ਬਠਿੰਡਾ ਵਿੱਚ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਦੇ ਯਤਨਾਂ ਸਦਕਾ ਹਰੇਕ ਖੇਤਰ ਦਾ ਵੱਡੇ ਪੱਧਰ ’ਤੇ ਵਿਕਾਸ ਕੀਤੇ ਜਾ ਰਹੇ ਹਨ, ਇਸ ਸਾਲ ਪੰਜਾਬ ਬੇਸ਼ਕੀਮਤੀ ‘ਕੋਹਿਨੂਰ’ ਹੀਰੇ ਵਾਂਗ ਚਮਕੇਗਾ।
ਅੱਜ ਇੱਥੇ ਸ਼ਹੀਦ ਭਗਤ ਸਿੰਘ ਸਪੋਰਟਸ ਸਟੇਡੀਅਮ ਵਿਖੇ ਗਣਤੰਤਰ ਦਿਵਸ ਮੌਕੇ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਨੂੰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸਰਕਾਰ ਦੀ ਮਦਦ ਤੇ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਾਡੇ ਮਹਾਨ ਸ਼ਹੀਦਾਂ ਤੇ ਕੌਮੀ ਨਾਇਕਾਂ ਵੱਲੋਂ ਹਰੇਕ ਲਈ ਬਰਾਬਰ ਮੌਕਿਆਂ ਵਾਲੇ ਸਮਾਜ ਦੇ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਬਠਿੰਡਾ ਸ਼ਹਿਰ ਦੀ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਸ਼ਹਿਰ ਦੇ ਬਾਹਰਵਾਰ ਅਤਿ-ਆਧੁਨਿਕ ਬੱਸ ਸਟੈਂਡ ਦਾ ਨਿਰਮਾਣ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਸ਼ਹਿਰ ਵਿੱਚ ਲੋਕਲ ਬੱਸ ਸੇਵਾ ਵੀ ਸ਼ੁਰੂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਬਠਿੰਡਾ ਵਿੱਚ 260 ਕਰੋੜ ਰੁਪਏ ਦੀ ਲਾਗਤ ਨਾਲ ਅਰਬਨ ਅਸਟੇਟ- ਫੇਜ਼ ਛੇ ਨੂੰ ਵੀ ਵਿਕਸਿਤ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਮਹਾਨ ਦੇਸ਼ ਭਗਤ ਕਿਸੇ ਨਾ ਕਿਸੇ ਰੂਪ ਵਿਚ ਅੰਗਰੇਜ਼ਾਂ ਦੇ ਜ਼ੁਲਮਾਂ ਦਾ ਸ਼ਿਕਾਰ ਹੋਏ ਜਾਂ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ, ਉਨ੍ਹਾਂ ਵਿੱਚੋਂ 90 ਫੀਸਦੀ ਤੋਂ ਵੱਧ ਪੰਜਾਬੀ ਸਨ। ਬਾਬਾ ਰਾਮ ਸਿੰਘ, ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਕਰਤਾਰ ਸਿੰਘ ਸਰਾਭਾ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਬਹੁਤ ਸਾਰੇ ਨਾਇਕਾਂ ਨੇ ਸਾਡੇ ਆਜ਼ਾਦੀ ਲੈ ਕੇ ਦੇਣ ਲਈ ਆਪਣਾ ਖੂਨ ਵਹਾਇਆ।
ਇਹ ਵੀ ਪੜ੍ਹੋ : ਚੰਡੀਗੜ੍ਹ ਪੁਲਿਸ ਦੇ SI ਰਸੀਲਾ ਬਣੇ ਪ੍ਰੇਰਨਾ ਸਰੋਤ, 40 ਸਾਲਾਂ ਤੋਂ ਖੂਨ ਦਾਨ ਦੇ ਨਾਲ-ਨਾਲ ਕਰ ਰਹੇ ਨੇ ਲਾਵਾਰਿਸ ਲਾਸ਼ਾਂ ਦਾ ਸਸਕਾਰ
ਸੀ.ਐੱਮ. ਮਾਨ ਨੇ ਕਿਹਾ ਕਿ “ਹੁਣ ਸਮਾਂ ਆ ਗਿਆ ਹੈ ਜਦੋਂ ਹਰ ਪੰਜਾਬੀ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਾਰਨ ਲਈ ਸੂਬਾ ਭਰ ਵਿੱਚ 16 ਨਵੇਂ ਮੈਡੀਕਲ ਕਾਲਜ ਸਥਾਪਤ ਕੀਤੇ ਜਾਣੇ ਹਨ। ਗਣਤੰਤਰ ਦਿਵਸ ਦੀ ਪਰੇਡ ਤੋਂ ਪੰਜਾਬ ਦੀ ਝਾਕੀ ਨੂੰ ਜਾਣਬੁੱਝ ਕੇ ਬਾਹਰ ਕੱਢਣ ਲਈ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਕੇਂਦਰ ਦੀ ਸੱਤਾਧਾਰੀ ਧਿਰ ਦੀ ਸੌੜੀ ਮਾਨਸਿਕਤਾ ਦਾ ਪਤਾ ਲਗਦਾ ਹੈ।
ਵੀਡੀਓ ਲਈ ਕਲਿੱਕ ਕਰੋ -: