅਤੇ ਐਵੀਲ ਦੀਆਂ 175 ਸ਼ੀਸ਼ੀਆਂ ਬਰਾਮਦ ਕਰਕੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਸੀ, ਜਿਸ ਨਾਲ ਮੁੱਖ ਸਪਲਾਇਰ ਨੂੰ ਫੜਨ ਵਿੱਚ ਫਤਹਿਗੜ੍ਹ ਸਾਹਿਬ ਪੁਲਿਸ ਨੂੰ ਮਦਦ ਮਿਲੀ ਸੀ।
ਨਸ਼ਿਆਂ ਬਾਰੇ ਹਫ਼ਤਾਵਾਰੀ ਅਪਡੇਟ ਦਿੰਦਿਆਂ ਆਈਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਪਿਛਲੇ ਇੱਕ ਹਫ਼ਤੇ ਦੌਰਾਨ ਸੂਬੇ ਭਰ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨਡੀਪੀਐਸ) ਐਕਟ ਅਧੀਨ 389 ਐਫਆਈਆਰਜ਼, ਜਿਨ੍ਹਾਂ ਵਿੱਚ 40 ਵਪਾਰਕ ਨਸ਼ਾ ਤਸਕਰੀ ਨਾਲ ਸਬੰਧਤ ਹਨ, ਦਰਜ ਕਰਕੇ 508 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਪੁਲਿਸ ਨੇ ਪਿਛਲੇ ਹਫ਼ਤੇ ਐਨਡੀਪੀਐਸ ਕੇਸਾਂ ਵਿੱਚ ਲੋੜੀਂਦੇ 31 ਭਗੌੜਿਆਂ ਅਤੇ ਦੋਸ਼ੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਨੇ ਵੱਡੀ ਮਾਤਰਾ ਵਿੱਚ ਫਾਰਮਾ ਓਪੀਔਡਜ਼ ਬਰਾਮਦ ਕਰਨ ਤੋਂ ਇਲਾਵਾ, ਸੂਬੇ ਭਰ ਦੇ ਸੰਵੇਦਨਸ਼ੀਲ ਰਸਤਿਆਂ ‘ਤੇ ਨਾਕੇ ਲਗਾ ਕੇ ਅਤੇ ਨਸ਼ਾ ਪ੍ਰਭਾਵਿਤ ਇਲਾਕਿਆਂ ‘ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ 8.37 ਕਿਲੋ ਹੈਰੋਇਨ, 32.28 ਕਿਲੋ ਅਫੀਮ, 53.2 ਕਿਲੋ ਗਾਂਜਾ ਅਤੇ 140 ਕੁਇੰਟਲ ਭੁੱਕੀ ਬਰਾਮਦ ਕਰਨ ਤੋਂ ਇਲਾਵਾ 11.73 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।
IG ਗਿੱਲ ਨੇ ਕਿਹਾ ਕਿ ਨਸ਼ਾ ਤਸਕਰੀ ਲਈ ਐਂਬੂਲੈਂਸ ਵਰਗੀਆਂ ਐਮਰਜੈਂਸੀ ਸੇਵਾਵਾਂ ਵਾਲੇ ਵਾਹਨਾਂ ਦੀ ਵਰਤੋਂ ਕਰਨਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਜ਼ਿਕਰਯੋਗ ਹੈ ਕਿ ਮੋਹਾਲੀ ਪੁਲਿਸ ਨੇ ਐਤਵਾਰ ਨੂੰ ਅੰਬਾਲਾ-ਚੰਡੀਗੜ੍ਹ ਹਾਈਵੇਅ ‘ਤੇ ਪਿੰਡ ਦੱਪਰ ਨੇੜੇ ਸਪੈਸ਼ਲ ਨਾਕਾਬੰਦੀ ਦੌਰਾਨ ਐਂਬੂਲੈਂਸ ‘ਚ ਪਏ ਨਕਲੀ ਮਰੀਜ਼ ਦੇ ਸਿਰ ਦੇ ਹੇਠਾਂ ਰੱਖੇ ਸਿਰਹਾਣੇ ‘ਚ ਛੁਪਾ ਕੇ ਰੱਖੀ 8 ਕਿਲੋ ਅਫੀਮ ਬਰਾਮਦ ਕਰਕੇ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਸੀ।
ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਮੱਦੇਨਜ਼ਰ, ਸਾਰੇ ਸੀਪੀਜ਼/ਐਸਐਸਪੀਜ਼ ਨੂੰ ਅਸਲ ਐਂਬੂਲੈਂਸਾਂ ਦੀ ਸੂਚੀ ਪ੍ਰਾਪਤ ਕਰਨ ਲਈ ਹਸਪਤਾਲਾਂ ਅਤੇ ਐਂਬੂਲੈਂਸ ਸੇਵਾਵਾਂ ਪ੍ਰਦਾਨ ਕਰਨ ਵਾਲੀਆਂ ਗੈਰ-ਸਰਕਾਰੀ ਸੰਸਥਾਵਾਂ ਨਾਲ ਮੀਟਿੰਗਾਂ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਮਰੀਜ਼ਾਂ ਨੂੰ ਸੁਰੱਖਿਅਤ ਰਸਤਾ ਮੁਹੱਈਆ ਕਰਵਾਇਆ ਜਾ ਸਕੇ ਅਤੇ ਗਲਤ ਕੰਮਾਂ ਲਈ ਐਮਰਜੈਂਸੀ ਸੇਵਾ ਵਾਹਨਾਂ ਦੀ ਵਰਤੋਂ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ‘ਤੇ ਕੜੀ ਨਜ਼ਰ ਰੱਖੀ ਜਾ ਸਕੇ।
ਇਹ ਵੀ ਪੜ੍ਹੋ : ਲੁਧਿਆਣਾ ਕੋਰਟ ਬੰਬ ਬਲਾਸਟ ਮਾਮਲੇ ‘ਚ STF ਨੂੰ ਮਿਲੀ ਵੱਡੀ ਸਫਲਤਾ, ਪਾਕਿਸਤਾਨ ਤੋਂ ਬੰਬ ਮੰਗਵਾਉਣ ਵਾਲਾ ਗ੍ਰਿਫਤਾਰ
ਇਸ ਦੌਰਾਨ, ਡੀਜੀਪੀ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤੀ ਨਾਲ ਹੁਕਮ ਦਿੱਤੇ ਹਨ ਕਿ ਉਹ ਸਾਰੇ ਚੋਟੀ ਦੇ ਨਸ਼ਾ ਤਸਕਰਾਂ ਅਤੇ ਉਨ੍ਹਾਂ ਦੇ ਅਧਿਕਾਰ ਖੇਤਰਾਂ ਵਿੱਚ ਨਸ਼ਾ ਤਸਕਰੀ ਲਈ ਬਦਨਾਮ ਹੌਟਸਪੌਟਸ ਦੀ ਸ਼ਨਾਖਤ ਕਰਕੇ ਨਸ਼ਾ ਤਸਕਰਾਂ ਦੇ ਦੁਆਲੇ ਨਕੇਲ ਕੱਸਣ ਅਤੇ ਨਸ਼ਾ ਵੇਚਣ/ਤਸਕਰੀ ਕਰਨ ਵਾਲੇ ਸਾਰੇ ਵਿਅਕਤੀਆਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰਨ। ਉਨ੍ਹਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਨ੍ਹਾਂ ਦੇ ਨਜਾਇਜ਼ ਪੈਸੇ ਨੂੰ ਬਰਾਮਦ ਕੀਤਾ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -: