ਚੰਡੀਗੜ੍ਹ : ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੁਲਿਸ ਮੁਲਾਜ਼ਮਾਂ ਦੀ ਤਿਆਰੀ ਅਤੇ ਚੌਕਸੀ ਨੂੰ ਵੇਖਣ ਲਈ, ਪੰਜਾਬ ਪੁਲਿਸ ਨੇ ਸੋਮਵਾਰ ਨੂੰ ਸੂਬੇ ਭਰ ਵਿੱਚ ਦੰਗਾ ਕੰਟਰੋਲ ਲਈ ਮੌਕ ਡਰਿੱਲ ਅਭਿਆਸ ਕੀਤਾ।
ਇਹ ਅਭਿਆਸ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਕੀਤਾ ਗਿਆ ਸੀ।
ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਮੌਕ ਡਰਿੱਲ ਅਭਿਆਸ ਸੂਬੇ ਭਰ ਦੇ 28 ਪੁਲਿਸ ਜ਼ਿਲ੍ਹਿਆਂ ਦੀਆਂ ਸਾਰੀਆਂ ਪੁਲਿਸ ਲਾਈਨਾਂ ਵਿਖੇ ਸੀਪੀਜ਼/ਐਸਐਸਪੀਜ਼ ਦੀ ਨਿਗਰਾਨੀ ਹੇਠ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਵੀ ਮੌਕ ਡਰਿੱਲ ਅਭਿਆਸ ਦੇ ਹਿੱਸੇ ਵਜੋਂ ਆਪਣੀ ਨਿਗਰਾਨੀ ਹੇਠ ਵਜਰਾ ਅਤੇ ਵਾਟਰ ਕੈਨਨ ਦੀ ਵਰਤੋਂ ਕਰਨ ਲਈ ਕਿਹਾ ਗਿਆ ਸੀ।
ਉਨ੍ਹਾਂ ਕਿਹਾ ਕਿ ਮੌਕ ਡਰਿੱਲ ਦੌਰਾਨ ਲੋਕਾਂ ਨੂੰ ਪ੍ਰਦਰਸ਼ਨਕਾਰੀਆਂ ਅਤੇ ਦੰਗਾਕਾਰੀਆਂ ਵਜੋਂ ਕੰਮ ਕਰਨ ਲਈ ਬੁਲਾਇਆ ਗਿਆ ਅਤੇ ਪੁਲਿਸ ਮੁਲਾਜ਼ਮਾਂ ਨੇ ਭੀੜ ਨੂੰ ਕਾਬੂ ਕਰਨ ਲਈ ਆਪਣੇ ਪੇਸ਼ੇਵਰ ਹੁਨਰ ਦਾ ਪ੍ਰਦਰਸ਼ਨ ਕੀਤਾ। ਸਪੈਸ਼ਲ ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਵੀਡੀਓ ਲਈ ਕਲਿੱਕ ਕਰੋ -: