Punjab Police refiles : ਚੰਡੀਗੜ੍ਹ : ਮੁਲਤਾਨੀ ਲਾਪਤਾ ਮਾਮਲੇ ਵਿਚ ਸਾਬਕਾ ਡੀਜੀਪੀ ਸੁਮੇਧ ਸੈਣੀ ਖਿਲਾਫ ਇਸ ਸਮੇਂ ਪੰਜਾਬ ਪੁਲਿਸ ਸਾਰੇ ਜ਼ਰੂਰੀ ਸਬੂਤ ਜੁਟਾਉਣ ’ਚ ਲੱਗੀ ਹੋਈ ਹੈ, ਜਿਸ ਦੇ ਚੱਲਦਿਆਂ ਪੰਜਾਬ ਪੁਲਿਸ ਨੇ ਬੀਤੇ ਦਿਨ ਇਕ ਵਾਰ ਫਿਰ ਚੰਡੀਗੜ੍ਹ ਦੀ ਸਪੈਸ਼ਲ ਸੀਬੀਆਈ ਕੋਰਟ ਵਿਚ ਨਵੀਂ ਪਟੀਸ਼ਨ ਦਾਇਰ ਕੀਤੀ ਹੈ, ਪਟੀਸ਼ਨ ਰਾਹੀਂ ਸੀਬੀਆਈ ਤੋਂ 2007-08 ਵਿਚ ਕੀਤੀ ਗਈ ਮਾਮਲੇ ਦੀ ਜਾਂਚ ਨਾਲ ਜੁੜੇ ਦਸਤਾਵੇਜ਼ਾਂ ਦੀ ਮੰਗ ਕੀਤੀ ਹੈ। ਇਸ ’ਤੇ ਅਦਾਲਤ ਨੇ ਸੀਬੀਆਈ ਨੂੰ ਵੀਰਵਾਰ ਤੱਕ ਜਵਾਬ ਦੇਣ ਲਈ ਨੋਟਿਸ ਜਾਰੀ ਕਰ ਦਿੱਤਾ ਹੈ।
ਪਟਿਸ਼ਨ ਵਿਚ ਪੰਜਾਬ ਪੁਲਿਸ ਨੇ ਦਲੀਲ ਦਿੱਤੀ ਹੈ ਕਿ ਇਸੇ ਮਾਮਲੇ ਨਾਲ ਸਬੰਧਤ ਸਟੇਟਸ ਰਿਪੋਰਟ ਨੂੰ ਪੰਜਾਬ-ਹਰਿਆਣਾ ਹਾਈਕੋਰਟ ਦੇ ਹੁਕਮਾਂ ’ਤੇ ਸੀਬੀਆਈ ਨੂੰ ਸਾਲ 2016 ਵਿਚ ਵਾਪਸ ਕਰ ਦਿੱਤਾ ਗਿਆ ਸੀ। ਰਿਪੋਰਟ ਦੇ ਨਾਲ ਸੀਬੀਆਈ ਵੱਲੋਂ ਸਾਲ 2008 ਵਿਚ ਕੀਤੀ ਗਈ ਜਾਂਚ ਦੇ ਦਸਤਾਵੇਜ਼ ਵੀ ਸਨ। ਪੁਲਿਸ ਹੁਣ ਸੀਬੀਆਈ ਤੋਂ ਉਨ੍ਹਾਂ ਦਸਤਾਵੇਜ਼ਾਂ ਦੀ ਮੰਗ ਕਰ ਰਹੀ ਹੈ। ਇਸ ਤੋਂ ਪਹਿਲਾਂ ਵੀ ਪੁਲਿਸ ਨੇ ਪਟੀਸ਼ਨ ਦਾਇਰ ਕਰਕੇ ਦਸਤਾਵੇਜ਼ ਦੇਣ ਦੀ ਅਪੀਲ ਕੀਤੀ ਸੀ, ਪਰ ਉਦੋਂ ਸੀਬੀਆਈ ਨੇ ਕਿਹਾ ਕਿ ਅਜਿਹੇ ਸਾਰੇ ਦਸਤਾਵੇਜ਼ਾਂ ਨੂੰ ਨਸ਼ਟ ਕੀਤਾ ਜਾ ਚੁੱਕਾ ਹੈ।
