ਭਾਜਪਾ ਲੁਧਿਆਣਾ ਦੇ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਸਿੱਧੂ ਦੇ ਬੀਤੀ ਰਾਤ ਕਰੀਬ ਸਾਢੇ ਨੌਂ ਵਜੇ ਮਾਲੇਰਕੋਟਲਾ ਅਹਿਮਦਗੜ੍ਹ ਦੇ ਵਿਚਕਾਰ ਸੜਕ ‘ਤੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।
ਇਸ ਪਿੱਛੋਂ ਭਾਜਪਾ ਲੁਧਿਆਣਾ ਦੇ ਜ਼ਿਲ੍ਹਾ ਪ੍ਰਧਾਨ ਪੁਸ਼ਪੇਂਦਰ ਸਿੰਗਲ ਨੇ ਸੀ.ਐੱਮ. ਚੰਨੀ ਵਾਲੀ ਪੰਜਾਬ ਸਰਕਾਰ ‘ਤੇ ਵੱਡਾ ਹਮਲਾ ਬੋਲਿਆ। ਸਿੰਗਲ ਨੇ ਕਿਹਾ ਕਿ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਹਰ ਰੋਜ਼ ਕਤਲ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਵੱਧ ਰਹੇ ਅਪਰਾਧ ਲਈ ਕਾਂਗਰਸ ਸਰਕਾਰ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲੁੱਟ-ਖੋਹ ਦੀਆਂ ਘਟਨਾਵਾਂ ਵਿੱਚ ਦਿਨੋ-ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਜਲੰਧਰ ਵਿੱਚ ਬੈਂਕ ਡਕੈਤੀ, ਉਸ ਤੋਂ ਬਾਅਦ ਲੁਧਿਆਣਾ ਵਿੱਚ ਬੰਬ ਧਮਾਕਾ ਹੋਇਆ ਅਤੇ ਹੁਣ ਭਾਜਪਾ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਸਿੱਧੂ ’ਤੇ ਬੇਰਹਿਮੀ ਨਾਲ ਹਮਲਾ ਕੀਤਾ ਗਿਆ। ਇਨ੍ਹਾਂ ਸਾਰੀਆਂ ਘਟਨਾਵਾਂ ਨਾਲ ਸਾਫ ਹੈ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿਗੜ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਪੁਸ਼ਪੇਂਦਰ ਸਿੰਗਲ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਧਿਆਨ ਸਿਆਸੀ ਰੰਜਿਸ਼ਾਂ, ਲਾਅ ਐਂਡ ਆਰਡਰ, ਰਾਮ ਭਰੋਸੇ ਵੱਲ ਜ਼ਿਆਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਗ੍ਰਹਿ ਮੰਤਰੀ ਰੰਧਾਵਾ ਅਤੇ ਮੁੱਖ ਮੰਤਰੀ ਚੰਨੀ ਆਪਣੇ ਸਰਹੱਦੀ ਸੂਬੇ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੂੰ ਸੁਧਾਰਨ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋ ਰਹੇ ਹਨ ਅਤੇ ਸੂਬੇ ਦੀ ਅੰਦਰੂਨੀ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣਾ ਉਨ੍ਹਾਂ ਦੀ ਮੁੱਢਲੀ ਜ਼ਿੰਮੇਵਾਰੀ ਹੈ, ਜਿਸ ਨੂੰ ਉਹ ਨਿਭਾਉਣ ਵਿੱਚ ਨਾਕਾਮ ਰਹੇ ਹਨ।