ਚੰਡੀਗੜ੍ਹ : ਸੂਬੇ ਦੇ ਇੱਕ ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਮੀਲ ਪੱਥਰ ਨੂੰ ਹਾਸਲ ਕਰਨ ਦੀ ਦਿਸ਼ਾ ਵਿੱਚ ਅੱਗੇ ਵਧਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਛੇਤੀ ਹੀ ਵੱਖ-ਵੱਖ ਅਸਾਮੀਆਂ ਭਰਨ ਲਈ ਇੱਕ ਹੋਰ ਵੱਡੀ ਭਰਤੀ ਮੁਹਿੰਮ ਸ਼ੁਰੂ ਕਰੇਗੀ।
ਇਸ ਦਾ ਖੁਲਾਸਾ ਕਰਦਿਆਂ, ਮੁੱਖ ਸਕੱਤਰ, ਸ਼੍ਰੀਮਤੀ ਵਿਨੀ ਮਹਾਜਨ ਨੇ ਕਿਹਾ ਕਿ ਰਾਜ ਦੇ ਰੁਜ਼ਗਾਰ ਯੋਜਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ ਲਈ ਸਾਰੇ ਪ੍ਰਬੰਧਕੀ ਵਿਭਾਗਾਂ ਨੂੰ ਖਾਲੀ ਸਿੱਧੀ ਕੋਟਾ ਅਸਾਮੀਆਂ ਨੂੰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਨਾਲ ਛੇਤੀ ਤੋਂ ਛੇਤੀ ਸਾਂਝਾ ਕਰਨਾ ਚਾਹੀਦਾ ਹੈ। ਪ੍ਰਸ਼ਾਸਕੀ ਸਕੱਤਰਾਂ ਨਾਲ ਰਾਜ ਰੁਜ਼ਗਾਰ ਯੋਜਨਾ ਦੀ ਸਮੀਖਿਆ ਕਰਨ ਲਈ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਸ਼੍ਰੀਮਤੀ ਮਹਾਜਨ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ-ਆਪਣੇ ਵਿਭਾਗਾਂ ਵਿੱਚ ਬਾਕੀ ਖਾਲੀ ਅਸਾਮੀਆਂ ਦੀ ਮੰਗ ਨੂੰ ਭੇਜਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਤਾਂ ਜੋ ਲੋਕਾਂ ਨੂੰ ਨਿਰਵਿਘਨ ਅਤੇ ਮੁਸ਼ਕਲ ਰਹਿਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।
ਇਹ ਵੀ ਪੜ੍ਹੋ : ਆਲ ਇੰਡੀਆ ਸਿਵਲ ਸਰਵਿਸਿਜ਼ ਵਾਲੀਬਾਲ ਟੂਰਨਾਮੈਂਟਾਂ ਲਈ ਚੋਣ ਟਰਾਇਲ ਮੋਹਾਲੀ ਵਿਖੇ 16 ਸਤੰਬਰ ਨੂੰ
ਰੋਜ਼ਗਾਰ ਉਤਪਤੀ ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ 34 ਪ੍ਰਸ਼ਾਸਕੀ ਵਿਭਾਗਾਂ ਨੇ ਪੰਜਾਬ ਸਰਕਾਰ ਦੀ ਭਰਤੀ ਯੋਜਨਾ ਦੇ ਦੂਜੇ ਪੜਾਅ ਲਈ 22,441 ਸਿੱਧੇ ਕੋਟੇ ਦੀਆਂ ਖਾਲੀ ਅਸਾਮੀਆਂ ਬਾਰੇ ਜਾਣਕਾਰੀ ਭੇਜ ਦਿੱਤੀ ਹੈ ਜੋ ਕਿ ਇਸ ਤੋਂ ਪਹਿਲਾਂ ਕੈਬਨਿਟ ਕਮੇਟੀ ਦੁਆਰਾ ਮਨਜ਼ੂਰ ਕੀਤੀਆਂ ਗਈਆਂ 61336 ਅਸਾਮੀਆਂ ਨਾਲੋਂ ਵੱਖਰੀਆਂ ਹਨ।
ਮੁੱਖ ਸਕੱਤਰ ਨੇ ਕਿਹਾ ਕਿ ਸੂਬਾ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ “ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ” ਤਹਿਤ ਮੰਤਰੀ ਮੰਡਲ ਨੇ 14 ਅਕਤੂਬਰ, 2020 ਨੂੰ 61,336 ਅਸਾਮੀਆਂ ਭਰਨ ਦੀ ਮਨਜ਼ੂਰੀ ਦੇਣ ਦੇ ਨਾਲ ਨਾਲ 1 ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਲਈ ਰਾਜ ਰੋਜ਼ਗਾਰ ਯੋਜਨਾ ਨੂੰ ਪ੍ਰਵਾਨਗੀ ਦਿੱਤੀ ਸੀ। ਇੱਕ ਸਾਲ ਤੋਂ ਵੀ ਘੱਟ ਸਮੇਂ ਵਿੱਚ, ਸੂਬਾ ਸਰਕਾਰ ਨੇ 7,848 ਯੋਗ ਉਮੀਦਵਾਰਾਂ ਨੂੰ ਭਰਤੀ ਕਰਨ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਵਿੱਚ 44,543 ਖਾਲੀ ਅਸਾਮੀਆਂ ਭਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਹੈ।
ਇਸ ਮੀਟਿੰਗ ਦੌਰਾਨ ਸਰਕਾਰ ਦੇ ਸਾਰੇ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਨੂੰ ਦਫ਼ਤਰਾਂ ਵਿੱਚ ਈ-ਆਫ਼ਿਸ ਦੇ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਆਦੇਸ਼ ਦਿੰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਈ-ਆਫ਼ਿਸ ਪ੍ਰਣਾਲੀ ਦੀ ਵਰਤੋਂ ਨਾਲ ਸਮੇਂ ਦੀ ਬੱਚਤ ਹੀ ਨਹੀਂ ਹੋਵੇਗੀ ਬਲਕਿ ਸਾਰੇ ਕੰਮ ਕਾਗਜ਼-ਰਹਿਤ ਤਰੀਕੇ ਨਾਲ ਪੂਰੇ ਕੀਤੇ ਜਾ ਸਕਣਗੇ।