ਦੱਸਣਯੋਗ ਹੈ ਕਿ 1990 ਵਿਚ ਜਦੋਂ ਸੁਮੇਧ ਸਿੰਘ ਸੈਣੀ ਚੰਡੀਗੜ੍ਹ ਦੇ ਐਸਐਸਪੀ ਸਨ ਤਾਂ ਉਨ੍ਹਾਂ ’ਤੇ ਅੱਤਵਾਦੀ ਹਮਲਾ ਹੋਇਆ ਸੀ, ਜਿਸ ਵਿਚ ਸੁਰੱਖਿਆ ’ਚ ਤਾਇਨਾਤ ਚਾਰ ਪੁਲਿਸ ਮੁਲਾਜ਼ਮ ਮਾਰੇ ਗਏ ਸਨ। ਉਸ ਮਾਮਲੇ ਵਿਚ ਸੈਣੀ ਵੱਲੋਂ ਆਈਏਐਸ ਅਫਸਰ ਦਰਸ਼ਨ ਸਿੰਘ ਮੁਲਤਾਨੀ ਦੇ ਪੁੱਤਰ ਬਲਵੰਤ ਸਿੰਘ ਮੁਲਤਾਨੀ ਨੂੰ ਗ੍ਰਿਫਤਾਰ ਕਰ ਲਿਆ ਸੀ। ਉਸ ਤੋਂ ਬਾਅਦ ਉਹ ਲਾਪਤਾ ਹੋ ਗਿਆ। ਉਸ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਸੀ ਕਿ ਬਲਵੰਤ ਦੀ ਪੁਲਿਸ ਦੇ ਟਾਰਚਰ ਨਾਲ ਮੌਤ ਹੋ ਗਈ। 2008 ਵਿਚ ਪੰਜਾਬ-ਹਰਿਆਣਾ ਹਾਈਕੋਰਟ ਦੀਆਂ ਹਿਦਾਇਤਾਂ ’ਤੇ ਚੰਡੀਗੜ੍ਹ ਸੀਬੀਆਈ ਨੇ ਇਸ ਮਾਮਲੇ ਵਿਚ ਪ੍ਰੀਮਿਲਨਰੀ ਇਨਕੁਆਰੀ ਸ਼ੁਰੂ ਕੀਤੀ, ਜਿਸ ਤੋਂ ਬਾਅਦ 2008 ਵਿਚ ਸੈਣੀ ਖਿਲਾਫ ਸੀਬੀਆਈ ਵੱਲੋਂ ਕੇਸ ਦਰਜ ਕੀਤਾ ਗਿਆ। ਹਾਲਾਂਕਿ ਬਾਅਦ ਵਿਚ ਸੁਪਰੀਮ ਕੋਰਟ ਨੇ ਟੈਕਨੀਕਲ ਗ੍ਰਾਊਂਡ ’ਤੇ ਇਸ ਐਫਆਈਆਰ ਨੂੰ ਖਾਰਿਜ ਕਰ ਦਿੱਤਾ ਸੀ, ਜਿਸ ਤੋਂ ਬਾਅਦ ਹੁਣ ਨਵੇਂ ਫੈਕਟਸ ਨਾਲ ਪੰਜਾਬ ਪੁਲਿਸ ਨੇ ਪਿਛਲੇ ਮਹੀਨੇ 7 ਮਈ ਨੂੰ ਸੈਣੀ ਖਿਲਾਫ ਆਈਪੀਸੀ ਦੀ ਧਾਰਾ 364 (ਅਗਵਾ ਤੇ ਹੱਤਿਆ ਲਈ ਅਗਵਾ), 201 (ਸਬੂਤ ਮਿਟਾਉਣ ਲਈ), 344 (ਗਲਤ ਤਰੀਕੇ ਤੋਂ ਜੇਲ), 330 ਅਤੇ 120ਬੀ (ਅਪਰਾਧਿਕ ਸਾਜ਼ਿਸ਼ ਰਚਣਾ) ਅਧੀਨ ਕੇਸ ਦਰਜ ਕੀਤਾ ਸੀ।