ਪੰਜਾਬ ‘ਚ ਹੋਣ ਵਾਲੇ ਜੀ-20 ਪ੍ਰੋਗਰਾਮ ਦੇ ਮੱਦੇਨਜ਼ਰ ਸੂਬਾ ਪੁਲਿਸ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ‘ਚ ਲੱਗੀ ਹੋਈ ਹੈ। ਪੰਜਾਬ ਪੁਲਿਸ ਵੱਲੋਂ ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਸੁਰੱਖਿਆ ਪੱਖੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ, ਇਸ ਤਹਿਤ ਇੱਕ ਵਿਸ਼ੇਸ਼ ਆਪ੍ਰੇਸ਼ਨ ‘OPS ਸੀਲ-2’ ਚਲਾਇਆ ਗਿਆ। ਇਸ ਵਿੱਚ ਸਰਹੱਦੀ ਸੂਬੇ ਪੰਜਾਬ ਵਿੱਚ ਦਾਖਲ ਹੋਣ ਵਾਲੇ ਸਾਰੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ।
DGP ਪੰਜਾਬ ਗੌਰਵ ਯਾਦਵ ਦੀਆਂ ਹਦਾਇਤਾਂ ‘ਤੇ ਸੂਬੇ ਦੀਆਂ ਸਾਰੀਆਂ ਅੰਤਰਰਾਜੀ ਸਰਹੱਦਾਂ ‘ਤੇ ਇਹ ਅਪ੍ਰੇਸ਼ਨ ਚਲਾਇਆ ਗਿਆ। ਇਹ ਆਪ੍ਰੇਸ਼ਨ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਚਲਾਇਆ ਗਿਆ। ਸਾਰੇ ਸੀਨੀਅਰ ਪੁਲਿਸ ਸੁਪਰਡੈਂਟਾਂ (SSP’s) ਨੂੰ ਗਜ਼ਟਿਡ ਦੀ ਨਿਗਰਾਨੀ ਹੇਠ ਸੀਲਿੰਗ ਪੁਆਇੰਟਾਂ ‘ਤੇ ਮਜ਼ਬੂਤ ’ਨਾਕੇ’ ਲਗਾਉਣ ਲਈ ਨਿਰਦੇਸ਼ ਦਿੱਤੇ ਗਏ। ਇਸ ਮੁਹਿੰਮ ਨੂੰ ਸਫਲ ਬਣਾਉਣ ਲਈ 1500 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਕੰਮ ਕੀਤਾ। ਜਿਸ ਵਿੱਚ 10 ਜ਼ਿਲ੍ਹਿਆਂ ਦੇ ਸਾਰੇ ਐਂਟਰੀ/ਐਗਜ਼ਿਟ ਪੁਆਇੰਟਾਂ ‘ਤੇ DSP ਦੀ ਨਿਗਰਾਨੀ ਹੇਠ 112 ਮਜ਼ਬੂਤ ਨਾਕੇ ਬਣਾਏ ਗਏ ਸਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਪੁਲਿਸ ਡਾਇਰੈਕਟਰ ਜਨਰਲ (ADGP) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੂਬੇ ਵਿੱਚ ਦਾਖਲ ਹੋਣ ਵਾਲੇ 5669 ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ਵਿੱਚੋਂ 300 ਦੇ ਚਲਾਨ ਕੀਤੇ ਗਏ ਅਤੇ 39 ਨੂੰ ਜ਼ਬਤ ਕੀਤਾ ਗਿਆ। ਪੁਲਿਸ ਨੇ 21 FIR ਦਰਜ ਕਰਕੇ ਭਗੌੜਾ ਕਰਾਰ ਦਿੱਤਾ ਹੈ।
ਇਹ ਵੀ ਪੜ੍ਹੋ : ਖੁਸ਼ੀਆਂ ਬਦਲੀਆਂ ਮਾਤਮ ‘ਚ, ਵਿਆਹ ਤੋਂ ਇਕ ਦਿਨ ਪਹਿਲਾਂ ਦਿਲ ਦਾ ਦੌਰਾ ਪੈਣ ਨਾਲ ਲਾੜੇ ਦੀ ਮੌ.ਤ
ਇਸ ਤੋਂ ਇਲਾਵਾ ਟੀਮ ਨੇ 3 ਕਿਲੋ ਭੁੱਕੀ, 3.8 ਕਿਲੋ ਅਫੀਮ, 140 ਗ੍ਰਾਮ ਹੈਰੋਇਨ ਅਤੇ ਦੋ ਨਜਾਇਜ਼ ਹਥਿਆਰ ਬਰਾਮਦ ਕੀਤੇ ਹਨ। ਇਸ ਅਪ੍ਰੇਸ਼ਨ ਦਾ ਉਦੇਸ਼ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੀ ਹਰਕਤ ‘ਤੇ ਨਜ਼ਰ ਰੱਖਣ ਤੋਂ ਇਲਾਵਾ ਸੂਬੇ ‘ਚ ਗੈਰ-ਕਾਨੂੰਨੀ ਹਥਿਆਰਾਂ, ਗੋਲਾ ਬਾਰੂਦ, ਨਸ਼ੇ ਅਤੇ ਨਾਜਾਇਜ਼ ਸ਼ਰਾਬ ਦੀ ਆਮਦ ਨੂੰ ਰੋਕਣਾ ਸੀ।
ਵੀਡੀਓ ਲਈ ਕਲਿੱਕ ਕਰੋ -: