Punjabi Singers Announce :ਦਿੱਲੀ ਦੀਆਂ ਸਰਹੱਦਾਂ ‘ਤੇ ਡੇਰਾ ਲਾਏ ਹੋਏ ਕਿਸਾਨਾਂ ਨੂੰ ਅੱਜ ਪੂਰੇ 135 ਦਿਨ ਹੋ ਗਏ ਹਨ ਪਰ ਅਜੇ ਤਕ ਸਰਕਾਰ ਵੱਲੋਂ ਉਨ੍ਹਾਂ ਦੀ ਸਮੱਸਿਆ ਦਾ ਕੋਈ ਹੱਲ ਨਹੀਂ ਕੱਢਿਆ ਗਿਆ। ਅੱਜ ਕਿਸਾਨਾਂ ਵੱਲੋਂ KMP ਵਿਖੇ ਵੀ 24 ਘੰਟਿਆਂ ਲਈ ਚੱਕਾ ਜਾਮ ਕੀਤਾ ਗਿਆ ਹੈ। ਹਰ ਵਰਗ ਵੱਲੋਂ ਕਿਸਾਨੀ ਅੰਦੋਲਨ ਨੂੰ ਸਮਰਥਨ ਮਿਲ ਰਿਹਾ ਹੈ। ਪੰਜਾਬੀ ਕਲਾਕਾਰਾਂ ਵੀ ਕਿਸਾਨਾਂ ਦੇ ਹੱਕਾਂ ਲਈ ਵਧ ਚੜ੍ਹ ਕੇ ਅੱਗੇ ਆ ਰਹੇ ਹਨ। ਅੱਜ ਚੰਡੀਗੜ੍ਹ ਵਿਖੇ ਕਲਾਕਾਰਾਂ ਦੀ ਪ੍ਰੈਸ ਵਾਰਤਾ ਹੋਈ। ਇਸ ਮੀਟਿੰਗ ਵਿਚ ਗਾਇਕ ਸਰਬਜੀਤ ਚੀਮਾ ਨੇ ਕਿਹਾ ਕਿ 13 ਅਪ੍ਰੈਲ ਨੂੰ ਅਸੀਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸਾਖੀ ਮੌਕੇ ਅਰਦਾਸ ਕਰਾਂਗੇ। ਕਿਸਾਨੀ ਸੰਘਰਸ਼ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਸ੍ਰੀ ਆਨੰਦਪੁਰ ਸਾਹਿਬ ਵਿਖੇ ਅਰਦਾਸ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਹ ਕਾਨੂੰਨ ਵਾਪਸ ਨਹੀਂ ਲਏ ਜਾਂਦੇ, ਉਹ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਰਹਿਣਗੇ।
ਪ੍ਰੈੱਸ ਵਾਰਤਾਂ ਦੌਰਾਨ ਵੱਖ-ਵੱਖ ਕਲਾਕਾਰਾਂ ਨੇ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ਬੋਲਦਿਆਂ ਸੋਨੀਆ ਮਾਨ ਨੇ ਕਿਹਾ ਕਿ ਦਿੱਲੀ ਬਾਰਡਰਾਂ ‘ਤੇ ਰਹਿਣਾ ਜਿਥੇ ਸਰਦੀਆਂ ਵਿਚ ਮੁਸ਼ਕਲ ਸੀ ਹੁਣ ਗਰਮੀ ਵਿੱਚ ਉਥੇ ਰਹਿਣਾ ਹੋਰ ਵੀ ਮੁਸ਼ਕਲ ਹੈ। ਬਿਜਲੀ ਦੀ ਕਾਫੀ ਮੁਸ਼ਕਲ ਤੇ ਉਥੇ ਮੱਛਰ ਵੀ ਬਹੁਤ ਹਨ। ਅੱਜ ਹੋ ਰਹੇ ਚੱਕਾ ਜਾਮ ਵਿੱਚ ਕਿਸਾਨਾਂ ਵੱਲੋਂ ਸ਼ਾਂਤੀਪੂਰਨ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰਨ ਦਾ ਫੈਸਲਾ ਲਿਆ ਗਿਆ ਹੈ। ਭਾਰੀ ਸੁਰੱਖਿਆ ਬਲ ਤਾਇਨਾਤ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਿਆ ਜਾ ਸਕੇ। ਕਿਸਾਨ ਸੰਗਠਨਾਂ ਦਾ ਕਹਿਣਾ ਹੈ ਕਿ ਚੱਕਾ ਜਾਮ ‘ਚ ਐਂਬੂਲੈਂਸ, ਵਿਆਹ ਵਾਹਨ, ਜ਼ਰੂਰੀ ਵਸਤੂਆਂ ਦੇ ਵਾਹਨਾਂ ਨੂੰ ਛੋਟ ਦਿੱਤੀ ਜਾਵੇਗੀ।